‘ਸਾਰੀਆਂ ਸਰਕਾਰੀ ਗੱਡੀਆਂ ਨੂੰ ਇਲੈਕਟ੍ਰਿਕ ਬਣਾਉਣ ਦੇ ਹੱਕ ’ਚ ਹਨ ਗਡਕਰੀ’
Saturday, Feb 20, 2021 - 10:03 AM (IST)
 
            
            ਨਵੀਂ ਦਿੱਲੀ– ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ ਆਪਣੇ ਮੰਤਰਾਲੇ ਦੀਆਂ ਸਾਰੀਆਂ ਗੱਡੀਆਂ ਨੂੰ ਇਲੈਕਟ੍ਰਿਕ ਵਾਹਨ ’ਚ ਬਦਲਣ ਜਾ ਰਹੇ ਹਨ। ਉਨ੍ਹਾਂ ਨੇ ਹੋਰ ਵਿਭਾਗਾਂ ਨੂੰ ਵੀ ਇਸ ਦੀ ਪਾਲਣਾ ਕਰਨ ਨੂੰ ਕਿਹਾ ਤਾਂ ਕਿ ਤੇਲ ਦੀ ਦਰਾਮਦ ’ਤੇ ਭਾਰਤ ਦੀ ਨਿਰਭਰਤਾ ’ਚ ਕਮੀ ਲਿਆਂਦੀ ਜਾ ਸਕੇ।
ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਸਰਕਾਰ ਨੂੰ ਪਰਿਵਾਰਾਂ ਨੂੰ ਰਸੋਈ ਗੈਸ ਲਈ ਸਬਸਿਡੀ ਦੇਣ ਦੀ ਥਾਂ ਬਿਜਲੀ ਨਾਲ ਚੱਲਣ ਵਾਲੇ ਖਾਣਾ ਪਕਾਉਣ ਦੇ ਉਪਕਰਣ ਖਰੀਦਣ ਨੂੰ ਲੈ ਕੇ ਸਹਾਇਤਾ ਦੇਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਹਾ ਕਿ ਸਿਰਫ ਦਿੱਲੀ ’ਚ 10,000 ਇਲੈਕਟ੍ਰਿਕ ਬੱਸਾਂ ਦੇ ਇਸਤੇਮਾਲ ਨਾਲ ਹਰ ਮਹੀਨੇ 30 ਕਰੋੜ ਰੁਪਏ ਦੀ ਬੱਚਤ ਹੋਵੇਗੀ। ‘ਗੋ ਇਲੈਕਟ੍ਰਿਕ’ ਮੁਹਿੰਮ ਸ਼ੁਰੂ ਕੀਤੇ ਜਾਣ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਬਿਜਲੀ ਨਾਲ ਖਾਣਾ ਪਕਾਉਣ ਦੀ ਪ੍ਰਣਾਲੀ ਸਾਫ-ਸੁਥਰੀ ਹੈ ਅਤੇ ਇਸ ਨਾਲ ਗੈਸ ਦਰਾਮਦ ’ਤੇ ਨਿਰਭਰਤਾ ਘੱਟ ਹੋਵੇਗੀ। ਗਡਕਰੀ ਨੇ ਸੁਝਾਅ ਦਿੱਤਾ ਕਿ ਸਾਰੇ ਸਰਕਾਰੀ ਅਧਿਕਾਰੀਆਂ ਲਈ ਇਲੈਕਟ੍ਰਿਕ ਵਾਹਨ ਲਾਜ਼ਮੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਬਿਜਲੀ ਮੰਤਰੀ ਆਰ. ਕੇ. ਸਿੰਘ ਨੂੰ ਵੀ ਆਪਣੇ ਵਿਭਾਗ ’ਚ ਅਧਿਕਾਰੀਆਂ ਲਈ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਲਾਜ਼ਮੀ ਕਰਨ ਲਈ ਕਿਹਾ। ਆਵਾਜਾਈ ਮੰਤਰੀ ਨੇ ਕਿਹਾ ਕਿ ਉਹ ਆਪਣੇ ਵਿਭਾਗਾਂ ਲਈ ਇਹ ਕਦਮ ਚੱਕਣਗੇ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            