ਵਿਜੀਲੈਂਸ ਨੇ ਰਜਿਸਟਰੀ ਕਲਰਕ ਤੇ ਚੌਕੀਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Friday, Sep 16, 2022 - 11:58 AM (IST)

ਵਿਜੀਲੈਂਸ ਨੇ ਰਜਿਸਟਰੀ ਕਲਰਕ ਤੇ ਚੌਕੀਦਾਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਮਾਨਸਾ(ਜੱਸਲ) : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਝੂਨੀਰ ਵਿਖੇ ਤਾਇਨਾਤ ਰਜਿਸਟਰੀ ਕਲਰਕ ਗੁਰਪ੍ਰਕਾਸ਼ ਸਿੰਘ ਅਤੇ ਚੌਕੀਦਾਰ ਮੰਗਤ ਸਿੰਘ ਨੂੰ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਜਿਸਟਰੀ ਕਲਰਕ ਅਤੇ ਚੌਕੀਦਾਰ ਨੂੰ ਬਹਾਦਰ ਸਿੰਘ ਵਾਸੀ ਪਿੰਡ ਬੁਰਜ ਭਲਾਈ ਕੇ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਸਰਕਾਰੀ ਸਕੂਲ ਦੇ ਬੱਚਿਆਂ ਨੇ ਕੀਤੀ ਬਦਬੂਦਾਰ ਪਾਣੀ ਦੀ ਸ਼ਿਕਾਇਤ, ਟੈਂਕੀ ਚੈੱਕ ਕੀਤੀ ਤਾਂ ਉੱਡੇ ਸਭ ਦੇ ਹੋਸ਼

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਮੁਲਜ਼ਮ ਕਲਰਕ ਉਸਦੀ ਜਾਇਦਾਦ ਸਬੰਧੀ ਅਦਾਲਤੀ ਹੁਕਮਾਂ ਨੂੰ ਲਾਗੂ ਕਰਨ ਲਈ 5,000 ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸੌਦਾ 2000 ਰੁਪਏ ਵਿਚ ਤੈਅ ਹੋਇਆ। ਉਸ ਨੇ ਦੱਸਿਆ ਕਿ ਉਹ ਇਸੇ ਕੰਮ ਲਈ ਨਾਇਬ ਤਹਿਸੀਲਦਾਰ, ਝੂਨੀਰ ਨੂੰ ਪਹਿਲਾਂ ਹੀ 15,000 ਰੁਪਏ ਦੇ ਚੁੱਕਾ ਹੈ। ਸੂਚਨਾ ਦੀ ਪੜਤਾਲ ਉਪਰੰਤ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਚੌਕੀਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਜਿਸਟਰੀ ਕਲਰਕ ਨੂੰ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਰਿਸ਼ਵਤਖੋਰੀ ਦੇ ਇਸ ਮਾਮਲੇ ਵਿਚ ਦੋਸ਼ੀ ਰਜਿਸਟਰੀ ਕਲਰਕ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News