ਪੰਜਾਬ ’ਚ ਨਸ਼ੇ ਦੀ ਸਮੱਸਿਆ ਗੰਭੀਰ, ਸਰਕਾਰ ਕਾਬੂ ਪਾਉਣ ’ਚ ਨਾਕਾਮ: ਕੇਵਲ ਢਿੱਲੋਂ
Sunday, Oct 04, 2026 - 01:48 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ’ਚ ਸਾਹਮਣੇ ਆ ਰਹੀਆਂ ਨਸ਼ੇ ਨਾਲ ਸਬੰਧਤ ਘਟਨਾਵਾਂ ’ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ੇ ’ਤੇ ਕਾਬੂ ਪਾਉਣ ’ਚ ਅਸਫਲ ਰਹੀ ਹੈ। ਢਿੱਲੋਂ ਨੇ ਕਿਹਾ ਕਿ ਸੁਨਾਮ ਵਿਧਾਨ ਸਭਾ ਹਲਕੇ ਵਿੱਚ ਇੱਕੋ ਪਰਿਵਾਰ ਦੇ ਦੋ ਨੌਜਵਾਨ ਪੁੱਤਰਾਂ ਦੀ ਨਸ਼ੇ ਕਾਰਨ ਮੌਤ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਇਕ ਹੀ ਪਰਿਵਾਰ ਦੇ ਦੋ ਨੌਜਵਾਨਾਂ ਦਾ ਨਸ਼ੇ ਦੀ ਲਪੇਟ ’ਚ ਆ ਕੇ ਜਾਨ ਗੁਆਉਣਾ ਪੰਜਾਬ ’ਚ ਨਸ਼ੇ ਦੀ ਸਮੱਸਿਆ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।
ਉਨ੍ਹਾਂ ਬਠਿੰਡਾ ’ਚ ਨੌਜਵਾਨ ਲੜਕੀ ਦੇ ਨਸ਼ੇ ਦੀ ਹਾਲਤ ’ਚ ਨਜ਼ਰ ਆਉਣ ਦੇ ਮਾਮਲੇ ’ਤੇ ਵੀ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਨੌਜਵਾਨਾਂ ਤੋਂ ਬਾਅਦ ਲੜਕੀਆਂ ’ਚ ਵੀ ਨਸ਼ੇ ਦੀ ਸਮੱਸਿਆ ਮਾਮਲੇ ਸਾਹਮਣੇ ਆਉਣਾ ਚਿੰਤਾਜਨਕ ਹੈ। ਉਨ੍ਹਾਂ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਤੋਂ ਅੱਗੇ ਵਧ ਕੇ ਨਸ਼ੇ ਦੀ ਸਪਲਾਈ ਲਾਈਨ ਤੋੜਨ ਤੇ ਵੱਡੇ ਤਸਕਰਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੀ ਮੰਗ ਕੀਤੀ।
ਭਾਜਪਾ ਆਗੂ ਨੇ ਦੋਸ਼ ਲਾਇਆ ਕਿ ਸਰਕਾਰ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਬਿਆਨਬਾਜ਼ੀ ਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ। ਨਸ਼ੇ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਨਾਅਰੇ ਕਾਫ਼ੀ ਨਹੀਂ ਹਨ, ਸਗੋਂ ਤਸਕਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਨਸ਼ਾ ਛੱਡਣ ਵਾਲਿਆਂ ਲਈ ਪੁਨਰਵਾਸ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨੇ ਵੀ ਜ਼ਰੂਰੀ ਹਨ। ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਇਸੇ ਮਕਸਦ ਨਾਲ ਭਾਜਪਾ ਵੱਲੋਂ ਪੰਜਾਬ ’ਚ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਕੱਢੀ ਗਈ, ਜਿਸ ਰਾਹੀਂ ਲੋਕਾਂ ਨੂੰ ਨਸ਼ੇ ਖ਼ਿਲਾਫ਼ ਜਾਗਰੂਕ ਤੇ ਲਾਮਬੰਦ ਕਰਨ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਪੰਜਾਬ ’ਚੋਂ ਨਸ਼ੇ ਦਾ ਖਾਤਮਾ ਕਰਨ ਲਈ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨਾਲ ਨਸ਼ੇ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
