ਕੈਨੇਡਾ: ਭਾਰਤੀ ਕੌਂਸਲੇਟ ਬਾਹਰ ਖਾਲਿਸਤਾਨ ਪੱਖੀਆਂਂ ਦਾ ਪ੍ਰਦਰਸ਼ਨ, ਐੱਸਜੀਪੀਸੀ ਨੇ ਮਤਾ ਪਾਸ ਕੀਤਾ
Tuesday, Sep 26, 2023 - 11:32 AM (IST)


ਕੈਨੇਡਾ ਵਿੱਚ ਭਾਰਤੀ ਕੌਂਸਲੇਟ ਦੇ ਬਾਹਰ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨਾਂ ਦੀਆਂ ਖ਼ਬਰਾਂ ਆ ਰਹੀਆਂ ਹਨ।
ਕੈਨੇਡਾ ਦੇ ਜਨਤਕ ਪ੍ਰਸਾਰਕ ਸੀਬੀਸੀ ਦੇ ਅਨੁਸਾਰ, ਖਾਲਿਸਤਾਨ ਹਮਾਇਤੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਸੋਮਵਾਰ ਨੂੰ ਕੈਨੇਡਾ ਦੇ ਵੈਨਕੂਵਰ ਵਿੱਚ ਭਾਰਤੀ ਕੌਂਸਲੇਟ ਬਾਹਰ ਇੱਕ ਪ੍ਰਦਰਸ਼ਨ ਕੀਤਾ ਗਿਆ।
ਸੀਬੀਸੀ ਦੇ ਅਨੁਸਾਰ, ਖਾਲਿਸਤਾਨ ਦੇ ਸਮਰਥਨ ਵਿੱਚ ਅਤੇ ਭਾਰਤ ਦੇ ਖਿਲਾਫ ਕੱਢੀ ਗਈ ਇਸ ਰੈਲੀ ਵਿੱਚ 75 ਲੋਕਾਂ ਨੇ ਹਿੱਸਾ ਲਿਆ ਸੀ।
ਕੈਨੇਡਾ ਅਤੇ ਖਾਲਿਸਤਾਨ ਦੇ ਝੰਡੇ ਲਹਿਰਾਉਂਦੇ ਹੋਏ ਇਹ ਪ੍ਰਦਰਸ਼ਨਕਾਰੀ ਭਾਰਤ ਸਰਕਾਰ ਖਿਲਾਫ ਨਾਅਰੇਬਾਜ਼ੀ ਵਾਲੇ ਸਾਈਨ ਬੋਰਡ ਲੈ ਕੇ ਆਏ ਸਨ।

ਰਿਪੋਰਟ ਅਨੁਸਾਰ, ਵੈਨਕੂਵਰ ਪੁਲਿਸ ਨੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਹੋਵੇ ਸਟਰੀਟ ਦੇ 300 ਬਲਾਕ ਨੂੰ ਬੰਦ ਕਰ ਦਿੱਤਾ ਸੀ।
ਜਾਣਕਾਰੀ ਮੁਤਾਬਕ, ਇਹ ਪ੍ਰਦਰਸ਼ਨ ਭਾਰੀ ਪੁਲਿਸ ਮੌਜੂਦਗੀ ਦੇ ਵਿਚਕਾਰ ਹੋਏ।
ਇਸ ਪ੍ਰਦਰਸ਼ਨ ਦਾ ਆਯੋਜਨ ਅਮਰੀਕਾ ਸਥਿਤ ਖਾਲਿਸਤਾਨ ਪੱਖੀ ਸਮੂਹ ਸਿੱਖ ਫਾਰ ਜਸਟਿਸ ਨੇ ਕੀਤਾ ਸੀ। ਸਿੱਖ ਫਾਰ ਜਸਟਿਸ ਦੇ ਪ੍ਰਧਾਨ ਅਤੇ ਖਾਲਿਸਤਾਨ ਪੱਖੀ ਆਗੂ ਗੁਰਪਤਵੰਤ ਸਿੰਘ ਪੰਨੂ ਵੀ ਵੈਨਕੂਵਰ ਪੁੱਜੇ ਹੋਏ ਸਨ।
ਟਰੂਡੋ ਦੇ ਬਿਆਨ ਤੋਂ ਬਾਅਦ ਛਿੜਿਆ ਵਿਵਾਦ

ਹਾਲ ਹੀ ਵਿੱਚ ਕੈਨੇਡੀਅਨ ਪਾਰਲੀਮੈਂਟ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ''''ਤੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟ ਸ਼ਾਮਲ ਹੋ ਸਕਦੇ ਹਨ।
ਭਾਰਤ ਨੇ ਕੈਨੇਡਾ ਦੇ ਇਨ੍ਹਾਂ ਇਲਜ਼ਾਮਾਂ ਨੂੰ ਸਪੱਸ਼ਟ ਤੌਰ ''''ਤੇ ਰੱਦ ਕਰ ਦਿੱਤਾ ਹੈ ਅਤੇ ਇਨ੍ਹਾਂ ਨੂੰ ਬੇਤੁਕਾ ਕਰਾਰ ਦਿੱਤਾ ਹੈ।
ਟਰੂਡੋ ਦੇ ਇਸ ਇਲਜ਼ਾਮ ਤੋਂ ਬਾਅਦ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਦੋਵਾਂ ਪਾਸਿਓਂ ਹਰ ਰੋਜ਼ ਨਵੇਂ ਬਿਆਨ ਜਾਂ ਕਾਰਵਾਈਆਂ ਦੀਆਂ ਰਿਪੋਰਟਾਂ ਆ ਰਹੀਆਂ ਹਨ।
ਦੋਵਾਂ ਦੇਸ਼ਾਂ ਨੇ ਇੱਕ-ਦੂਜੇ ਦੇ ਡਿਪਲੋਮੈਟ ਵੀ ਕੱਢ ਦਿੱਤੇ ਹਨ।
ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਵਿੱਚ ਵੀਜ਼ਾ ਕੇਂਦਰ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ, ਫਿਲਹਾਲ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਵਿਸ਼ੇਸ਼ ਮਤਾ
ਇਸ ਪੂਰੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਮਵਾਰ ਨੂੰ ਅੰਤ੍ਰਿੰਗ ਕਮੇਟੀ ਦੀ ਬੈਠਕ ਕੀਤੀ ਤੇ ਕੈਨੇਡਾ ਦੁਆਰਾ ਲਗਾਏ ਇਲਜ਼ਾਮਾਂ ''''ਤੇ ਗਹਿਰੀ ਚਿੰਤਾ ਪ੍ਰਗਟਾਈ।
ਇਸ ਸਬੰਧੀ ਕਮੇਟੀ ਨੇ ਆਪਣੇ ਐਕਸ ਅਕਾਊਂਟ ''''ਤੇ ਜਾਣਕਾਰੀ ਸਾਂਝਾ ਕਰਦਿਆਂ ਦੱਸਿਆ ਕਿ ਬੈਠਕ ਵਿੱਚ ਕਿਹੜੇ-ਕਿਹੜੇ ਮੁੱਦਿਆਂ ''''ਤੇ ਚਰਚਾ ਹੋਈ।
ਜਾਣਕਾਰੀ ਮੁਤਾਬਕ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਅੰਤ੍ਰਿੰਗ ਕਮੇਟੀ ਦੀ ਬੈਠਕ ''''ਚ ਪਾਸ ਕੀਤੇ ਗਏ ਇੱਕ ਵਿਸ਼ੇਸ਼ ਮਤੇ ਵਿੱਚ ਕਿਹਾ ਗਿਆ ਕਿ ਕਿਸੇ ਵੀ ਦੇਸ਼ ਦੀ ਸੰਸਦ ਵਿਚ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਗਿਆ ਬਿਆਨ ਆਮ ਨਹੀਂ ਸਮਝਿਆ ਜਾਂਦਾ, ਸਗੋਂ ਦੇਸ਼ ਦੇ ਸੰਵਿਧਾਨ ਦੀ ਮਾਣ-ਮਰਯਾਦਾ ਦੇ ਦਾਇਰੇ ਵਿਚ ਤੱਥਾਂ ਅਧਾਰਿਤ ਮੰਨਿਆ ਜਾਂਦਾ ਹੈ।
ਬੈਠਕ ਵਿੱਚ ਕਿਹਾ ਗਿਆ ਕਿ ਦੋਵੇਂ ਦੇਸ਼ਾਂ ਨੂੰ ਸਿਆਸਤ ਨੂੰ ਪਰ੍ਹੇ ਰੱਖਦੇ ਹੋਏ ਇਸ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ।

ਇਸ ਦੌਰਾਨ, ਮੁੱਖ ਮੀਡੀਆ ਅਤੇ ਸ਼ੋਸ਼ਲ ਮੀਡੀਆ ’ਤੇ ਵੀ ‘ਸਿੱਖ ਅਤੇ ਪੰਜਾਬ ਵਿਰੋਧੀ ਫੈਲਾਏ ਜਾ ਰਹੇ ਨਫ਼ਰਤੀ ਕੂੜ ਪ੍ਰਚਾਰ’ ਨਿੰਦਾ ਕੀਤੀ ਗਈ।
ਅੰਤ੍ਰਿੰਗ ਕਮੇਟੀ ਨੇ ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਇਸ ਮਸਲੇ ਨੂੰ ਸੰਜੀਦਗੀ ਨਾਲ ਲੈ ਕੇ ਇਸ ਵਿਚ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਵਾਲੇ ਲੋਕਾਂ ’ਤੇ ਕਾਰਵਾਈ ਕਰੇ।
ਬੈਠਕ ਦੌਰਾਨ ਇਹ ਵੀ ਕਿਹਾ ਗਿਆ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ ਅਤੇ ਕਿਸੇ ਨਾਲ ਵੀ ਵੈਰ ਨਹੀਂ ਰੱਖਦੀ। ਕੁਝ ਲੋਕ ਮੌਜੂਦਾ ਸਥਿਤੀ ਨੂੰ ਕੌਮਾਂ ਵਿਚ ਵੰਡੀਆਂ ਪਾਉਣ ਲਈ ਇਕ ਹਥਿਆਰ ਵਜੋਂ ਵਰਤ ਰਹੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ।
ਭਾਰਤ ਦੀ ਪ੍ਰਤੀਕਿਰਿਆ "ਦ੍ਰਿੜ ਅਤੇ ਸਿੱਧੀ" - ਸ਼੍ਰੀਲੰਕਾ
ਭਾਰਤ ਵਿੱਚ ਸ਼੍ਰੀਲੰਕਾ ਦੇ ਹਾਈ ਕਮਿਸ਼ਨਰ ਮਿਲਿੰਡਾ ਮੋਰਾਗੋਡਾ ਨੇ ਕਿਹਾ ਕਿ ਕੈਨੇਡਾ ਦੇ ਇਲਜ਼ਾਮਾਂ ਪ੍ਰਤੀ ਭਾਰਤ ਦੀ ਪ੍ਰਤੀਕਿਰਿਆ "ਦ੍ਰਿੜ ਅਤੇ ਸਿੱਧੀ" ਰਹੀ ਹੈ।
ਸ਼੍ਰੀਲੰਕਾ ਇਸ ਮਾਮਲੇ ''''ਤੇ ਭਾਰਤ ਦਾ ਸਮਰਥਨ ਕਰਦਾ ਹੈ।

ਇੱਕ ਪ੍ਰੈੱਸ ਕਾਨਫਰੰਸ ਵਿੱਚ, ਮੋਰਾਗੋਡਾ ਨੂੰ ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਤਣਾਅ ਬਾਰੇ ਇੱਕ ਸਵਾਲ ਪੁੱਛਿਆ ਗਿਆ, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ - “ਮੈਨੂੰ ਲੱਗਦਾ ਹੈ ਕਿ ਕੈਨੇਡਾ ਦੇ ਇਲਜ਼ਾਮਾਂ ਪ੍ਰਤੀ ਭਾਰਤ ਦਾ ਜਵਾਬ ਬਹੁਤ ਸਪੱਸ਼ਟ, ਦ੍ਰਿੜ ਅਤੇ ਸਿੱਧਾ ਰਿਹਾ ਹੈ। ਜਿੱਥੋਂ ਤੱਕ ਸਾਡੀ ਗੱਲ ਹੈ, ਅਸੀਂ ਇਸ ਮਾਮਲੇ ''''ਤੇ ਭਾਰਤ ਦਾ ਸਮਰਥਨ ਕਰਦੇ ਹਾਂ।''''''''
ਮਿਲਿੰਡਾ ਮੋਰਾਗੋਡਾ ਦਾ ਭਾਰਤ ਵਿੱਚ ਹਾਈ ਕਮਿਸ਼ਨਰ ਵਜੋਂ ਕਾਰਜਕਾਲ ਖ਼ਤਮ ਹੋਣ ਵਾਲਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਿਵੇਂ ਉਨ੍ਹਾਂ ਨੇ ਭਾਰਤ ਅਤੇ ਸ਼੍ਰੀਲੰਕਾ ਦਰਮਿਆਨ ਗੱਲਬਾਤ ਨੂੰ ਹੋਰ ਡੂੰਘਾ ਕੀਤਾ।
ਉਨ੍ਹਾਂ ਕਿਹਾ, “ਆਪਣੇ ਕਾਰਜਕਾਲ ਦੌਰਾਨ, ਮੈਂ ਦੋਵਾਂ ਦੇਸ਼ਾਂ ਦਰਮਿਆਨ ਸਪਸ਼ਟ ਗੱਲਬਾਤ ਵਧਾਉਣ ਦੀ ਉਮੀਦ ਕੀਤੀ ਸੀ ਅਤੇ ਮੈਂ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਵਿਸ਼ਵਾਸ ਨੂੰ ਡੂੰਘਾ ਕਰਨ ਦੀ ਕੋਸ਼ਿਸ਼ ਕੀਤੀ।''''''''
''''''''ਸ਼੍ਰੀਲੰਕਾ ਦੇ ਰਾਸ਼ਟਰਪਤੀ ਦੀ ਹਾਲੀਆ ਫੇਰੀ ਨੇ ਉਸ ਭਰੋਸੇ ਅਤੇ ਗੱਲਬਾਤ ਦੀ ਨੀਂਹ ਰੱਖੀ। ਸਾਡੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤੀ ਵਿਦੇਸ਼ ਮੰਤਰੀ ਨਾਲ ਮਹੱਤਵਪੂਰਨ ਸਮਾਂ ਬਿਤਾਇਆ।''''''''

ਭਾਰਤ-ਕੈਨੇਡਾ ਮਸਲਾ: ਹੁਣ ਤੱਕ ਕੀ ਕੁਝ ਹੋਇਆ
- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ ਏਜੰਸੀਆਂ ਦੇ ਹਵਾਲੇ ਨਾਲ ਨਿੱਝਰ ਕਤਲ ਕੇਸ ਅਤੇ ਭਾਰਤ ਸਰਕਾਰ ਵਿਚਾਲੇ ਪ੍ਰਤੱਖ਼ ਲਿੰਕ ਹੋਣ ਦੀ ਗੱਲ ਕਹੀ ਸੀ।
- ਇਸ ਬਿਆਨ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ ਸੀਨੀਅਰ ਡਿਪਲੋਮੇਟ ਪਵਨ ਕੁਮਾਰ ਰਾਏ ਨੂੰ ਮੁਲਕ ਵਿੱਚੋਂ ਕੱਢ ਦਿੱਤਾ।
- ਭਾਰਤ ਨੇ ਵੀ ਮੰਗਲਵਾਰ ਕੈਨੇਡਾ ਦੇ ਸੀਨੀਅਰ ਡਿਪਲੋਮੇਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਹੁਕਮ ਦਿੱਤਾ ਹੈ।
- ਭਾਰਤ ਸਰਕਾਰ ਨੇ ਇਸ ਬਿਆਨ ਨੂੰ ਬੇ-ਬੁਨਿਆਦ ਅਤੇ ਸਿਆਸੀ ਤੌਰ ਉੱਤੇ ਪ੍ਰੇਰਿਤ ਕਰਾਰ ਦਿੱਤਾ ਸੀ।
- 21 ਸਤੰਬਰ ਨੂੰ ਨਿਊਯਾਰਕ ਵਿੱਚ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪਣੇ ਇਲਜ਼ਾਮ ਦੁਹਰਾਏ, “ਇਸ ਗੱਲ ਉੱਤੇ ਭਰੋਸਾ ਕਰਨ ਲਈ ਪੁਖ਼ਤਾ ਕਾਰਨ ਹਨ ਕਿ ਭਾਰਤੀ ਏਜੰਟ ਇੱਕ ਕੈਨੇਡੀਅਨ ਨਾਗਰਿਕ ਦੇ ਕੈਨੇਡੀਅਨ ਧਰਤੀ ਉੱਤੇ ਹੋਏ ਕਤਲ ਵਿੱਚ ਸ਼ਾਮਿਲ ਹਨ।”
- ਇਸ ਵਿਵਾਦ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪਣੇ-ਆਪਣੇ ਨਾਗਰਿਕਾਂ ਨੂੰ ਇੱਕ-ਦੂਜੇ ਦੇ ਦੇਸ਼ ''''ਚ ਰਹਿਣ ਜਾਂ ਯਾਤਰਾ ਦੌਰਾਨ ਵਧੇਰੇ ਸਾਵਧਾਨ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ।
- ਇਸੇ ਦੌਰਾਨ ਅਮਰੀਕਾ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਟਰੂ਼ਡੋ ਵਲੋਂ ਲਾਏ ਇਲਜ਼ਾਮਾਂ ਦੀ ਵਿਸਥਾਰਤ ਜਾਂਚ ਦਾ ਸਮਰਥਕ ਹੈ ਅਤੇ ਭਾਰਤ ਨੂੰ ਇਸ ਮਸਲੇ ਉੱਤੇ ਸਹਿਯੋਗ ਕਰਨਾ ਚਾਹੀਦਾ ਹੈ।
- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਮਹਿਲਾ ਬੁਲਾਰੇ ਮੁਮਤਾਜ਼ ਜ਼ਾਹਰਾ ਬਲੋਚ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ, ''''''''ਇਹ ਇੱਕ ਲਾਪਰਵਾਹ ਅਤੇ ਗ਼ੈਰ-ਜ਼ਿੰਮੇਦਾਰ ਹਰਕਤ ਹੈ ਜੋ ਇੱਕ ਭਰੋਸੇਯੋਗ ਅੰਤਰ-ਰਾਸ਼ਟਰੀ ਸਹਿਯੋਗੀ ਦੇ ਰੂਪ ''''ਚ ਭਾਰਤ ਦੀ ਭਰੋਸੇਯੋਗਤਾ ''''ਤੇ ਸਵਾਲ ਹੈ।’’

(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)