ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਨਿੰਦਣਯੋਗ: ਅਸ਼ਵਨੀ ਸ਼ਰਮਾ

Sunday, Aug 16, 2026 - 06:44 PM (IST)

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਬੇਹੱਦ ਨਿੰਦਣਯੋਗ: ਅਸ਼ਵਨੀ ਸ਼ਰਮਾ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਬੇਹੱਦ ਮੰਦਭਾਗੀ ਅਤੇ ਚਿੰਤਾਜਨਕ ਘਟਨਾ ਕਰਾਰ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਿਆਸੀ ਮਤਭੇਦ ਅਤੇ ਵਿਚਾਰਾਂ ਦੀ ਅਸਹਿਮਤੀ ਲੋਕਤੰਤਰ ਦਾ ਅਟੁੱਟ ਹਿੱਸਾ ਹਨ, ਪਰ ਕਿਸੇ ਵੀ ਹਾਲਤ ਵਿੱਚ ਹਿੰਸਾ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਅਜਿਹੀ ਘਟਨਾ ਵਾਪਰਨਾ ਹੋਰ ਵੀ ਦੁਖਦਾਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਹਿੰਸਾ ਦੇ ਕਾਲੇ ਦੌਰ ਦਾ ਸੰਤਾਪ ਝੱਲ ਚੁੱਕਾ ਹੈ। ਇਸ ਲਈ ਅੱਜ ਲੋੜ ਹੈ ਕਿ ਹਰ ਹਾਲਾਤ ਵਿੱਚ ਸ਼ਾਂਤੀ, ਭਾਈਚਾਰੇ ਅਤੇ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕੀਤਾ ਜਾਵੇ। ਲੋਕਤੰਤਰ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਅਸ਼ਵਨੀ ਸ਼ਰਮਾ ਨੇ ਮਹਾਰਾਸ਼ਟਰ ਸਰਕਾਰ ਤੋਂ ਅਪੀਲ ਕੀਤੀ ਕਿ ਘਟਨਾ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਮੁੜ ਦੁਹਰਾਈ ਨਾ ਹੋਵੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਚੰਗੀ ਸਿਹਤ, ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।


author

Anmol Tagra

Content Editor

Related News