ਕਾਂਗਰਸ ਦਾ ਦੋਸ਼ : ਬਦਲਾਅ ਨਹੀਂ ਬਦਲਾਖੋਰੀ ਦੀ ਨੀਤੀ ’ਤੇ ਚੱਲ ਰਹੀ ਹੈ ਆਮ ਆਦਮੀ ਪਾਰਟੀ
Sunday, Jul 17, 2022 - 12:23 PM (IST)
ਚੰਡੀਗੜ੍ਹ(ਅਸ਼ਵਨੀ) : ਪੰਜਾਬ ਕਾਂਗਰਸ ਦੇ ਆਗੂਆਂ ਨੇ ਆਮ ਆਦਮੀ ਪਾਰਟੀ ’ਤੇ ਬਦਲਾਖੋਰੀ ਦੀ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ ਦੇ ਪੰਜਾਬ ਕਾਂਗਰਸ ਭਵਨ ਵਿਚ ਕਾਂਗਰਸੀ ਆਗੂਆਂ ਨੇ ਇਕ ਬੈਠਕ ਦੌਰਾਨ ਪਿਛਲੇ ਦਿਨੀਂ ਸੂਬੇ ਵਿਚ ਕਾਂਗਰਸੀ ਨੇਤਾਵਾਂ ਦੀ ਗ੍ਰਿਫ਼ਤਾਰੀ ਦਾ ਸਖ਼ਤ ਵਿਰੋਧ ਜਤਾਇਆ। ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਬਦਲਾਅ ਦੀ ਗੱਲ ਕਹਿ ਕੇ ਸੱਤਾ ਵਿਚ ਆਈ ਸੀ ਪਰ ਹੁਣ ਬਦਲਾਖੋਰੀ ਦੀ ਰਾਹ ’ਤੇ ਚੱਲ ਰਹੀ ਹੈ। ਪੰਜਾਬ ਵਿਚ ਕਿਸੇ ਵੀ ਪੱਧਰ ’ਤੇ ਕੋਈ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ ਪਰ ‘ਆਪ’ ਪਾਰਟੀ ਬਦਲੇ ’ਤੇ ਉਤਾਰੂ ਹੈ।
ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਮੰਤਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਵਿਕਾਸ ਕਾਰਜਾਂ 'ਚ ਆਵੇਗੀ ਤੇਜ਼ੀ
ਉਥੇ ਹੀ, ਕਾਂਗਰਸ ਦੇ ਸੀਨੀਅਰ ਆਗੂ ਮਨੀਸ਼ ਤਿਵਾੜੀ ਨੇ ਸ਼ਹੀਦ ਭਗਤ ਸਿੰਘ ਨੂੰ ਲੈ ਕੇ ਬੇਵਜ੍ਹਾ ਕੀਤੀ ਬਿਆਨਬਾਜ਼ੀ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸ਼ਹੀਦ ਭਗਤ ਸਿੰਘ ਦਾ ਅਹਿਮ ਯੋਗਦਾਨ ਰਿਹਾ ਹੈ। ਦੇਸ਼ ਦੇ ਨੌਜਵਾਨਾਂ ਦੇ ਦਿਲਾਂ ਵਿਚ ਸ਼ਹੀਦ ਭਗਤ ਸਿੰਘ ਦੀ ਵਿਸ਼ੇਸ਼ ਜਗ੍ਹਾ ਹੈ। ਇਸ ਲਈ ਸ਼ਹੀਦ ਭਗਤ ਸਿੰਘ ’ਤੇ ਬੇਵਜ੍ਹਾ ਬਿਆਨਬਾਜ਼ੀ ਮਨਜੂਰਯੋਗ ਨਹੀਂ ਹੋਣੀ ਚਾਹੀਦੀ। ਇਸੇ ਕੜੀ ਵਿਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਖ਼ਿਲਾਫ਼ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਵਿਰੋਧ ਜਤਾਇਆ। ਉਨ੍ਹਾਂ ਕਿਹਾ ਕਿ ਸ਼ਹੀਦਾਂ ਖਿਲਾਫ਼ ਬਿਆਨਬਾਜ਼ੀ ਕਰਨਾ ਨਿੰਦਣਯੋਗ ਹੈ। ਕਾਂਗਰਸ ਇਸ ਦਾ ਡਟ ਕੇ ਵਿਰੋਧ ਕਰਦੀ ਹੈ।ਬੈਠਕ ਵਿਚ ਸ਼ਹੀਦ ਭਗਤ ਸਿੰਘ ਤੇ ਸਾਬਕਾ ਮੱਖ ਮੰਤਰੀ ਤੇ ਕਾਂਗਰਸ ਦੇ ਸਵ. ਆਗੂ ਬੇਅੰਤ ਸਿੰਘ ’ਤੇ ਬਿਆਨਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ। ਬੈਠਕ ਵਿਚ ਤੈਅ ਕੀਤਾ ਗਿਆ ਕਿ ਸ਼ਹੀਦਾਂ ਖਿਲਾਫ਼ ਬੋਲਣ ਵਾਲਿਆਂ ਨੂੰ ਕਾਂਗਰਸ ਡਟ ਕੇ ਜਵਾਬ ਦੇਵੇਗੀ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।