ਕੌਣ ਹਨ ਪੰਜਾਬ ਦੇ ਨਵੇਂ ਏਜੀ ਗੁਰਮਿੰਦਰ ਸਿੰਘ ਜੋ ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮ ਦੇ ਵਕੀਲ ਵੀ ਸਨ
Friday, Oct 06, 2023 - 04:02 PM (IST)
ਆਮ ਆਦਮੀ ਪਾਰਟੀ ਨੇ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ (ਏਜੀ) ਨਿਯੁਕਤ ਕੀਤਾ ਹੈ। ਗੁਰਮਿੰਦਰ ਸਿੰਘ ਮਾਰਚ 2022 ਤੋਂ ਬਾਅਦ ''''ਆਪ'''' ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਤੀਜੇ ਐਡਵੋਕੇਟ ਜਨਰਲ ਹਨ।
ਪੰਜਾਬ ਦੀ ‘ਆਪ‘ ਸਰਕਾਰ ਨੇ ਸਭ ਤੋਂ ਪਹਿਲਾਂ ਸੀਨੀਅਰ ਵਕੀਲ ਅਨਮੋਲ ਰਤਨ ਸਿੱਧੂ ਨੂੰ ਮਾਰਚ 2022 ਵਿੱਚ ਸਰਕਾਰ ਬਣਾਉਣ ਤੋਂ ਬਾਅਦ ਪਹਿਲਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ।
ਫਿਰ ਅਨਮੋਲ ਰਤਨ ਸਿੱਧੂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਜੁਲਾਈ 2022 ਵਿੱਚ ਅਸਤੀਫਾ ਦੇ ਦਿੱਤਾ ਸੀ।
ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਵਿਨੋਦ ਘਈ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਦਿਲਚਸਪ ਗੱਲ ਇਹ ਹੈ ਕਿ ਸਿਆਸੀ ਤੌਰ ''''ਤੇ ਸੰਵੇਦਨਸ਼ੀਲ 2015 ਦੇ ਪੁਲਿਸ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮਾਂ ਲਈ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਵੀ ਪੇਸ਼ ਹੋਏ ਸਨ।
ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਕਿ ਬਹਿਬਲ ਕਲਾਂ ਮਾਮਲੇ ਨਾਲ ਸਬੰਧਤ ਪਟੀਸ਼ਨ ਜਿਸ ਵਿੱਚ ਉਨ੍ਹਾਂ ਪਰਮਰਾਜ ਸਿੰਘ ਉਮਰਾਨੰਗਲ ਦੀ ਨੁਮਾਇੰਦਗੀ ਕੀਤੀ ਸੀ, ਉਸ ਕੇਸ ਦਾ ਨਿਪਟਾਰਾ ਹੋ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇ ਕੋਈ "ਹਿੱਤਾਂ ਦੇ ਟਕਰਾਅ" ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਅਸੀਂ ਉਸ ਅਨੁਸਾਰ ਹੀ ਦੇਖਾਂਗੇ।
2017 ਤੋਂ ਨਿਯੁਕਤ ਪੰਜਾਬ ਦੇ ਛੇ ਐਡਵੋਕੇਟ ਜਨਰਲ ਵਿੱਚੋਂ ਤਿੰਨ ਨੇ 2015 ਦੇ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਅਦਾਲਤਾਂ ਵਿੱਚ ਨੁਮਾਇੰਦਗੀ ਕੀਤੀ ਹੋਈ ਸੀ।
ਗੁਰਮਿੰਦਰ ਸਿੰਘ ਦਾ ਪਿਛੋਕੜ?
ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੇ ਸਾਲ 1989 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐੱਲਐੱਲਬੀ (ਵਕਾਲਤ ਦੀ ਪੜਾਈ) ਕੀਤੀ ਸੀ।
ਉਨ੍ਹਾਂ ਨੂੰ 2014 ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੀਨੀਅਰ ਵਕੀਲ ਵਜੋਂ ਮਨੋਨੀਤ ਕੀਤਾ ਗਿਆ ਸੀ।
ਉਹ 34 ਸਾਲਾਂ ਤੋਂ ਵੱਧ ਸਮੇਂ ਤੋਂ ਵੱਖ-ਵੱਖ ਅਹਿਮ ਪਟੀਸ਼ਨਾਂ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਹੁੰਦੇ ਆ ਰਹੇ ਹਨ।
ਗੁਰਮਿੰਦਰ ਸਿੰਘ ਨੇ ਪਹਿਲਾਂ ਪੰਜਾਬ ਵਿੱਚ ਵਧੀਕ ਐਡਵੋਕੇਟ ਜਨਰਲ, ਡਿਪਟੀ ਐਡਵੋਕੇਟ ਜਨਰਲ ਅਤੇ ਸਹਾਇਕ ਐਡਵੋਕੇਟ ਜਨਰਲ ਵਜੋਂ ਵੀ ਕੰਮ ਕੀਤਾ ਹੈ।
ਬਹਿਬਲ ਕਲਾਂ ਮਾਮਲੇ ’ਚ ਮੁਅੱਤਲ ਆਈਜੀ ਵੱਲੋਂ ਵੀ ਪੇਸ਼ ਹੋਏ ਸਨ ਗੁਰਮਿੰਦਰ ਸਿੰਘ
ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ 2015 ਦੇ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਮਾਮਲੇ ਨਾਲ ਸਬੰਧਤ ਪਟੀਸ਼ਨ ਵਿੱਚ ਮੁਅੱਤਲ ਇੰਸਪੈਕਟਰ ਜਨਰਲ ਆਫ਼ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਵਲੋਂ ਪੇਸ਼ ਹੋਏ ਸਨ।
ਇਸ ਪਟੀਸ਼ਨ ਵਿੱਚ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਪੁਲਿਸ ਇੰਸਪੈਕਟਰ ਜਨਰਲ ਪਰਮਰਾਜ ਸਿੰਘ ਉਮਰਾਨੰਗਲ ਅਤੇ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਸਮੇਤ ਹੋਰਨਾਂ ਨੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਵਿੱਚ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐੱਸਆਈਟੀ ਵੱਲੋਂ ਪੇਸ਼ ਚਾਰਜਸ਼ੀਟ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।
ਪਿਛਲੇ ਸਾਲ ਜੁਲਾਈ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਪੰਜਾਬ ਪੁਲਿਸ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ ਕੀਤੀ ਸੀ।
ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਫੈਸਲੇ ਨੇ ਸਰਕਾਰ ਲਈ ਬਹਿਬਲ ਕਲਾਂ ਵਿਖੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ''''ਤੇ ਗੋਲੀ ਚਲਾਉਣ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਲਈ ਸਖ਼ਤ ਸਜ਼ਾ ਦੀ ਮੰਗ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ।
ਮਾਨ ਨੇ ਇਹ ਵੀ ਕਿਹਾ ਸੀ ਕਿ ਇਸ ਮਾਮਲੇ ''''ਚ ਮੁਲਜ਼ਮਾਂ ਨੂੰ ਬਚਾਉਣ ਲਈ ਅਕਾਲੀ ਅਤੇ ਕਾਂਗਰਸ ਦੋਵੇਂ ਹੀ ਇੱਕ ਦੂਜੇ ਨਾਲ ਮਿਲੀਭੁਗਤ ਕਰ ਰਹੇ ਸਨ।
ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਸਰਕਾਰ ਤੇ ਤਤਕਾਲੀ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੀ ਇਸ ਕੇਸ ਬਾਰੇ ਸ਼ਲਾਘਾ ਵੀ ਕੀਤੀ ਸੀ।
ਕੁੰਵਰ ਵਿਜੇ ਪ੍ਰਤਾਪ ਨੇ ਨਵੇਂ ਐਡਵੋਕੇਟ ਜਨਰਲ ਦੀ ਨਿਯੁਕਤੀ ''''ਤੇ ਚੁੱਕੇ ਸਵਾਲ
ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ, “ਮੈਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਜੀ ਦੀ ਸਿਆਣਪ, ਭਰੋਸੇਯੋਗਤਾ ਅਤੇ ਸਮਰੱਥਾ ਦਾ ਸਤਿਕਾਰ ਅਤੇ ਪ੍ਰਸ਼ੰਸਾ ਕਰਦਾ ਹਾਂ। ਹਾਲਾਂਕਿ, ਕੁਦਰਤੀ ਨਿਆਂ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਦੇ ਕੇਸਾਂ ਵਿੱਚ ਕਿਸੇ ਮੁਲਜ਼ਮ ਦੇ ਵਕੀਲ ਵਜੋਂ ਰਹਿ ਚੁੱਕੇ ਵਿਅਕਤੀ ਨੂੰ ਨਿਯੁਕਤ ਕਰਨਾ ਜਾਇਜ਼ ਨਹੀਂ ਹੈ।’’
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਕਾਂਗਰਸ ਦੀ ਚੰਨੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਐਡਵੋਕੇਟ ਜਨਰਲ, ਮੌਜੂਦਾ ਐਡਵੋਕੇਟ ਜਨਰਲ ਅਤੇ ਸਾਬਕਾ ਐਡਵੋਕੇਟ ਜਨਰਲ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਕੇਸਾਂ ਦੇ ਮੁਲਜ਼ਮਾਂ ਦੇ ਵਕੀਲ ਬਣੇ ਹੋਏ ਸਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਉਹ ਕਿਸੇ ਮੁਲਜ਼ਮ ਲਈ ਪੇਸ਼ ਹੋਏ ਸਨ ਤਾਂ ਉਹ ਉਸੇ ਮਾਮਲੇ ਵਿੱਚ ਸੂਬੇ ਵੱਲੋਂ ਪੇਸ਼ ਨਹੀਂ ਹੋ ਸਕਦੇ।
ਉਨ੍ਹਾਂ ਮੁਤਾਬਕ ਇਹ ਮਾਮਲੇ ਸੂਬੇ ਦੇ ਨਜ਼ਰੀਏ ਤੇ ਪੰਜਾਬ ਦੇ ਲੋਕਾਂ ਲਈ ਸਭ ਤੋਂ ਅਹਿਮ ਅਤੇ ਸੰਵੇਦਨਸ਼ੀਲ ਹਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਗੇ ਕਿਹਾ, “ਇਨਸਾਫ਼ ਲਈ ਮੇਰੀ ਲੜਾਈ ਅੰਤ ਤੱਕ ਜਾਰੀ ਰਹੇਗੀ। ਮੈਂ ਆਪਣੇ ਆਈਪੀਐੱਸ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੀ ਇਹ ਮਾਮਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਰੱਖ ਚੁੱਕਾ ਹਾਂ। ਇਸ ਨੂੰ ਮੇਰੀ ਫੇਸਬੁੱਕ ਪੋਸਟ 13 ਅਪ੍ਰੈਲ 2021 ''''ਤੇ ਦੇਖਿਆ ਜਾ ਸਕਦਾ ਹੈ।"
ਗੁਰਮਿੰਦਰ ਸਿੰਘ ਵਧੀਆ ਵਕੀਲ – ‘ਆਪ’
ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਦੀ ਕਾਨੂੰਨੀ ਜਾਣਕਾਰੀ ਅਤੇ ਯੋਗਤਾ ''''ਤੇ ਕੋਈ ਸ਼ੱਕ ਨਹੀਂ ਹੈ ਕਿਉਂਕਿ ਉਹ ਵਧੀਆ ਵਕੀਲਾਂ ਵਿੱਚੋਂ ਹਨ।
ਕੰਗ ਨੇ ਅੱਗੇ ਕਿਹਾ, "ਜੇ ਪਿਛਲੇ ਕਲਾਈਂਟ ਦੀ ਨੁਮਾਇੰਦਗੀ ਕਰਨ ਵੇਲੇ ਹਿੱਤਾਂ ਦਾ ਟਕਰਾਅ ਹੋਇਆ ਹੈ ਤਾਂ ਉਹ ਉਸ ਵਿੱਚ ਪੇਸ਼ ਨਹੀਂ ਹੋਣਗੇ।"
ਪਿਛਲੇ ਦੋ ਐਡਵੋਕੇਟ ਜਨਰਲ ਵੀ ਬਹਿਬਲ-ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਦੇ ਵਕੀਲ ਰਹੇ
ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਥਾਪੇ ਗਏ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਾਈ ਕੋਰਟ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਨਾ ਸਿਰਫ ਸਾਬਕਾ ਪੁਲਿਸ ਡਾਇਰੈਕਟਰ ਜਨਰਲ ਸੁਮੇਧ ਸਿੰਘ ਸੈਣੀ ਦੀ ਨੁਮਾਇੰਦਗੀ ਕੀਤੀ ਸੀ ਸਗੋਂ ਬਲਾਤਕਾਰ ਤੇ ਕਤਲ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੀ ਵੀ ਨੁਮਾਇੰਦਗੀ ਕੀਤੀ ਸੀ, ਜੋ ਕਿ 2015 ਦੇ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਹਨ।
''''ਆਪ'''' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ ''''ਤੇ ਭਗਵੰਤ ਮਾਨ ਸਰਕਾਰ ''''ਤੇ ਸਵਾਲ ਚੁੱਕੇ ਸਨ।
ਇਸੇ ਤਰ੍ਹਾਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੀਨੀਅਰ ਵਕੀਲ ਏਪੀਐੱਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕੀਤਾ ਸੀ ਜੋ ਕੋਟਕਪੂਰਾ-ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮਾਂ ਲਈ ਅਦਾਲਤਾਂ ਵਿੱਚ ਪੇਸ਼ ਹੋਏ ਸਨ।
(ਬੀਬੀਸੀ ਪੰਜਾਬੀ ਨਾਲ , , ਅਤੇ ''''ਤੇ ਜੁੜੋ।)