ਝੋਟਾ ਮਾਮਲੇ ''ਚ ਕੇਂਦਰ ਗੰਭੀਰ, ਸਾਹਮਣੇ ਆਵੇਗਾ ਪੂਰਾ ਸੱਚ : ਜਗਦੀਪ ਸਿੰਘ ਨਕਈ
Wednesday, Oct 21, 2026 - 05:50 PM (IST)
ਮਾਨਸਾ : ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਉਣ ਦੀ ਮੰਗ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਉਣ ਲਈ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਅਤੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਸਿੰਘ ਨਕਈ ਨੇ ਦੱਸਿਆ ਕਿ ਬੀਤੀ 17 ਅਕਤੂਬਰ ਨੂੰ ਕੇਵਲ ਸਿੰਘ ਢਿੱਲੋਂ ਝੋਟਾ ਮਾਮਲੇ ਸਬੰਧੀ ਚੱਲ ਰਹੇ ਧਰਨੇ ਵਾਲੀ ਥਾਂ ’ਤੇ ਪਹੁੰਚੇ ਸਨ। ਇਸ ਦੌਰਾਨ ਪਰਿਵਾਰ ਦੇ ਬਾਪੂ ਭੀਮ ਸਿੰਘ ਵੱਲੋਂ ਮੰਗ ਉਠਾਈ ਗਈ ਸੀ ਕਿ ਮਾਮਲੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਇਸ ਦੀ ਜਾਂਚ CBI ਤੋਂ ਕਰਵਾਈ ਜਾਵੇ, ਤਾਂ ਜੋ ਘਟਨਾ ਨਾਲ ਜੁੜੇ ਸਾਰੇ ਤੱਥ ਸਾਹਮਣੇ ਆ ਸਕਣ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।
ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੇ ਪਰਿਵਾਰ ਦੀ ਇਸ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ 20 ਅਕਤੂਬਰ ਨੂੰ ਅਮਿਤ ਸ਼ਾਹ ਵੱਲੋਂ ਪੀੜਤ ਪਰਿਵਾਰ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ ਗਈ। ਨਕਈ ਅਨੁਸਾਰ, ਇਸ ਮੁਲਾਕਾਤ ਦੌਰਾਨ ਗ੍ਰਹਿ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਕਾਨੂੰਨ ਅਨੁਸਾਰ ਕਾਰਵਾਈ ਹੋ ਸਕੇ।
ਨਿਰਪੱਖ ਜਾਂਚ ਨਾਲ ਸਾਹਮਣੇ ਆਵੇ ਸੱਚ: ਨਕਈ
ਜਗਦੀਪ ਸਿੰਘ ਨਕਈ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਉਮੀਦ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਰਾਹੀਂ ਸੱਚਾਈ ਸਾਹਮਣੇ ਆਵੇਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨਸਾਫ਼ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਪੱਖਪਾਤ ਨਹੀਂ ਹੋਣਾ ਚਾਹੀਦਾ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪੀੜਤ ਪਰਿਵਾਰ ਵੱਲੋਂ ਸਬੰਧਤ ਦੁਕਾਨ ਨੂੰ ਢਾਹੁਣ ਦੀ ਮੰਗ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਦੁਕਾਨ ਢਾਹੁਣ ਦੀ ਕਾਰਵਾਈ ਕਾਰਨ ਸਬੂਤਾਂ ਨੂੰ ਨੁਕਸਾਨ ਪਹੁੰਚਣ ਦੇ ਖ਼ਦਸ਼ੇ ਪੈਦਾ ਹੋਏ ਹਨ। ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਦਾਰ ਨਕਈ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੇ ਸੂਬੇ ਦੀ ਨੌਜਵਾਨ ਪੀੜ੍ਹੀ ਅਤੇ ਅਨੇਕਾਂ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੇ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਕਾਨੂੰਨ ਦੀ ਪ੍ਰਭਾਵਸ਼ਾਲੀ ਕਾਰਵਾਈ ਲੋਕਾਂ ਦਾ ਭਰੋਸਾ ਕਾਇਮ ਰੱਖਣ ਲਈ ਬੇਹੱਦ ਜ਼ਰੂਰੀ ਹੈ।
