ਹਰਸਿਮਰਤ ਬਾਦਲ ਦੀ ਅਗਵਾਈ ਹੇਠ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਮੁਹਿੰਮ ਤਹਿਤ ਰੋਸ ਧਰਨਾ
Tuesday, Sep 22, 2026 - 05:16 PM (IST)
ਮਾਨਸਾ (ਮਿੱਤਲ) : ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ, ਮਹਿਲਾਵਾਂ ਦੀ ਸੁਰੱਖਿਆ ਅਤੇ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਅੱਜ ਮਾਨਸਾ ਵਿਖੇ ‘ਮਾਵਾਂ-ਧੀਆਂ ਨੂੰ ਸਤਿਕਾਰ ਦਿਓ’ ਦੇ ਬੈਨਰ ਹੇਠ ਮਹਿਲਾਵਾਂ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਹ ਧਰਨਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਮਹਿਲਾਵਾਂ ਵੱਲੋ ਮੰਗਾਂ ਸਬੰਧੀ ਮੰਗ ਪੱਤਰ ਮਾਨਸਾ ਦੀ ਐਸ.ਡੀ.ਐੱਮ. ਬਲਜੀਤ ਕੌਰ ਨੂੰ ਸੌਂਪਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਨਸ਼ਿਆਂ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਪਰਿਵਾਰਾਂ ਵਿੱਚ ਮਾਵਾਂ ਅਤੇ ਧੀਆਂ ਨੂੰ ਇਸ ਦਾ ਦਰਦ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਘਰਾਂ ਦੇ ਨੌਜਵਾਨ ਪ੍ਰਭਾਵਿਤ ਹੋ ਰਹੇ ਹਨ ਅਤੇ ਪਰਿਵਾਰ ਆਰਥਿਕ ਤੇ ਸਮਾਜਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।
ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਸਬੰਧੀ ਕੀਤੇ ਗਏ ਵਾਅਦਿਆਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ’ਤੇ ਮੁਹਿੰਮਾਂ ਅਤੇ ਇਸ਼ਤਿਹਾਰ ਚਲਾਏ ਜਾ ਰਹੇ ਹਨ, ਪਰ ਦੂਜੇ ਪਾਸੇ ਪਰਿਵਾਰ ਅਜੇ ਵੀ ਨਸ਼ਿਆਂ ਦੇ ਪ੍ਰਭਾਵ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਾਵਾਂ ਅਤੇ ਧੀਆਂ ਨੇ ਆਪਣੇ ਪਰਿਵਾਰਾਂ ਅਤੇ ਪੰਜਾਬ ਦੇ ਭਵਿੱਖ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਉਨ੍ਹਾਂ ਨੂੰ ਸਿਰਫ਼ ਵਾਅਦਿਆਂ ਦੀ ਬਜਾਏ ਇਨਸਾਫ਼, ਸੁਰੱਖਿਆ ਅਤੇ ਸਨਮਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਨਸ਼ਾ ਪ੍ਰਭਾਵਿਤ ਪਰਿਵਾਰਾਂ ਲਈ ਪ੍ਰਭਾਵਸ਼ਾਲੀ ਪੁਨਰਵਾਸ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਵਿੱਚ ‘ਮਾਵਾਂ-ਧੀਆਂ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਥਾਵਾਂ ’ਤੇ ਮਹਿਲਾਵਾਂ ਦੇ ਇਕੱਠ ਕਰਕੇ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪੇ ਜਾ ਰਹੇ ਹਨ। ਧਰਨੇ ਦੌਰਾਨ ਮਹਿਲਾਵਾਂ ਨੇ ਨਸ਼ਿਆਂ ਦੇ ਖ਼ਾਤਮੇ, ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ, ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਅਤੇ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।
