ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹਮਲੇ ਦੇ ਮਾਮਲੇ ‘ਚ ਪੁਲਸ ਦੀ ਕਾਰਵਾਈ ‘ਤੇ ਉੱਠੇ ਸਵਾਲ
Friday, May 22, 2026 - 06:29 PM (IST)
ਬੁਢਲਾਡਾ (ਬਾਂਸਲ)- ਹਲਕਾ ਬੁਢਲਾਡਾ ਦੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਦੀ ਕਾਰ ‘ਤੇ ਹੋਏ ਹਮਲੇ ਅਤੇ ਭੰਨਤੋੜ ਮਾਮਲੇ ਵਿਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਰਾਜਨੀਤਿਕ ਮਾਹੌਲ ਗਰਮਾ ਗਿਆ ਹੈ। ਘਟਨਾ ਤੋਂ ਤਿਨ ਦਿਨ ਬਾਅਦ ਵੀ ਦੋਸ਼ੀਆਂ ਦੀ ਪਛਾਣ ਨਾ ਹੋਣ ਕਾਰਨ ਸਾਬਕਾ ਵਿਧਾਇਕ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਾਮਰੇਡ ਹਰਦੇਵ ਅਰਸ਼ੀ ਨੇ ਪੁਲਸ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਘਟਨਾ ਦੌਰਾਨ ਉਹ ਚੋਣ ਜਲਸਿਆਂ ਨੂੰ ਸੰਬੋਧਨ ਕਰ ਰਹੇ ਸਨ ਅਤੇ ਇਸ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੀ ਕਾਰ ਦੀ ਬੁਰੀ ਤਰ੍ਹਾਂ ਨਾਲ ਤੋੜਭੰਨ ਕੀਤੀ ਗਈ ਸੀ।
ਇਹ ਵੀ ਪੜ੍ਹੋ-ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼
ਸਾਬਕਾ ਵਿਧਾਇਕ ਨੇ ਕਿਹਾ ਕਿ ਘਟਨਾ ਨੂੰ ਵਾਪਰੇ ਕਾਫੀ ਸਮਾਂ ਬੀਤ ਚੁੱਕਾ ਹੈ, ਪਰੰਤੂ ਪੁਲਸ ਹਾਲੇ ਤੱਕ ਹਮਲਾਵਰਾਂ ਦੀ ਨਿਸ਼ਾਨਦੇਹੀ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਨਾ ਸਿਰਫ ਉਹ ਖੁਦ ਸਗੋਂ ਉਨ੍ਹਾਂ ਦੇ ਵਰਕਰ ਅਤੇ ਸਮਰਥਕ ਵੀ ਨਿਰਾਸ਼ ਅਤੇ ਚਿੰਤਤ ਹਨ। ਉਨ੍ਹਾਂ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਵਾਪਰੀ ਇਸ ਘਟਨਾ ਨੇ ਲੋਕਤੰਤਰਕ ਮਾਹੌਲ ਨੂੰ ਠੇਸ ਪਹੁੰਚਾਈ ਹੈ ਅਤੇ ਇਸ ਨਾਲ ਰਾਜਨੀਤਿਕ ਵਰਕਰਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋਈ ਹੈ। ਕਾਮਰੇਡ ਹਰਦੇਵ ਅਰਸ਼ੀ ਨੇ ਕਿਹਾ ਕਿ ਇਸ ਘਟਨਾ ਦੀ ਨਿੰਦਾ ਸਿਰਫ ਉਨ੍ਹਾਂ ਦੀ ਪਾਰਟੀ ਤੱਕ ਸੀਮਿਤ ਨਹੀਂ ਰਹੀ, ਸਗੋਂ ਵੱਖ-ਵੱਖ ਜਮਹੂਰੀ, ਅਗਾਂਹਵਧੂ ਅਤੇ ਸੁਹਿਰਦ ਧਿਰਾਂ ਵੱਲੋਂ ਵੀ ਇਸ ਨੂੰ ਲੋਕਤੰਤਰ ‘ਤੇ ਹਮਲਾ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਦੇ ਕੇਂਦਰੀ ਅਤੇ ਸੂਬਾਈ ਆਗੂਆਂ ਤੋਂ ਇਲਾਵਾ ਹਜ਼ਾਰਾਂ ਸ਼ੁਭਚਿੰਤਕਾਂ ਅਤੇ ਆਮ ਲੋਕਾਂ ਵੱਲੋਂ ਉਨ੍ਹਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਇਸ ਸਹਿਯੋਗ ਅਤੇ ਸਮਰਥਨ ਲਈ ਸਭ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਖਿਲਾਫ ਸਮੇਂ ਸਿਰ ਕਾਰਵਾਈ ਨਾ ਹੋਵੇ ਤਾਂ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਤੇਜ਼ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਭਰੋਸਾ ਕਾਨੂੰਨ ਵਿਵਸਥਾ ‘ਤੇ ਬਣਿਆ ਰਹੇ। ਦੂਸਰੇ ਪਾਸੇ ਸਿਟੀ ਪੁਲਸ ਵੱਲੋਂ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਘਟਨਾ ਵਾਲੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਤਕਨੀਕੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਦੋਸ਼ੀਆਂ ਤੱਕ ਪਹੁੰਚਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਘਟਨਾ ਦੀ ਜਾਂਚ ਬਹੁਤ ਹੀ ਬਾਰੀਕੀ ਨਾਲ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਐੱਸਐੱਸਪੀ ਨੇ ਭਰੋਸਾ ਦਿਵਾਇਆ ਕਿ ਪੁਲਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਇਸ ਮਾਮਲੇ ਵਿੱਚ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਰਾਜਨੀਤਿਕ ਮਾਹੌਲ ਵਿੱਚ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੱਖ-ਵੱਖ ਰਾਜਨੀਤਿਕ ਅਤੇ ਸਮਾਜਿਕ ਧਿਰਾਂ ਵੱਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਇਸ ਤਰ੍ਹਾਂ ਦੀਆਂ ਘਟਨਾਵਾਂ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹਨ ਅਤੇ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਵਿੱਚ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਫਿਲਹਾਲ ਪੁਲਸ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਦੀ ਨਿਗਾਹ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਦੋਸ਼ੀਆਂ ਦੀ ਪਛਾਣ ਕਦੋਂ ਤੱਕ ਹੁੰਦੀ ਹੈ ਅਤੇ ਉਨ੍ਹਾਂ ਖਿਲਾਫ ਕਿਹੜੀ ਕਾਰਵਾਈ ਕੀਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
