ਬੰਦੀ ਸਿੱਖ : ਕੌਣ ਹਨ ਉਹ ਸਿੱਖ ਕੈਦੀ ਜਿੰਨ੍ਹਾਂ ਦੀ ਰਿਹਾਈ ਦੀ ਵਾਰ -ਵਾਰ ਉੱਠਦੀ ਹੈ ਮੰਗ

08/11/2022 1:00:35 PM

"ਬੰਦੀ ਸਿੱਖ, ਸਿੱਖ ਕੌਮ ਵਾਸਤੇ ਅਤੇ ਸਿੱਖਾਂ ਦੇ ਖ਼ਿਲਾਫ਼ ਗਤੀਵਿਧੀਆਂ ਖ਼ਿਲਾਫ਼ ਖੜ੍ਹੇ ਹੋਣ ਵਾਲੇ ਆਮ ਘਰਾਂ ਦੇ ਨੌਜਵਾਨ ਸਨ, ਜਿਨ੍ਹਾਂ ਦਾ ਅਪਰਾਧੀ ਪਿਛੋਕੜ ਨਹੀਂ ਸੀ।"

"ਇਹ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਕਈ ਆਪਣੀਆਂ ਸਜ਼ਾਵਾਂ ਪੂਰੀ ਕਰ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਨੂੰ ਕਦੇ ਪੈਰੋਲ ਵੀ ਨਹੀਂ ਮਿਲੀ।"

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਬਣਾਈ ਗਈ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਨੇ ਦੱਸਿਆ ਕਿ ਕਮੇਟੀ ਕਿਨ੍ਹਾਂ ਸਿੱਖ ਕੈਦੀਆਂ ਨੂੰ ਬੰਦੀ ਸਿੱਖ ਮੰਨਦੀ ਹੈ।

ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਪਿਛਲੇ ਕੁਝ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਭਾਵੇਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਜਾਣਾ ਹੋਵੇ ਜਾਂ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖਾਂ ਬਾਰੇ ਬਣਾਈ ਗਈ ਕਮੇਟੀ।

ਇਹ ਮਸਲੇ ਬਾਰੇ ਸਿੱਖ ਜਥੇਬੰਦੀਆਂ ਰਿਹਾਈ ਮਾਰਚ ਵੀ ਕਰਦੀਆਂ ਰਹੀਆਂ ਹਨ ਅਤੇ ਸੱਤਾਧਾਰੀ ਪਾਰਟੀਆਂ ਤੱਕ ਪਹੁੰਚ ਵੀ ਕਰਦੀਆਂ ਰਹੀਆਂ ਹਨ।

2019 ਵਿਚ ਤਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਮੌਕੇ ਕੁਝ ਨੂੰ ਰਿਹਾਅ ਕਰਨ ਦਾ ਵੀ ਐਲਾਨ ਕੀਤਾ ਸੀ। ਪਰ ਹੋਇਆ ਕੁਝ ਨਹੀਂ।

ਬੰਦੀ ਸਿੱਖ ਜਿਨ੍ਹਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਹੈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਦੇ ਬਾਹਰ ਲਗਾਏ ਪੋਸਟਰਾਂ ਵਿੱਚ 9 ਬੰਦੀ ਸਿੱਖਾਂ ਦਾ ਜ਼ਿਕਰ ਹੈ।

ਦਵਿੰਦਰਪਾਲ ਸਿੰਘ ਭੁੱਲਰ-ਦਿੱਲੀ ਵਿਖੇ ਕਾਂਗਰਸ ਦੇ ਦਫ਼ਤਰ ਦੇ ਬਾਹਰ ਹੋਏ ਧਮਾਕੇ ਵਿੱਚ ਉਨ੍ਹਾਂ ਨੂੰ ਨੂੰ ਦੋਸ਼ੀ ਪਾਇਆ ਗਿਆ ਤੇ ਵਿਸ਼ੇਸ਼ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।ਉਹ ਪਿਛਲੇ 26 ਸਾਲ ਤੋਂ ਜੇਲ੍ਹ ਵਿੱਚ ਹਨ।

ਗੁਰਮੀਤ ਸਿੰਘ ਖੇੜਾ-1990 ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਜੇਲ੍ਹ ਵਿੱਚ ਤਕਰੀਬਨ 31 ਸਾਲ ਹੋ ਗਏ ਹਨ। ਉਨ੍ਹਾਂ ਨੂੰ ਕਰਨਾਟਕ ਤੇ ਨਵੀਂ ਦਿੱਲੀ ਵਿੱਚ ਬੰਬ ਧਮਾਕਿਆਂ ਦੇ ਇਲਜ਼ਾਮਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਟਾਡਾ ਕੋਰਟ ਵੱਲੋਂ ਉਨ੍ਹਾਂ ਨੂੰ ਦੂਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਦਿੱਲੀ ਸਰਕਾਰ ਵੱਲੋਂ ਉਨ੍ਹਾਂ ਨੂੰ 2011 ਵਿੱਚ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਕਰਨਾਟਕ ਬੰਬ ਧਮਾਕੇ ਕੇਸ ਵਿੱਚ ਉਹ ਹੁਣ ਵੀ ਜੇਲ੍ਹ ''''ਚ ਹਨ। 2015 ਵਿੱਚ ਉਨ੍ਹਾਂ ਨੂੰ ਅੰਮ੍ਰਿਤਸਰ ਜੇਲ੍ਹ ਵਿਖੇ ਭੇਜ ਦਿੱਤਾ ਗਿਆ।

ਬਲਵੰਤ ਸਿੰਘ ਰਾਜੋਆਣਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿਚ ਉਹ 1995 ਤੋਂ ਜੇਲ੍ਹ ਵਿੱਚ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਸੀ।

ਜਗਤਾਰ ਸਿੰਘ ਹਵਾਰਾ ਉੱਪਰ ਵੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਅਧੀਨ ਜੇਲ੍ਹ ਵਿੱਚ ਹਨ।

1995-2003 ਤੱਕ ਬੁੜੈਲ ਜੇਲ੍ਹ ਵਿੱਚ ਸਨ ਅਤੇ ਉਸ ਤੋਂ ਬਾਅਦ ਜੇਲ੍ਹ ਤੋੜ ਕੇ ਫ਼ਰਾਰ ਹੋਏ ਸਨ।

2005 ਵਿੱਚ ਦੁਬਾਰਾ ਗ੍ਰਿਫਤਾਰ ਕੀਤਾ ਗਿਆ ਅਤੇ ਹੁਣ ਉਹ ਤਿਹਾੜ ਜੇਲ੍ਹ ਵਿੱਚ ਹਨ। ਉਨ੍ਹਾਂ ਨੂੰ ਜੇਲ੍ਹ ਵਿੱਚ 25 ਇਸ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ।

ਜਗਤਾਰ ਸਿੰਘ ਤਾਰਾ ਵੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਅਧੀਨ 15 ਸਾਲਾਂ ਤੋਂ ਵੱਧ ਸਮੇਂ ਤੋਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ''''ਚ ਰਹੇ ਹਨ।

ਲਖਵਿੰਦਰ ਸਿੰਘ ਲੱਖਾ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਹੀ 1995 ਤੋਂ ਜੇਲ੍ਹ ਵਿੱਚ ਬੰਦ ਲਖਵਿੰਦਰ ਸਿੰਘ ਲੱਖਾ ਬੁੜੈਲ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ।

ਗੁਰਮੀਤ ਸਿੰਘ- ਲਖਵਿੰਦਰ ਸਿੰਘ ਲੱਖਾ ਵਾਂਗ ਪਟਿਆਲਾ ਦੇ ਵਸਨੀਕ ਗੁਰਮੀਤ ਸਿੰਘ ਬੇਅੰਤ ਸਿੰਘ ਕੇਸ ਵਿੱਚ 1995 ਤੋਂ ਬੁੜੈਲ ਜੇਲ੍ਹ ਵਿੱਚ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੈ।

ਸ਼ਮਸ਼ੇਰ ਸਿੰਘ- ਬੇਅੰਤ ਸਿੰਘ ਕਤਲ ਕੇਸ ਵਿੱਚ ਹੀ ਸਜ਼ਾ ਕੱਟ ਰਹੇ ਸਮਸ਼ੇਰ ਸਿੰਘ 1995 ਤੋਂ ਬੁੜੈਲ ਜੇਲ੍ਹ ਵਿੱਚ ਹਨ।

ਪਰਮਜੀਤ ਸਿੰਘ ਭਿਓਰਾ- ਰੋਪੜ ਦੇ ਪਿੰਡ ਭਿਓਰਾ ਨਾਲ ਸੰਬੰਧਿਤ ਪਰਮਜੀਤ ਸਿੰਘ ਭਿਓਰਾ ਵੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਬੁੜੈਲ ਜੇਲ੍ਹ ਵਿੱਚ ਹਨ।

1997 -2004 ਤੋਂ ਬੁੜੈਲ ਜੇਲ੍ਹ ਵਿੱਚ ਰਹੇ ਅਤੇ ਉਸ ਤੋਂ ਬਾਅਦ ਜੇਲ੍ਹ ਤੋੜ ਕੇ ਫਰਾਰ ਹੋ ਗਏ। 2006 ਵਿੱਚ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਇਸ ਤੋਂ ਬਾਅਦ ਹੁਣ ਤੱਕ ਉਹ ਬੁੜੈਲ ਜੇਲ੍ਹ ਵਿੱਚ ਹਨ।

2019 ਵਿੱਚ ਭਾਰਤ ਸਰਕਾਰ ਵੱਲੋਂ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ''''ਤੇ ਅੱਠ ਸਿੱਖ ਕੈਦੀਆਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਸੀ।

BBC

BBC

ਇਨ੍ਹਾਂ 8 ਕੈਦੀਆਂ ਵਿੱਚ ਲਾਲ ਸਿੰਘ,ਦਵਿੰਦਰਪਾਲ ਸਿੰਘ ਭੁੱਲਰ,ਸੁਭੇਗ ਸਿੰਘ,ਨੰਦ ਸਿੰਘ,ਹਰਜਿੰਦਰ ਸਿੰਘ,ਵਰਿਆਮ ਸਿੰਘ,ਗੁਰਮੀਤ ਸਿੰਘ ਖੇੜਾ ਅਤੇ ਬਲਬੀਰ ਸਿੰਘ ਦਾ ਨਾਮ ਸ਼ਾਮਿਲ ਸੀ।

ਭਾਰਤ ਸਰਕਾਰ ਵੱਲੋਂ ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ ਤੋਂ ਬਾਅਦ ਰਿਹਾਅ ਕੀਤਾ ਗਿਆ ਹੈ ਉਨ੍ਹਾਂ ਵਿੱਚ ਨੰਦ ਸਿੰਘ, ਸੁਬੇਗ ਸਿੰਘ,ਬਲਬੀਰ ਸਿੰਘ,ਹਰਜਿੰਦਰ ਸਿੰਘ ਅਤੇ ਲਾਲ ਸਿੰਘ ਸ਼ਾਮਲ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਨੇ ਚੁੱਕਿਆ ਮੁੱਦਾ

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਬਿਆਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11ਮਈ,2022 ਨੂੰ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਹਨ।

  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
  • ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ
  • ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ
  • ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ
  • ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ
  • ਸਿੱਖ ਪ੍ਰਚਾਰਕ ਬਲਜੀਤ ਸਿੰਘ ਦਾਦੂਵਾਲ
BBC

ਵਾਰ ਵਾਰ ਚੁੱਕਿਆ ਗਿਆ ਬੰਦੀ ਸਿੱਖਾਂ ਦਾ ਮੁੱਦਾ

  • ਬੰਦੀ ਸਿੱਖਾਂ ਦੀ ਰਿਹਾਈ ਲਈ ਕਈ ਵਾਰ ਸਿੱਖ ਆਗੂਆਂ ਨੇ ਮਰਨ ਵਰਤ ਰੱਖ ਦੇ ਸੰਘਰਸ਼ ਵੀ ਕੀਤੇ ਅਤੇ ਰੋਸ ਮਾਰਚ ਕੀਤੇ ਗਏ
  • ਬਲਵੰਤ ਸਿੰਘ ਰਾਜੋਆਣਾ ਦੀ ਫਾਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਵਾਉਣ ਲਈ ਕਾਫ਼ੀ ਤਿੱਖੀ ਲੜਾਈ ਲੜੀ ਗਈ ਸੀ
  • ਜੂਨ, 2022 ਦੀਆਂ ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਵੀ ਬੰਦੀ ਸਿੱਖਾਂ ਦਾ ਮੁੱਦਾ ਸਾਹਮਣੇ ਆਇਆ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਟਿਕਟ ਦਿੱਤੀ ਗਈ ਸੀ।
  • ਸੰਸਦ ਦੇ ਮੌਨਸੂਨ ਇਜਲਾਸ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।
  • ਸ਼੍ਰੋਮਣੀ ਅਕਾਲੀ ਦਲ ਵੱਲੋਂ ਜੰਤਰ ਮੰਤਰ ''''ਤੇ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 11 ਮੈਂਬਰੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਰਵਿੰਦ ਕੇਜਰੀਵਾਲ ਨੂੰ ਵੀ ਇਸ ਬਾਰੇ ਚਿੱਠੀ ਲਿਖੀ ਸੀ।
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਕਮੇਟੀ ਦੇ ਗੁਰਦੁਆਰਿਆਂ ਦੇ ਬਾਹਰ ਬੰਦੀ ਸਿੱਖਾਂ ਬਾਰੇ ਪੋਸਟਰ ਲਗਾਏ ਜਾਣਗੇ।
BBC

ਬੰਦੀ ਸਿੱਖਾਂ ਬਾਰੇ ਐੱਸਜੀਪੀਸੀ ਦੀ ਇਸ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਵੀ ਲਿਖੇ ਗਏ ਸਨ।

ਇਸ ਕਮੇਟੀ ਦੀ 19 ਮਈ,2022 ਨੂੰ ਹੋਈ ਪਹਿਲੀ ਬੈਠਕ ਵਿੱਚ ਫ਼ੈਸਲਾ ਲਿਆ ਗਿਆ ਸੀ ਕਿ ਇਹ ਕਮੇਟੀ ਬੰਦੇ ਸਿੱਖਾਂ ਦਾ ਮੁੱਦਾ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕੋਲ ਚੁੱਕੇਗੀ।

ਇਸ ਤੋਂ ਇਲਾਵਾ ਕਿਹਾ ਗਿਆ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਕਰਨਾਟਕਾ ਦੇ ਮੁੱਖ ਮੰਤਰੀ ਵੀ ਨਾਲ ਵੀ ਇਸ ਦਾ ਵਫ਼ਦ ਮੁਲਾਕਾਤ ਕਰੇਗਾ।

ਬੰਦੀ ਸਿੱਖਾਂ ਦਾ ਮੁੱਦਾ ਸੰਗਰੂਰ ਵਿਖੇ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਵੀ ਭਖਿਆ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰਕ ਮੈਂਬਰ ਕਮਲਦੀਪ ਕੌਰ ਨੂੰ ਟਿਕਟ ਦਿੱਤੀ ਗਈ।

3 ਜੂਨ,2022 ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨਾਲ ਵੀ ਬੈਠਕ ਕੀਤੀ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਸਬੰਧੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇੱਕ ਚਿੱਠੀ 18 ਅਪ੍ਰੈਲ,2022 ਨੂੰ ਲਿਖੀ ਗਈ ਸੀ।

ਇਸ ਦੇ ਨਾਲ ਹੀ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਇੱਕ ਚਿੱਠੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ 21 ਅਪ੍ਰੈਲ,2022 ਵੀ ਲਿਖੀ ਗਈ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਵਿੱਚ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ।

ਸੰਸਦ ਤੋਂ ਸਾਹਮਣੇ ਹੀ ਤਸਵੀਰਾਂ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਇਨ੍ਹਾਂ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਹੱਥ ''''ਚ ਤਖਤੀਆਂ ਫੜੀਆਂ ਸਨ।

ਹਰਸਿਮਰਤ ਕੌਰ ਬਾਦਲ ਵੱਲੋਂ ਇਹ ਮੁੱਦਾ ਸੰਸਦ ਵਿੱਚ ਵੀ ਚੁੱਕਿਆ ਗਿਆ।

20 ਜੁਲਾਈ ,2022 ਨੂੰ ਪਾਰਟੀ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ ਸੀ।

ਹੋਰ ਵੀ ਕਈ ਬੰਦੀ ਸਿੱਖ ਜੇਲ੍ਹਾਂ ਵਿੱਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੋਸਟਰਾਂ ਉੱਪਰ ਨਜ਼ਰ ਆਉਣ ਵਾਲੇ 9 ਚਿਹਰਿਆਂ ਤੋਂ ਇਲਾਵਾ ਹੋਰ ਵੀ ਕਈ ਸਿੱਖ ਜੇਲ੍ਹਾਂ ਵਿੱਚ ਹਨ।

ਸਤਨਾਮ ਸਿੰਘ , ਦਿਆਲ ਸਿੰਘ ਅਤੇ ਬੂਟਾ ਸਿੰਘ ਉੱਤਰ ਪ੍ਰਦੇਸ਼ ਦੀ ਮੁਰਾਦਾਬਾਦ ਜੇਲ੍ਹ ਵਿਖੇ ਬੰਦ ਹਨ ਅਤੇ ਉਨ੍ਹਾਂ ਉੱਪਰ ਟਾਡਾ ਸਮੇਤ ਕਈ ਕੇਸ ਸਨ।

ਇਹ ਮਾਮਲਾ ਸੁਪਰੀਮ ਕੋਰਟ ਵਿੱਚ ਹੈ। ਇਹ ਤਿੰਨੇ ਕੈਦੀ ਤਕਰੀਬਨ 9 ਸਾਲ ਤੋਂ ਜੇਲ੍ਹ ਵਿੱਚ ਹਨ।

ਜਗਮੋਹਨ ਸਿੰਘ ਤਕਰੀਬਨ 9 ਸਾਲਾਂ ਤੋਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਖੇ ਕੈਦ ਹਨ ਅਤੇ ਉਨ੍ਹਾਂ ਦਾ ਮਾਮਲਾ ਰਾਜਸਥਾਨ ਹਾਈਕੋਰਟ ਵਿਖੇ ਹੈ। ਉਨ੍ਹਾਂ ਦਾ ਸੰਬੰਧ ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਹੈ।

ਇਸ ਤੋਂ ਇਲਾਵਾ ਜਸਵੰਤ ਸਿੰਘ, ਗੁਰਪ੍ਰੀਤ ਸਿੰਘ,ਜਸਪ੍ਰੀਤ ਸਿੰਘ ,ਸੁਰਜੀਤ ਸਿੰਘ, ਰਣਜੀਤ ਸਿੰਘ,ਕੁਲਵੀਰ ਸਿੰਘ ਅਤੇ ਰਵਿੰਦਰ ਸਿੰਘ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਹਨ।

ਦੋ ਸਿੱਖ ਕੈਦੀ ਹਰਨੇਕ ਸਿੰਘ ਅਤੇ ਦਇਆ ਸਿੰਘ ਲਾਹੌਰੀਆ 2021 ਤੋਂ ਪਰਮਾਨੈਂਟ ਪੈਰੋਲ ''''ਤੇ ਹਨ।

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)