ਕਿਸਾਨਾਂ ਲਈ ਗੁੱਡ ਨਿਊਜ਼, ਸਰਕਾਰ ਨੇ PM ਕਿਸਾਨ APP ਕੀਤੀ ਲਾਂਚ

02/24/2020 1:42:17 PM

ਨਵੀਂ ਦਿੱਲੀ— ਹੁਣ ਤੁਸੀਂ ਸਮਾਰਟ ਫੋਨ 'ਤੇ ਪੀ. ਐੱਮ. ਕਿਸਾਨ ਯੋਜਨਾ ਨਾਲ ਜੁੜ ਸਕੋਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਪਹਿਲੀ ਵਰ੍ਹੇਗੰਢ ਮੌਕੇ ਖੇਤੀਬਾੜੀ ਮੰਤਰੀ ਨੇ ਸੋਮਵਾਰ ਨੂੰ 'PM ਕਿਸਾਨ' ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ।


ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ 24 ਫਰਵਰੀ 2019 ਨੂੰ ਉੱਤਰ ਪ੍ਰਦੇਸ਼ ਦੇ ਗੋਰਖਪੁਰ ਤੋਂ 75,000 ਕਰੋੜ ਰੁਪਏ ਦੇ ਬਜਟ ਨਾਲ ਪੀ. ਐੱਮ. ਕਿਸਾਨ ਯੋਜਨਾ ਨੂੰ ਹਰੀ ਝੰਡੀ ਦਿੱਤੀ ਸੀ। ਇਸ ਸਕੀਮ 'ਚ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਮਿਲਦੇ ਹਨ। ਇਹ ਦੋ-ਦੋ ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ 'ਚ ਦਿੱਤੇ ਜਾਂਦੇ ਹਨ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਪੱਧਰ 'ਤੇ ਕਿਸਾਨਾਂ ਨੂੰ ਇਕ ਨਿਸ਼ਚਿਤ ਰਾਸ਼ੀ ਸਾਲਾਨਾ ਦਿੱਤੀ ਜਾ ਰਹੀ ਹੈ।
ਹੁਣ ਤੱਕ ਇਸ ਯੋਜਨਾ ਤਹਿਤ 8.5 ਕਰੋੜ ਕਿਸਾਨਾਂ ਨੂੰ ਫਾਇਦਾ ਮਿਲ ਰਿਹਾ ਹੈ। PM ਕਿਸਾਨ ਐਪ ਰਾਹੀਂ ਕਿਸਾਨ ਆਪਣੀ ਪੇਮੈਂਟ ਦੀ ਸਥਿਤੀ ਨੂੰ ਜਾਣ ਸਕਦੇ ਹਨ। ਉੱਥੇ ਹੀ, ਇਸ ਸਕੀਮ ਲਈ ਆਪਣੀ ਯੋਗਤਾ ਤੇ ਹੋਰ ਜਾਣਕਾਰੀ ਜਾਣਨ ਤੋਂ ਇਲਾਵਾ ਕਿਸਾਨ ਖੁਦ ਦੇ ਨਾਮ ਨੂੰ ਵੀ ਸਹੀ ਕਰ ਸਕਦੇ ਹਨ। ਇਸ ਮੌਕੇ ਬੋਲਦਿਆਂ ਖੇਤੀਬਾੜੀ ਮੰਤਰੀ ਸ਼੍ਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ 2022 ਤੱਕ ਕਿਸਾਨਾਂ ਦੀ ਇਨਕਮ ਦੁੱਗਣੀ ਕਰਨ ਲਈ ਵਚਨਬੱਧਤਾ ਹੈ।
ਉਨ੍ਹਾਂ ਕਿਹਾ ਕਿ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ' ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ 'ਚ ਅਹਿਮ ਭੂਮਿਕਾ ਨਿਭਾਵੇਗੀ। ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਜੈਵਿਕ ਖੇਤੀ ਨੂੰ ਵਾਧਾ ਦੇਣ ਤੇ ਖੇਤੀ ਉਤਪਾਦਾਂ ਦੀ ਬਰਾਮਦ ਨੂੰ ਉਤਸ਼ਾਹਤ ਕਰਨ ਲਈ ਕਈ ਕਦਮ ਉਠਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤੀਬਾੜੀ ਤੇ ਕਿਸਾਨਾਂ ਨਾਲ ਸਬੰਧਤ ਯੋਜਨਾਵਾਂ ਲਈ ਲੋੜੀਂਦਾ ਬਜਟ ਅਲਾਟ ਕੀਤਾ ਗਿਆ ਹੈ।


Related News