ਬਜਟ 2019 : ਕਿਸਾਨਾਂ ਨੂੰ ਵੱਡਾ ਤੋਹਫਾ, ਹਰ ਸਾਲ ਮਿਲਣਗੇ 6 ਹਜ਼ਾਰ ਰੁਪਏ

02/01/2019 5:22:37 PM

ਨਵੀਂ ਦਿੱਲੀ— ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਸਰਕਾਰ ਨੇ ਕਿਸਾਨਾਂ ਲਈ 'ਇਨਕਮ ਸਪੋਰਟ' ਸਕੀਮ ਦੀ ਘੋਸ਼ਣਾ ਕੀਤੀ ਹੈ। ਇਸ ਤਹਿਤ ਛੋਟੇ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਤਕ ਦੀ ਰਾਸ਼ੀ ਸਿੱਧੇ ਖਾਤੇ 'ਚ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ਪੀ. ਐੱਮ. ਕਿਸਾਨ ਯੋਜਨਾ ਦਾ ਨਾਂ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਪੱਧਰ 'ਤੇ ਕਿਸਾਨਾਂ ਨੂੰ ਇਕ ਨਿਸ਼ਚਿਤ ਰਾਸ਼ੀ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।

 

1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਨਿਸ਼ਚਿਤ ਆਮਦਨ ਸਹਾਇਤਾ ਮੁਹੱਈਆ ਕਰਵਾਉਣ ਲਈ ਸਰਕਾਰ ਇਕ ਇਤਿਹਾਸਕ ਪ੍ਰੋਗਰਾਮ ਪੀ. ਐੱਮ. ਕਿਸਾਨ ਸ਼ੁਰੂ ਕਰਨ ਜਾ ਰਹੀ ਹੈ। ਇਸ ਪ੍ਰੋਗਰਾਮ ਤਹਿਤ 2 ਹੈਕਟੇਅਰ ਤਕ ਦੀ ਜੋਤ ਵਾਲੇ ਸਾਰੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6,000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ। ਇਹ ਰਾਸ਼ੀ ਤਿੰਨ ਵਾਰ 'ਚ ਯਾਨੀ 2,000-2,000 ਰੁਪਏ ਕਰਕੇ ਕਿਸ਼ਤਾਂ 'ਚ ਕਿਸਾਨਾਂ ਦੇ ਬੈਂਕ ਖਾਤੇ 'ਚ ਟਰਾਂਸਫਰ ਕੀਤੀ ਜਾਵੇਗੀ। ਇਸ ਨਾਲ ਲਗਭਗ 12 ਕਰੋੜ ਛੋਟੇ ਅਤੇ ਸੀਮਾਂਤ ਕਿਸਾਨ ਪਰਿਵਾਰਾਂ ਨੂੰ ਫਾਇਦਾ ਹੋਵੇਗਾ। ਦੱਸ ਦੇਈਏ ਕਿ ਜਿਨ੍ਹਾਂ ਕੋਲ ਢਾਈ ਏਕੜ ਤੋਂ ਘੱਟ ਜ਼ਮੀਨ ਹੈ ਉਨ੍ਹਾਂ ਨੂੰ ਸੀਮਾਂਤ ਅਤੇ ਜਿਨ੍ਹਾਂ ਕੋਲ ਪੰਜ ਏਕੜ ਤਕ ਜ਼ਮੀਨ ਹੈ ਉਨ੍ਹਾਂ ਨੂੰ ਛੋਟੇ ਕਿਸਾਨ ਕਹਿੰਦੇ ਹਨ।

ਕਿਸਾਨਾਂ ਨੂੰ ਇਸ ਸਾਲ ਮਿਲੇਗੀ ਪਹਿਲੀ ਪੇਮੈਂਟ


ਸਭ ਤੋਂ ਖਾਸ ਗੱਲ ਇਹ ਹੈ ਕਿ ਇਸ ਪ੍ਰੋਗਰਾਮ ਨੂੰ 1 ਦਸੰਬਰ 2018 ਤੋਂ ਲਾਗੂ ਮੰਨਿਆ ਜਾਵੇਗਾ ਅਤੇ 31 ਮਾਰਚ 2019 ਤਕ ਦੀ ਮਿਆਦ ਲਈ ਪਹਿਲੀ ਕਿਸ਼ਤ ਦਾ ਭੁਗਤਾਨ ਇਸੇ ਸਾਲ ਦੌਰਾਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਨਾਲ ਸਰਕਾਰ ਦੇ ਖਜ਼ਾਨੇ 'ਤੇ 75,000 ਕਰੋੜ ਰੁਪਏ ਸਾਲਾਨਾ ਬੋਝ ਪਵੇਗਾ। ਵਿੱਤ ਮੰਤਰੀ ਨੇ ਕਿਹਾ ਕਿ 'ਪੀ. ਐੱਮ.' ਕਿਸਾਨ ਪ੍ਰੋਗਰਾਮ ਨਾਲ ਕਿਸਾਨ ਪਰਿਵਾਰਾਂ ਨੂੰ ਨਾ ਸਿਰਫ ਨਿਸ਼ਿਚਤ ਆਮਦਨ ਪ੍ਰਦਾਨ ਕੀਤੀ ਜਾਵੇਗੀ ਸਗੋਂ ਵਾਢੀ ਦੇ ਮੌਸਮ ਤੋਂ ਪਹਿਲਾਂ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਵੀ ਪੂਰਾ ਕੀਤਾ ਜਾਵੇਗਾ।