''ਆਪ'' ਵਿਧਾਇਕ ਦਾ ਪੀ. ਏ. ਅਦਾਲਤ ''ਚ ਪੇਸ਼, ਇਸ ਤਾਰੀਖ਼ ਤੱਕ ਪੁਲਸ ਰਿਮਾਂਡ ’ਤੇ

02/18/2023 3:25:56 PM

ਬਠਿੰਡਾ (ਵਰਮਾ) : ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮਿਤ ਰਤਨ ਕੋਟਫੱਤਾ ਦੇ ਨਜ਼ਦੀਕੀ ਅਤੇ ਨਿੱਜੀ ਪੀ.ਏ. ਰੇਸ਼ਮ ਗਰਗ ਨੂੰ ਵਿਜੀਲੈਂਸ ਬਿਊਰੋ ਬਠਿੰਡਾ ਨੇ 4 ਲੱਖ ਰੁਪਏ ਦੀ ਰਿਸ਼ਵਤ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਬਾਅਦ ‘ਆਪ’ ਸਰਕਾਰ ਅਤੇ ‘ਆਪ’ ਦੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਆ ਗਏ ਹਨ।

ਇਹ ਵੀ ਪੜ੍ਹੋ : ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੁਲਸ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ

ਵਿਰੋਧੀ ਧਿਰ ਦੇ ਆਗੂਆਂ ਨੇ ਇਸ ਮਾਮਲੇ ਵਿਚ ਸ਼ਿਕਾਇਤਕਰਤਾ ਵੱਲੋਂ ਨਾਮਜ਼ਦ ਕੀਤੇ ਗਏ ਦੋ ਵਿਅਕਤੀਆਂ ਵਿੱਚੋਂ ਸਿਰਫ਼ ਇਕ ਖ਼ਿਲਾਫ਼ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਕਾਰਵਾਈ ’ਤੇ ਕਈ ਸਵਾਲ ਖੜ੍ਹੇ ਕਰਨੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਸ਼ੁੱਕਰਵਾਰ ਨੂੰ ਕਾਂਗਰਸ, ਭਾਜਪਾ ਸਮੇਤ ਅਕਾਲੀ ਆਗੂਆਂ ਨੇ ਐੱਸ. ਐੱਸ. ਪੀ. ਵਿਜੀਲੈਂਸ ਨਾਲ ਮੁਲਾਕਾਤ ਕਰ ਕੇ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੀ ਮੰਗ ਉਠਾਈ।ਵਿਰੋਧੀ ਧਿਰ ਦੇ ਆਗੂਆਂ ਨੇ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿਚ ਸਪੱਸ਼ਟ ਤੌਰ ’ਤੇ ਦੋਸ਼ ਲਾਇਆ ਹੈ ਕਿ ਵਿਧਾਇਕ ਨੇ ਉਸ ਤੋਂ ਪੰਜ ਲੱਖ ਰੁਪਏ ਰਿਸ਼ਵਤ ਮੰਗੀ ਹੈ ਪਰ ‘ਆਪ’ ਸਰਕਾਰ ਆਪਣੇ ਵਿਧਾਇਕ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜਦਕਿ ਭਗਵੰਤ ਮਾਨ ਸਰਕਾਰ ਆਪਣੇ ‘ਆਪ’ ਨੂੰ ਈਮਾਨਦਾਰ ਸਰਕਾਰ ਦੱਸ ਰਹੀ ਹੈ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ

ਵਿਰੋਧੀ ਧਿਰ ਦੇ ਆਗੂਆਂ ਨੇ ਮੰਗ ਕੀਤੀ ਕਿ ਜੇਕਰ ‘ਆਪ’ ਸਰਕਾਰ ਈਮਾਨਦਾਰ ਹੈ ਤਾਂ ਭ੍ਰਿਸ਼ਟਾਚਾਰ ਵਿਚ ਸ਼ਾਮਲ ਇਸ ਦੇ ਵਿਧਾਇਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਵਿਧਾਇਕ ਅਮਿਤ ਰਤਨਾ ਕੋਟਫੱਤਾ ਨੇ ਵੀਰਵਾਰ ਦੇਰ ਸ਼ਾਮ ਇਕ ਵੀਡੀਓ ਜਾਰੀ ਕਰ ਕੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਅਤੇ ਸਿਆਸੀ ਸਾਜ਼ਿਸ਼ ਤਹਿਤ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਦੀ ਗੱਲ ਕਹੀ। ਉਨ੍ਹਾਂ ਇਹ ਵੀ ਕਿਹਾ ਕਿ ਰੇਸ਼ਮ ਗਰਗ ਉਨ੍ਹਾਂ ਦਾ ਪੀ. ਏ. ਨਹੀਂ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੇਸ਼ਮ ਗਰਗ ਨੂੰ ਸ਼ੁੱਕਰਵਾਰ ਦੁਪਹਿਰ ਅਦਾਲਤ ਵਿਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 20 ਫਰਵਰੀ ਤਕ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ, ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ ।ਦੂਜੇ ਪਾਸੇ ਵਿਜੀਲੈਂਸ ਬਿਊਰੋ ਦੇ ਐੱਸ. ਐੱਸ. ਪੀ. ਹਰਪਾਲ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਵਿਧਾਇਕ ਦੀ ਕੋਈ ਭੂਮਿਕਾ ਹੈ ਜਾਂ ਨਹੀਂ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਵਿਜੀਲੈਂਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ


Harnek Seechewal

Content Editor

Related News