ਤਲਵੰਡੀ ਸਾਬੋ ''ਚ ਅਕਾਲੀ ਨੇਤਾ ’ਤੇ ਹਮਲਾ, ਚਿੜੀਆ ਬਸਤੀ ਦੇ 600 ਵੋਟਰਾਂ ਵੱਲੋਂ ਵੋਟਿੰਗ ਦਾ ਬਾਈਕਾਟ
Sunday, Dec 14, 2025 - 08:51 PM (IST)
ਬਠਿੰਡਾ (ਵਿਜੈ ਵਰਮਾ): ਜ਼ਿਲ੍ਹੇ ਵਿੱਚ ਐਤਵਾਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੌਰਾਨ ਤਲਵੰਡੀ ਸਾਬੋ ਦੇ ਪਿੰਡ ਫਤਹਿਗੜ੍ਹ ਨੋ ਆਬਾਦ ਵਿੱਚ ਉਸ ਸਮੇਂ ਤਣਾਅਪੂਰਨ ਹਾਲਾਤ ਬਣ ਗਏ, ਜਦੋਂ ਅਕਾਲੀ ਦਲ ਨਾਲ ਸਬੰਧਤ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰਤਾਪ ਸਿੰਘ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਹਮਲੇ ਵਿੱਚ ਗੁਰਪ੍ਰਤਾਪ ਸਿੰਘ ਦੀ ਲੱਤ ਉੱਤੇ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੇ ਅਕਾਲੀ ਨੇਤਾਵਾਂ ਨੇ ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਵਿਧਾਇਕਾ ਬਲਜਿੰਦਰ ਕੌਰ ’ਤੇ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੇ ਦੋਸ਼ ਲਗਾਏ। ਜ਼ਖ਼ਮੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਲੋਕ ਬੂਥ ’ਤੇ ਪਹੁੰਚ ਕੇ ਹੰਗਾਮਾ ਕਰਨ ਲੱਗ ਪਏ ਅਤੇ ਕਥਿਤ ਤੌਰ ’ਤੇ ਬੂਥ ਕੈਪਚਰ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਪੁਲਸ ਨੂੰ ਸੂਚਿਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ।
ਗੁਰਪ੍ਰਤਾਪ ਸਿੰਘ ਅਨੁਸਾਰ, ਜਦੋਂ ਉਹ ਖੁਦ ਵੋਟ ਪਾਉਣ ਲਈ ਅੱਗੇ ਵਧੇ ਤਾਂ 'ਆਪ' ਨਾਲ ਜੁੜੇ ਲੋਕਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਲੱਤ ਉੱਤੇ ਸੱਟ ਲੱਗ ਗਈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਾਹਰੀ ਗੁੰਡਿਆਂ ਨਾਲ ਮਿਲ ਕੇ ਫ਼ਰਜ਼ੀ ਵੋਟਿੰਗ ਕਰਵਾਈ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਦੇ ਨੇਤਾ ਰਵਿਪ੍ਰੀਤ ਸਿੰਘ ਨੇ ਵੀ ਆਮ ਆਦਮੀ ਪਾਰਟੀ ਅਤੇ ਤਲਵੰਡੀ ਸਾਬੋ ਦੀ ਵਿਧਾਇਕਾ ਬਲਜਿੰਦਰ ਕੌਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਕੇ ਚੋਣ ਜਿੱਤਣਾ ਕੋਈ ਬਹਾਦਰੀ ਨਹੀਂ। ਜੇ ਸਰਕਾਰ ਨੂੰ ਆਪਣੇ ਵਿਕਾਸ ਕਾਰਜਾਂ ’ਤੇ ਭਰੋਸਾ ਹੁੰਦਾ ਤਾਂ ਉਹ ਲੋਕਤੰਤਰਿਕ ਢੰਗ ਨਾਲ ਲੋਕਾਂ ਕੋਲ ਜਾ ਕੇ ਵੋਟ ਮੰਗਦੀ, ਨਾ ਕਿ ਧੱਕੇਸ਼ਾਹੀ ਅਤੇ ਦਬਾਅ ਰਾਹੀਂ ਵੋਟਿੰਗ ਕਰਵਾਉਂਦੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਤਲਵੰਡੀ ਸਾਬੋ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਅਕਾਲੀ ਨੇਤਾਵਾਂ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇ ਕਾਰਵਾਈ ਵਿੱਚ ਦੇਰੀ ਹੋਈ ਤਾਂ ਉਹ ਅੰਦੋਲਨ ਕਰਨ ਤੋਂ ਪਿੱਛੇ ਨਹੀਂ ਹਟਣਗੇ।
ਇਸ ਦਰਮਿਆਨ, ਨੇਹਿਆਂਵਾਲਾ ਖੇਤਰ ਦੇ ਅਧੀਨ ਆਉਂਦੀ ਚਿੜੀਆ ਬਸਤੀ ਵਿੱਚ ਵੀ ਚੋਣਾਂ ਦੌਰਾਨ ਅਨੋਖਾ ਵਿਰੋਧ ਦੇਖਣ ਨੂੰ ਮਿਲਿਆ। ਬਸਤੀ ਦੇ ਕਰੀਬ 600 ਵੋਟਰਾਂ ਨੇ ਬੁਨਿਆਦੀ ਸਹੂਲਤਾਂ ਅਤੇ ਵਿਕਾਸ ਕਾਰਜਾਂ ਦੀ ਕਮੀ ਦੇ ਵਿਰੋਧ ਵਜੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਪੂਰੀ ਤਰ੍ਹਾਂ ਬਹਿਸਕਾਰ ਕੀਤਾ। ਹੈਰਾਨੀ ਦੀ ਗੱਲ ਇਹ ਰਹੀ ਕਿ 600 ਵੋਟਰਾਂ ਵਿੱਚੋਂ ਇਕ ਵੀ ਵੋਟ ਨਹੀਂ ਪਈ।
ਬਸਤੀਵਾਸੀਆਂ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕ ਬੀਮਾਰ ਹੋ ਰਹੇ ਹਨ, ਸੜਕਾਂ ਦੀ ਹਾਲਤ ਬਦਤਰ ਹੈ ਅਤੇ ਹੋਰ ਮੂਲਭੂਤ ਸਹੂਲਤਾਂ ਵੀ ਉਪਲਬਧ ਨਹੀਂ ਕਰਵਾਈਆਂ ਗਈਆਂ। ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਮਜਬੂਰ ਹੋ ਕੇ ਉਨ੍ਹਾਂ ਨੇ ਸ਼ਾਂਤੀਪੂਰਵਕ ਚੋਣਾਂ ਦਾ ਬਹਿਸਕਾਰ ਕਰਨ ਦਾ ਫ਼ੈਸਲਾ ਲਿਆ। ਬਸਤੀਵਾਸੀਆਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਉਹ ਆਉਣ ਵਾਲੀ ਹਰ ਚੋਣ ਵਿੱਚ ਇਸੇ ਤਰ੍ਹਾਂ ਵੋਟ ਦਾ ਬਹਿਸਕਾਰ ਕਰਨਗੇ। ਚਿੜੀਆ ਬਸਤੀ ਦੇ ਇਸ ਕਦਮ ਨੇ ਪ੍ਰਸ਼ਾਸਨ ਅਤੇ ਰਾਜਨੀਤਿਕ ਪਾਰਟੀਆਂ ਦੇ ਸਾਹਮਣੇ ਵਿਕਾਸ ਕਾਰਜਾਂ ਨੂੰ ਲੈ ਕੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
