ਸੁਧਾਰਾਂ ਨੂੰ ਅੱਗੇ ਵਧਾਉਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਕੋਈ ਕਮੀ ਨਹੀਂ: ਮੋਦੀ

Sunday, Aug 15, 2021 - 12:41 PM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਕੋਈ ਘਾਟ ਨਾ ਹੋਣ 'ਤੇ ਜ਼ੋਰ ਦਿੰਦੇ ਹੋਏ ਦੇਸ਼ ਭਰ ਵਿਚ ਉਨ੍ਹਾਂ ਤਮਾਮ ਨਿਯਮਾਂ ਤੇ ਪ੍ਰਕਿਰਿਆਵਾਂ ਦੀ ਸਮੀਖਿਆ ਕੀਤੇ ਜਾਣ ਦਾ ਸੱਦਾ ਦਿੱਤਾ ਜੋ ਲੋਕਾਂ ਦੇ ਕੰਮਾਂ ਵਿਚ ਰੁਕਾਵਟ ਬਣਦੇ ਹਨ। ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਮੌਕੇ 'ਤੇ ਲਾਲ ਕਿਲ੍ਹੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸ਼ਾਸਨ-ਪ੍ਰਸ਼ਾਸਨ ਦੇ ਮਾਮਲੇ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਰਥਿਕ ਸੁਧਾਰਾਂ ਨੂੰ ਲਾਗੂ ਕਰਨ ਲਈ ਬਿਹਤਰ ਅਤੇ ਸਮਾਰਟ ਸ਼ਾਸਨ ਦੀ ਲੋੜ ਹੈ।

ਉਨ੍ਹਾਂ ਕਿਹਾ, "ਵੱਡੇ ਸੁਧਾਰਾਂ ਤੇ ਬਦਲਾਵਾਂ ਨੂੰ ਲਿਆਉਣ ਲਈ ਰਾਜਨੀਤਕ ਇੱਛਾ ਸ਼ਕਤੀ ਦੀ ਜ਼ਰੂਰਤ ਹੁੰਦੀ ਹੈ। ਦੁਨੀਆ ਅੱਜ ਜਾਣਦੀ ਹੈ ਕਿ ਸੁਧਾਰਾਂ ਦੇ ਮਾਮਲੇ ਵਿਚ ਭਾਰਤ ਵਿਚ ਅੱਜ ਰਾਜਨੀਤਕ ਇੱਛਾ ਸ਼ਕਤੀ ਦੀ ਕੋਈ ਕਮੀ ਨਹੀਂ ਹੈ।"

ਮੋਦੀ ਨੇ ਕੇਂਦਰ ਅਤੇ ਸਾਰੀਆਂ ਸੂਬਾ ਸਰਕਾਰਾਂ ਨੂੰ ਕਿਹਾ ਕਿ ਸਰਕਾਰ ਦੇ ਸਾਰੇ ਦਫ਼ਤਰਾਂ ਅਤੇ ਵਿਭਾਗਾਂ ਵਿਚ ਨਿਯਮਾਂ ਅਤੇ ਪ੍ਰਕਿਰਿਆਵਾਂ ਦੀ ਸਮੀਖਿਆ ਕਰਨ ਲਈ ਇਕ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ, “ਅਜਿਹੇ ਹਰ ਨਿਯਮ ਅਤੇ ਪ੍ਰਕਿਰਿਆ ਨੂੰ ਹਟਾਇਆ ਜਾਣਾ ਚਾਹੀਦਾ ਹੈ ਜੋ ਲੋਕਾਂ ਦੇ ਕੰਮ ਵਿਚ ਰੁਕਾਵਟ ਪੈਦਾ ਕਰਦਾ ਹੈ, ਉਨ੍ਹਾਂ 'ਤੇ ਬੋਝ ਵਧਾਉਂਦਾ ਹੈ।” ਹਾਲਾਂਕਿ, ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ 70-75 ਸਾਲਾਂ ਤੋਂ ਚੱਲ ਰਹੀ ਪ੍ਰਣਾਲੀ ਨੂੰ ਇਕ ਝਟਕੇ ਵਿਚ ਖ਼ਤਮ ਨਹੀਂ ਕੀਤਾ ਜਾ ਸਕਦਾ ਪਰ ਸਾਨੂੰ ਇਕ ਦਿਸ਼ਾ ਵਿਚ ਸੋਚ ਕੇ ਅੱਗੇ ਵਧਣਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਰਾਹ 'ਤੇ ਅੱਗੇ ਵਧਦੇ ਹੋਏ ਭਾਰਤ ਨੂੰ ਆਪਣੇ ਨਿਰਮਾਣ ਅਤੇ ਬਰਾਮਦ ਦੋਵਾਂ ਨੂੰ ਵਧਾਉਣਾ ਹੋਵੇਗਾ। 


Sanjeev

Content Editor

Related News