ਆਧਾਰ ਨਾਲ ਬੈਂਕ ਖਾਤਾ ਲਿੰਕ ਕਰਨ ਖਿਲਾਫ ਸੁਪਰੀਮ ਕੋਰਟ ''ਚ ਪਟੀਸ਼ਨ
Sunday, Oct 22, 2017 - 09:29 AM (IST)
ਨਵੀਂ ਦਿੱਲੀ— ਭਾਰਤੀ ਰਿਜ਼ਰਵ ਬੈਂਕ ਵੱਲੋਂ ਬੈਂਕ ਖਾਤੇ ਨੂੰ ਆਧਾਰ ਨਾਲ ਜੋੜਨ ਦੇ ਹੁਕਮ ਖਿਲਾਫ ਸੁਪਰੀਮ ਕੋਰਟ 'ਚ ਪਟੀਸ਼ਨ ਦਾਖਲ ਕੀਤੀ ਗਈ ਹੈ। ਖਬਰਾਂ ਮੁਤਾਬਕ, ਪਟੀਸ਼ਨ 'ਚ ਆਧਾਰ ਨੂੰ ਬੈਂਕ ਖਾਤਿਆਂ ਨਾਲ ਜੋੜਨ ਦੇ ਹੁਕਮ ਨੂੰ ਪ੍ਰਾਈਵੇਸੀ ਦੇ ਅਧਿਕਾਰ ਦਾ ਉਲੰਘਣ ਦੱਸਿਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਕਲਿਆਣੀ ਮੇਨਨ ਸੇਨ ਨੇ ਪਟੀਸ਼ਨ ਦਾਇਰ ਕੀਤੀ ਹੈ। ਕਲਿਆਣੀ ਪਿਛਲੇ 25 ਸਾਲਾਂ ਤੋਂ ਔਰਤਾਂ ਦੇ ਅਧਿਕਾਰ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਨੇ ਮੋਬਾਇਲ ਨੰਬਰ ਨੂੰ ਆਧਾਰ ਨਾਲ ਲਿੰਕ ਕਰਨ ਦੇ ਹੁਕਮ ਖਿਲਾਫ ਵੀ ਪਟੀਸ਼ਨ ਦਾਇਰ ਕਰ ਰੱਖੀ ਹੈ। ਦੋਵੇਂ ਹੀ ਮਾਮਲਿਆਂ 'ਚ ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਇਹ ਪ੍ਰਾਈਵੇਸੀ ਦੇ ਅਧਿਕਾਰ ਦਾ ਉਲੰਘਣ ਦਾ ਮਾਮਲਾ ਹੈ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਰਿਜ਼ਰਵ ਬੈਂਕ ਨੇ ਸਪੱਸ਼ਟ ਕੀਤਾ ਸੀ ਕਿ ਬੈਂਕ ਖਾਤੇ ਨੂੰ ਬਾਇਓਮੈਟ੍ਰਿਕ ਪਛਾਣ ਨੰਬਰ ਆਧਾਰ ਨਾਲ ਜੋੜਨਾ ਜ਼ਰੂਰੀ ਹੈ। ਦੇਸ਼ ਦੇ ਕੇਂਦਰੀ ਬੈਂਕ ਨੂੰ ਇਹ ਸਫਾਈ ਇਸ ਲਈ ਦੇਣੀ ਪਈ ਕਿਉਂਕਿ ਮੀਡੀਆ 'ਚ ਇਹ ਖਬਰਾਂ ਚੱਲ ਰਹੀਆਂ ਸਨ ਕਿ ਸੂਚਨਾ ਦੇ ਅਧਿਕਾਰ ਤਹਿਤ ਮੰਗੀ ਗਈ ਜਾਣਕਾਰੀ ਦੇ ਜਵਾਬ 'ਚ ਕੇਂਦਰੀ ਬੈਂਕ ਨੇ ਕਿਹਾ ਹੈ ਕਿ ਬੈਂਕ ਖਾਤਿਆਂ ਨੂੰ ਆਧਾਰ ਨਾਲ ਜੋੜਨ ਨੂੰ ਲੈ ਕੇ ਉਸ ਨੇ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ। ਇਸ ਤੋਂ ਬਾਅਦ ਸ਼ਨੀਵਾਰ ਨੂੰ ਰਿਜ਼ਰਵ ਬੈਂਕ ਨੇ ਇਸ 'ਤੇ ਸਫਾਈ ਦਿੰਦੇ ਹੋਏ ਆਧਾਰ ਨੂੰ ਬੈਂਕ ਖਾਤੇ ਨਾਲ ਜੋੜਨਾ ਜ਼ਰੂਰੀ ਦੱਸਿਆ।
