8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਚ ਹੋਵੇਗੀ ਅਕਾਲੀ-ਭਾਜਪਾ ਗਠਜੋੜ ਦੀ ਇਤਿਹਾਸਕ ਵਿਸ਼ਾਲ ਰੈਲੀ : ਟੋਡਰਪੁਰ

Sunday, Nov 29, 2026 - 07:41 PM (IST)

8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਚ ਹੋਵੇਗੀ ਅਕਾਲੀ-ਭਾਜਪਾ ਗਠਜੋੜ ਦੀ ਇਤਿਹਾਸਕ ਵਿਸ਼ਾਲ ਰੈਲੀ : ਟੋਡਰਪੁਰ

ਬੁਢਲਾਡਾ (ਮਨਜੀਤ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ਵੱਲੋਂ 8 ਦਸੰਬਰ ਨੂੰ ਮੋਗਾ ਦੀ ਅਨਾਜ ਮੰਡੀ ਵਿਖੇ ਇੱਕ ਵਿਸ਼ਾਲ ਅਤੇ ਇਤਿਹਾਸਕ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਵਸ ਨੂੰ ਸਮਰਪਿਤ ਹੋਵੇਗੀ। ਰੈਲੀ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਵਿਸ਼ਾਲ ਇਕੱਠ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਵੱਖ-ਵੱਖ ਰਾਜਾਂ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਤੋਂ ਇਲਾਵਾ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਸ ਸਬੰਧੀ ਜਾਣਕਾਰੀ ਯੂਥ ਅਕਾਲੀ ਦਲ ਪੰਜਾਬ ਮੈਂਬਰ ਕੋਰ ਕਮੇਟੀ ਅਤੇ ਸਾਬਕਾ ਜਿਲਾ ਪ੍ਰਧਾਨ ਯੂਥ ਅਕਾਲੀ ਮਾਨਸਾ  ਸਰਦਾਰ ਗੁਰਦੀਪ ਸਿੰਘ ਟੋਡਰਪੁਰ ਨੇ ਮੋਗਾ ਦੀ ਅਨਾਜ ਮੰਡੀ ਵਿਖੇ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ  ਐਤਵਾਰ ਨੂੰ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ 8 ਦਸੰਬਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਸਿਰਜੇਗੀ ਅਤੇ ਅਕਾਲੀ-ਭਾਜਪਾ ਗਠਜੋੜ ਦੀ ਏਕਤਾ, ਮਜ਼ਬੂਤੀ ਅਤੇ ਲੋਕਪ੍ਰਿਯਤਾ ਦਾ ਵੱਡਾ ਪ੍ਰਦਰਸ਼ਨ ਹੋਵੇਗੀ।

ਉਨ੍ਹਾਂ ਕਿਹਾ ਕਿ ਸਵਰਗੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਆਪਣਾ ਸਮੁੱਚਾ ਜੀਵਨ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਨੂੰ ਸਮਰਪਿਤ ਕੀਤਾ। ਉਨ੍ਹਾਂ ਦੀ ਯਾਦ ਅਤੇ ਜਨਮ ਦਿਵਸ ਨੂੰ ਸਮਰਪਿਤ ਇਹ ਰੈਲੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੋਵੇਗੀ।

ਡਰਪੁਰ ਨੇ ਕਿਹਾ ਕਿ ਇਸ ਰੈਲੀ ਵਿੱਚ ਪੰਜਾਬ ਦੇ ਕੋਨੇ-ਕੋਨੇ ਤੋਂ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਯੂਥ ਅਕਾਲੀ ਦਲ ਦੇ ਵਰਕਰਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਨੌਜਵਾਨ ਆਗੂਆਂ ਤੇ ਵਰਕਰਾਂ ਨੇ ਹੁਣ ਤੋਂ ਹੀ ਆਪਣੀਆਂ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਪਿੰਡ ਪੱਧਰ ਤੋਂ ਲੈ ਕੇ ਹਲਕਾ ਅਤੇ ਜ਼ਿਲ੍ਹਾ ਪੱਧਰ ਤੱਕ ਲਾਮਬੰਦੀ ਕੀਤੀ ਜਾ ਰਹੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਇਹ ਵਿਸ਼ਾਲ ਰੈਲੀ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ 8 ਦਸੰਬਰ ਦੀ ਰੈਲੀ ਅਕਾਲੀ-ਭਾਜਪਾ ਗਠਜੋੜ ਦੀ ਪਹਿਲੀ ਸ਼ਾਨਦਾਰ ਅਤੇ ਯਾਦਗਾਰੀ ਰੈਲੀ ਸਾਬਤ ਹੋਵੇਗੀ, ਜਿਸ ਵਿੱਚ ਪੰਜਾਬ ਦੇ ਲੋਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਤਾਕਤ ਦਾ ਅਹਿਸਾਸ ਕਰਵਾਉਣਗੇ। ਇਸ ਮੌਕੇ ਜਸਵਿੰਦਰ ਸਿੰਘ ਚਕਰੇਰੀਆ, ਹਰਪਾਲ ਸਿੰਘ ਖੁਡਾਲ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਹੋਰ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


author

Anmol Tagra

Content Editor

Related News