ਦੋ ਪਹੀਆ ਵਾਹਨਾਂ ''ਤੇ ਸਕੂਲ ਆਉਂਦੇ ਵਿਦਿਆਰਥੀਆਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਡੀਸੀ ਨੇ ਦਿੱਤੇ ਇਹ ਹੁਕਮ

Saturday, Sep 10, 2022 - 02:30 PM (IST)

ਦੋ ਪਹੀਆ ਵਾਹਨਾਂ ''ਤੇ ਸਕੂਲ ਆਉਂਦੇ ਵਿਦਿਆਰਥੀਆਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਡੀਸੀ ਨੇ ਦਿੱਤੇ ਇਹ ਹੁਕਮ

ਮਾਨਸਾ (ਮਨਜੀਤ ਕੌਰ) : ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ 'ਚ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲੰਬੀ ਉਡੀਕ ਤੋਂ ਬਾਅਦ‘ਬਡਰੁੱਖਾਂ’ ਵਿਖੇ ਸਥਾਪਿਤ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਇਸ ਦੇ ਲਈ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਕਿ ਮਹੀਨੇ ਦੇ ਅੰਦਰ-ਅੰਦਰ ਆਪਣੇ-ਆਪਣੇ ਸਕੂਲੀ ਵਾਹਨਾਂ ਦੀਆਂ ਤੁਰੱਟੀਆਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿਸ ਵਾਹਨ ਵਿਚ ਇਕ ਵੀ ਵਿਦਿਆਰਥਣ ਆਉਂਦੀ ਹੈ, ਉਸ ਵਿਚ ਲੇਡੀਜ਼ ਅਟੈਂਡੈਟ ਦੀ ਸੁਵਿਧਾ ਲਾਜ਼ਮੀ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲ ਵੈਨ ਦੇ ਅੰਦਰ ਸੀ. ਸੀ. ਟੀ. ਵੀ. ਕੈਮਰੇ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ. ਪੀ. ਐੱਸ. ਆਦਿ ਲੱਗੇ ਹੋਣੇ ਲਾਜ਼ਮੀ ਹਨ।

ਇਹ ਵੀ ਪੜ੍ਹੋ : ਸ਼ਰਾਬ ਫੈਕਟਰੀ ਕਾਰਨ ਬੱਚੇ ਵੀ ਹੋਏ ਗੰਭੀਰ ਬੀਮਾਰੀਆਂ ਦਾ ਸ਼ਿਕਾਰ, ਧਰਨਾਕਾਰੀਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ

ਇਸ ਤੋਂ ਇਲਾਵਾ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੀ ਪੁਲਸ ਵੈਰੀਫਿਕੇਸ਼ਨ ਅਤੇ ਡੌਪ ਟੈਸਟ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਡਰਾਇਵਰ ਡਰਿੰਕ ਐਡ ਡਰਾਈਵ ਦਾ ਚਲਾਨ ਭੁਗਤ ਚੁੱਕਿਆ ਹੈ ਤਾਂ ਉਸਨੂੰ ਤੁਰੰਤ ਨੌਕਰੀ ਤੋਂ ਫਾਰਗ ਕੀਤਾ ਜਾਵੇ। ਨਵੇਂ ਡਰਾਇਵਰ ਅਤੇ ਕੰਡਕਟਰ ਰੱਖਣ ਸਮੇਂ ਉਨ੍ਹਾਂ ਦਾ ਮੈਡੀਕਲ ਅਤੇ ਪੁਲਸ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਵੈਨ ਵਿਚ ਸਮਰੱਥਾ ਤੋਂ ਵਧੇਰੇ ਬੱਚੇ ਨਾ ਬਿਠਾਏ ਜਾਣ, ਕੋਈ ਵੀ ਬੱਚਾ ਵੈਨ ਵਿਚ ਖੜ੍ਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੁਲਸ ਅਧਿਕਾਰੀਆਂ ਨੂੰ 18 ਤੋਂ ਘੱਟ ਉਮਰ ਦੇ ਬੱਚੇ ਜੋ ਸਕੂਲਾਂ ਵਿਚ ਦੋ ਪਹੀਆ ਵਾਹਨ ਦਾ ਇਸਤੇਮਾਲ ਕਰਦੇ ਹਨ, ਅਤੇ ਜਿਨ੍ਹਾਂ ਕੋਲ ਡਰਾਈਵਿੰਗ ਲਾਇਸੈਂਸ ਵੀ ਨਹੀਂ ਹੁੰਦਾ, ਉਨ੍ਹਾਂ ਦੇ ਤੁਰੰਤ ਚਲਾਨ ਕੱਟਣ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀ ਦੋ ਪਹੀਆ ਵਾਹਨ ’ਤੇ ਆਉਂਦੇ ਹਨ ਉਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ : 'ਮੈਂ ਗੋਲਡੀ ਬਰਾੜ ਗੈਂਗ ਤੋਂ ਬੋਲਦਾ ਹਾਂ, 2 ਲੱਖ ਦਿਓ, ਨਹੀਂ ਤਾਂ ਸਾਰਾ ਪਰਿਵਾਰ ਖ਼ਤਮ ਕਰ ਦਿਆਂਗੇ'

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ ਵੈਨਾਂ ਵਿਚ ਬੱਚਿਆਂ ਦੀ ਐਮਰਜੈਂਸੀ ਐਗਜ਼ਿਟ ਦੀ ਟ੍ਰੇਨਿੰਗ ਕਰਵਾਉਣ ਲਈ ਕਿਹਾ ਅਤੇ ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਾਪੇ ਅਧਿਆਪਕ ਮਿਲਣੀ ਮੀਟਿੰਗ ਵਿਚ ਸਬੰਧਤ ਥਾਣੇ ਦੇ ਐੱਸ.ਐੱਚ.ਓ. ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਬੱਚਿਆਂ ਦੇ ਮਾਪਿਆਂ ਨੂੰ ਵੀ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਸੂਬੇ ’ਚ ਉਦਯੋਗਿਕ ਵਿਕਾਸ ਨੂੰ ਬੜ੍ਹਾਵਾ ਦੇਣ ਲਈ CM ਮਾਨ 11 ਤੋਂ 18 ਸਤੰਬਰ ਤੱਕ ਕਰਨਗੇ ਜਰਮਨੀ ਦਾ ਦੌਰਾ

ਇਸ ਤੋਂ ਪਹਿਲਾਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਵੱਲੋਂ ਮੀਟਿੰਗ ਵਿਚ ਮੌਜੂਦ ਸਮੂਹ ਸਕੂਲ ਮੁਖੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਟੀ. ਬੈਨਿਥ, ਐੱਸ. ਡੀ. ਐੱਮ. ਮਾਨਸਾ ਹਰਜਿੰਦਰ ਜੱਸਲ, ਮੈਡਮ ਤੁਸ਼ਿਤਾ ਗੁਲਾਟੀ (ਪੀ.ਸੀ.ਐੱਸ), ਡੀ.ਐੱਸ.ਪੀ. ਬੂਟਾ ਸਿੰਘ, ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਜ਼ਿਲਾ ਸਿੱਖਿਆ ਦਫ਼ਤਰ ਸੈਕੰਡਰੀ ਅਤੇ ਪ੍ਰਾਇਮਰੀ ਦੇ ਨੁਮਾਇੰਦੇ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿੱਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Anuradha

Content Editor

Related News