ਕਾਂਗਰਸ ਆਗੂ ਸੁਖਪਾਲ ਖਹਿਰਾ ਤੜਕਸਾਰ ਗ੍ਰਿਫ਼ਤਾਰ, ਜਾਣੋ 8 ਸਾਲ ਪੁਰਾਣੇ ਕਿਸ ਮਾਮਲੇ ''''ਚ ਹੋਈ ਕਾਰਵਾਈ

Thursday, Sep 28, 2023 - 11:17 AM (IST)

ਕਾਂਗਰਸ ਆਗੂ ਸੁਖਪਾਲ ਖਹਿਰਾ ਤੜਕਸਾਰ ਗ੍ਰਿਫ਼ਤਾਰ, ਜਾਣੋ 8 ਸਾਲ ਪੁਰਾਣੇ ਕਿਸ ਮਾਮਲੇ ''''ਚ ਹੋਈ ਕਾਰਵਾਈ
ਸੁਖਪਾਲ ਖਹਿਰਾ
Sukhpal Singh Khaira/FB

ਪੰਜਾਬ ਪੁਲਿਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਇੱਕ 8 ਸਾਲ ਪੁਰਾਣੇ ਮਾਮਲੇ ''''ਚ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ।

ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਇਸ ਮਾਮਲੇ ’ਚ ਸਾਲ 2015 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਕੇਸ ਦਰਜ ਹੋਇਆ ਸੀ।

ਜਲਾਲਾਬਾਦ ਦੇ ਡਿਪਟੀ ਸੁਪਰੀਡੈਂਟ ਆਫ ਪੁਲਿਸ, ਅੱਛਰੂ ਰਾਮ ਦੀ ਅਗਵਾਈ ਹੇਠਲੀ ਟੀਮ ਨੇ ਵੀਰਵਾਰ ਸਵੇਰੇ-ਸਵੇਰੇ ਖਹਿਰਾ ਨੂੰ ਚੰਡੀਗੜ੍ਹ ਦੇ ਸੈਕਟਰ-5 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ।

ਹੁਣ ਪੰਜਾਬ ਪੁਲਿਸ ਖਹਿਰਾ ਨੂੰ ਫਾਜ਼ਿਲਕਾ ਦੀ ਅਦਾਲਤ ਵਿੱਚ ਪੇਸ਼ ਕਰੇਗੀ।

ਖਹਿਰਾ ਨੂੰ ਦੂਜੀ ਵਾਰ ਗ੍ਰਿਫਤਾਰ ਕੀਤਾ ਗਿਆ ਹੈ ਕਿਉਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ 2021 ਵਿੱਚ ਫਾਜ਼ਿਲਕਾ ਦੇ ਡਰੱਗਜ਼ ਮਾਮਲੇ ਵਿੱਚ ਹੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਸੀ।

ਪੁਲਿਸ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਖਹਿਰਾ ਨੇ ਫੇਸਬੁੱਕ ''''ਤੇ ਲਾਈਵ ਕਰ ਦਿੱਤਾ

ਸੁਖਪਾਲ ਖਹਿਰਾ
Sukhpal Singh Khaira/FB

ਜਦੋਂ ਪੁਲਿਸ ਸਵੇਰੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ''''ਤੇ ਲਾਈਵ ਸ਼ੁਰੂ ਕਰ ਦਿੱਤਾ।

ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਆਪਣੇ ਪਿਤਾ ਦੇ ਫੇਸਬੁੱਕ ਅਕਾਊਂਟ ''''ਤੇ ਇੱਕ ਪੋਸਟ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਲਿਖਿਆ।

ਉਨ੍ਹਾਂ ਕਿਹਾ ਕਿ, "ਤੁਹਾਨੂੰ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ 8 ਸਾਲ ਪੁਰਾਣੇ ਨਸ਼ਿਆਂ ਦੇ ਇੱਕ ਕੇਸ ਵਿੱਚ ਮੁੱਖ ਮੰਤਰੀ, ਪੰਜਾਬ ਦੇ ਆਦੇਸ਼ਾਂ ''''ਤੇ ਗ੍ਰਿਫ਼ਤਾਰ ਕੀਤਾ ਹੈ। ਇਹ ਉਹੀ ਮਾਮਲਾ ਹੈ ਜਿਸ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।"

ਉਨ੍ਹਾਂ ਆਪਣੀ ਪੋਸਟ ਵਿੱਚ ਅੱਗੇ ਕਿਹਾ, “ਪੁਲਿਸ ਨੇ ਇੱਕ ਮਜ਼ਬੂਤ ਅਤੇ ਆਵਾਜ਼ ਚੁੱਕਣ ਵਾਲੇ ਆਗੂ ਦੀ ਆਵਾਜ਼ ਨੂੰ ਦਬਾਉਣ ਲਈ ਸਾਰੀਆਂ ਪ੍ਰਕਿਰਿਆਵਾਂ ਨੂੰ ਬਾਈਪਾਸ ਕਰ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਸੁਪਰੀਮ ਕੋਰਟ ਦੇ ਆਦੇਸ਼ ਨੂੰ ਵੀ।''''''''

''''''''ਮੇਰੇ ਪਿਤਾ ਨੇ ਮੈਨੂੰ ਸਾਰਿਆਂ ਨੂੰ ਸੂਚਿਤ ਕਰਨ ਲਈ ਕਿਹਾ ਹੈ ਕਿ ਉਹ ਕਿਸੇ ਵੀ ਝੂਠੇ ਇਲਜ਼ਾਮ ਤੋਂ ਡਰਨ ਵਾਲੇ ਨਹੀਂ ਹਨ ਅਤੇ ਅੰਤ ਤੱਕ ਪੰਜਾਬ ਲਈ ਲੜਨਗੇ। ਸੱਚ ਦੀ ਜਿੱਤ ਹੋਵੇਗੀ।”

ਇਸ ਵੀਡੀਓ ਵਿੱਚ ਗ੍ਰਿਫ਼ਤਾਰੀ ਬਾਰੇ ਪੁੱਛਣ ''''ਤੇ ਡੀਐਸਪੀ ਅੱਛਰੂ ਰਾਮ ਨੇ ਖਹਿਰਾ ਨੂੰ ਦੱਸਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਡੀਆਈਜੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ, ਜਿਸ ਵਿੱਚ ਇੱਕ ਐਸਐਸਪੀ ਅਤੇ ਦੋ ਐਸਪੀ ਵੀ ਸ਼ਾਮਲ ਹਨ।

ਬੀਬੀਸੀ ਪੰਜਾਬੀ ਨੇ ਇਸ ਮਾਮਲੇ ਵਿੱਚ ਜਲੰਧਰ ਦੇ ਡੀਆਈਜੀ ਸਵਪਨ ਸ਼ਰਮਾ ਤੋਂ ਟਿੱਪਣੀ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

ਲਾਈਨ
BBC

ਕੀ ਹੈ ਮਾਮਲਾ

ਸੁਖਪਾਲ ਖਹਿਰਾ
Sukhpal Singh Khaira/FB

ਇਹ ਮਾਮਲਾ ਡਰੱਗਜ਼ ਨਾਲ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਮਾਰਚ 2015 ਵਿੱਚ ਜਲਾਲਾਬਾਦ ਸਦਰ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਇਸ ਮਾਮਲੇ ਵਿੱਚ 31 ਅਕਤੂਬਰ 2017 ਨੂੰ ਫਾਜ਼ਿਲਕਾ ਅਦਾਲਤ ਨੇ ਨੌਂ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਸੀ, ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ।

ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇੱਕ ਦੇਸੀ ਪਿਸਤੌਲ ਅਤੇ ਦੋ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤੇ ਸਨ।

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਪੜਤਾਲ ਵਿੱਚ ਸੁਖਪਾਲ ਸਿੰਘ ਖਹਿਰਾ ਦਾ ਨਾਮ ਕਥਿਤ ਤੌਰ ’ਤੇ ਕੁਝ ਮੁਲਜ਼ਮਾਂ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ।

ਇਸੇ ਮਾਮਲੇ ਵਿੱਚ ਫਾਜ਼ਿਲਕਾ ਅਦਾਲਤ ਨੇ ਖਹਿਰਾ ਨੂੰ 30 ਨਵੰਬਰ 2017 ਨੂੰ ਮੁਲਜ਼ਮ ਵਜੋਂ ਤਲਬ ਕੀਤਾ ਸੀ।

ਹਾਲਾਂਕਿ, ਸੁਪਰੀਮ ਕੋਰਟ ਨੇ ਇਸੇ ਸਾਲ ਫਰਵਰੀ ਮਹੀਨੇ ਵਿੱਚ, 2015 ਦੇ ਡਰੱਗਜ਼ ਜ਼ਬਤੀ ਕੇਸ ਵਿੱਚ ਫਾਜ਼ਿਲਕਾ ਦੀ ਇੱਕ ਅਦਾਲਤ ਵੱਲੋਂ ਖਹਿਰਾ ਵਿਰੁੱਧ ਸੰਮਨ ਜਾਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਸੀ।

ਪੁਲਿਸ ਇਨ੍ਹਾਂ ਮੁਲਜ਼ਮਾਂ ਵਿੱਚੋਂ ਇੱਕ ਦੇ ਨਾਲ ਖਹਿਰਾ ਦੇ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਸੁਖਪਾਲ ਖਹਿਰਾ
Sukhpal Singh Khaira/FB

ਸੁਖਪਾਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਸੀ ਜਿੱਥੇ ਉਹ ਰਾਹਤ ਪ੍ਰਾਪਤ ਕਰਨ ਵਿੱਚ ਅਸਫਲ ਰਹੇ ਸਨ।

ਫਿਰ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਪਹੁੰਚ ਗਿਆ ਸੀ ਅਤੇ ਕਾਨੂੰਨ ਦੇ ਨੁਕਤੇ ਦੇ ਮੱਦੇਨਜ਼ਰ, ਇੱਕ ਡਿਵੀਜ਼ਨ ਬੈਂਚ ਦੁਆਰਾ ਇਹ ਮਾਮਲਾ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਗਿਆ ਸੀ।

ਪਿਛਲੇ ਸਾਲ ਦਸੰਬਰ 2022 ਵਿੱਚ ਸੰਵਿਧਾਨਕ ਬੈਂਚ ਨੇ ਕਿਹਾ ਕਿ ਇੱਕ ਵਾਰ ਹੇਠਲੀ ਅਦਾਲਤ ਨੇ ਸਜ਼ਾ ''''ਤੇ ਹੁਕਮ ਜਾਰੀ ਕਰਨ ਤੋਂ ਬਾਅਦ ਧਾਰਾ 319 ਸੀਆਰਪੀਸੀ ਦੇ ਤਹਿਤ ਆਦੇਸ਼ ਪਾਸ ਕਰਨਾ ਉਸ ਦੇ ਅਧਿਕਾਰ ਖੇਤਰ ਵਿੱਚ ਨਹੀਂ ਹੈ।

ਹਾਲਾਂਕਿ, ਸੁਪਰੀਮ ਕੋਰਟ ਨੇ ਭਵਿੱਖ ਵਿੱਚ ਅਜਿਹੇ ਮਾਮਲਿਆਂ ਨਾਲ ਨਜਿੱਠਣ ਲਈ ਕੁਝ ਦਿਸ਼ਾ-ਨਿਰਦੇਸ਼ ਨਿਰਧਾਰਤ ਕੀਤੇ ਹਨ।

ਫਿਰ ਸੰਵਿਧਾਨਕ ਬੈਂਚ ਦੇ ਹੁਕਮਾਂ ਦੇ ਮੱਦੇਨਜ਼ਰ ਖਹਿਰਾ ਖਿਲਾਫ ਜਾਰੀ ਸੰਮਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਖਹਿਰਾ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ - ਰਾਜਾ ਵੜਿੰਗ

ਅਮਰਿੰਦਰ ਸਿੰਘ ਰਾਜਾ ਵੜਿੰਗ
Amrinder Singh Raja Waring/X

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ, "ਪੰਜਾਬ ਕਾਂਗਰਸ ਦੇ ਵਿਧਾਇਕ ਸਰਦਾਰ ਸੁਖਪਾਲ ਸਿੰਘ ਖਹਿਰਾ ਜੀ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਹੈ।''''''''

''''''''ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਇੱਕ ਚਾਲ ਹੈ। ਅਸੀਂ ਸੁਖਪਾਲ ਖਹਿਰਾ ਜੀ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।"

ਲਾਈਨ
BBC


Related News