ਸਰਕਾਰ ਵਿਆਪਕ ਰੈਗੂਲਰਾਈਜ਼ੇਸ਼ਨ ਨੀਤੀ ਬਣਾਉਣ ’ਚ ਰਹੀ ਅਸਫ਼ਲ, ਠੇਕਾ ਮੁਲਾਜ਼ਮਾਂ ਨਾਲ ਕੀਤਾ ਵਿਸ਼ਵਾਸਘਾਤ
Saturday, Nov 14, 2026 - 11:32 PM (IST)
ਚੰਡੀਗੜ੍ਹ (ਅੰਕੁਰ) : ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ’ਤੇ ਸੂਬੇ ਭਰ ਦੇ ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨਾਲ ਧ੍ਰੋਹ ਕਮਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਜਿੱਥੇ ਪੱਕੇ (ਰੈਗੂਲਰ) ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਭਗ ਪੌਣੇ 5 ਸਾਲਾਂ ਤੋਂ ਨੁੱਕਰੇ ਲਾਇਆ ਗਿਆ ਹੈ, ਉੱਥੇ ਆਰਜ਼ੀ ਕਾਮਿਆਂ ਨਾਲ ਸ਼ਰੇਆਮ ਵਿਸ਼ਵਾਸਘਾਤ ਕੀਤਾ ਗਿਆ ਹੈ। ਢਿੱਲੋਂ ਨੇ ਕਿਹਾ ਕਿ ਆਊਟਸੋਰਸ, ਠੇਕਾ ਤੇ ਹੋਰ ਐਡਹਾਕ ਪ੍ਰਬੰਧਾਂ ਤਹਿਤ ਕੰਮ ਕਰ ਰਹੇ ਹਜ਼ਾਰਾਂ ਆਰਜ਼ੀ ਮੁਲਾਜ਼ਮ ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਚਲਾ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, 'ਆਪ' ਆਗੂਆਂ ਨੇ ਸੱਤਾ ’ਚ ਆਉਣ ’ਤੇ ਸਾਰੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸਪੱਸ਼ਟ ਵਾਅਦੇ ਕੀਤੇ ਸਨ ਪਰ ਅੱਜ ਤੱਕ ਮਾਨ ਸਰਕਾਰ ਸਾਰੇ ਆਰਜ਼ੀ ਮੁਲਾਜ਼ਮਾਂ ਨੂੰ ਸ਼ਾਮਲ ਕਰਨ ਵਾਲੀ ਕੋਈ ਵਿਆਪਕ ਰੈਗੂਲਰਾਈਜ਼ੇਸ਼ਨ ਨੀਤੀ ਬਣਾਉਣ ’ਚ ਅਸਫ਼ਲ ਰਹੀ ਹੈ, ਜਿਸ ਕਾਰਨ ਵੱਖ-ਵੱਖ ਕਾਡਰਾਂ ਵਿੱਚ ਭਾਰੀ ਰੋਸ ਫੈਲਿਆ ਹੋਇਆ ਹੈ।
ਢਿੱਲੋਂ ਨੇ ਕਿਹਾ ਕਿ ਸਿਰਫ਼ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਲਈ ਵਿਸ਼ੇਸ਼ ਤੌਰ ’ਤੇ ਬਣਾਈ ਗਈ ਇਕਲੌਤੀ ਰੈਗੂਲਰਾਈਜ਼ੇਸ਼ਨ ਨੀਤੀ ਪੂਰੀ ਤਰ੍ਹਾਂ ਨੁਕਸਦਾਰ ਤੇ ਮੁਲਾਜ਼ਮ-ਵਿਰੋਧੀ ਹੈ। ਇਸ ਨੁਕਸਦਾਰ ਨੀਤੀ ਤਹਿਤ ਸਰਕਾਰ ਨੇ ਰੈਗੂਲਰ ਪੇ-ਸਕੇਲ ਦੇਣ ਤੋਂ ਹੱਥ ਪਿੱਛੇ ਖਿੱਚ ਲਏ ਹਨ ਜਦਕਿ ਡੀ.ਏ. ਜਾਂ ਪੈਨਸ਼ਨ ਲਾਭਾਂ ਦਾ ਬਿਲਕੁਲ ਕੋਈ ਜ਼ਿਕਰ ਨਹੀਂ ਹੈ। ਇਸ ਤੋਂ ਵੀ ਮਾੜੀ ਗੱਲ ਇਹ ਹੈ ਕਿ ਸਿੱਖਿਆ ਵਿਭਾਗ ਤੋਂ ਬਾਹਰਲੇ ਹੋਰਨਾਂ ਵਿਭਾਗਾਂ ’ਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਨੂੰ ਕਿਸੇ ਵੀ ਰੈਗੂਲਰਾਈਜ਼ੇਸ਼ਨ ਨੀਤੀ ਤੋਂ ਬਿਨਾਂ ਹੀ ਛੱਡ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਕੁਝ ਚੋਣਵੇਂ ਵਿਭਾਗਾਂ ’ਚ ਆਊਟਸੋਰਸ ਸਟਾਫ਼ ਨੂੰ ਸਿੱਧੇ ਠੇਕੇ ’ਤੇ ਤਬਦੀਲ ਕਰਨ ਦੇ ਖੋਖਲੇ ਦਾਅਵੇ ਕਰਕੇ ਸਿਰਫ਼ ਸਮਾਂ ਟਪਾ ਰਹੀ ਹੈ ਜਦਕਿ ਜ਼ਮੀਨੀ ਪੱਧਰ ’ਤੇ ਕੁਝ ਵੀ ਅਮਲ ’ਚ ਨਹੀਂ ਆਇਆ। ਆਰਜ਼ੀ ਕਾਮਿਆਂ ਨੂੰ ਰੈਗੂਲਰ ਕਰਨ ਦੇ ਆਪਣੇ ਵਾਅਦੇ ਤੋਂ ਮੁੱਕਰਨ ਕਾਰਨ ਮਾਨ ਸਰਕਾਰ ਹੁਣ ਹਰ ਵਰਗ ਦੇ ਮੁਲਾਜ਼ਮਾਂ ਦੇ ਤਿੱਖੇ ਗੁੱਸੇ ਦਾ ਸਾਹਮਣਾ ਕਰ ਰਹੀ ਹੈ। ਢਿੱਲੋਂ ਨੇ ਭਰੋਸਾ ਦਿਵਾਇਆ ਕਿ ਭਾਜਪਾ ਸਾਰੇ ਠੇਕਾ ਮੁਲਾਜ਼ਮਾਂ ਲਈ ਪੱਕਾ ਇਨਸਾਫ਼ ਯਕੀਨੀ ਬਣਾਉਣ ਵਾਸਤੇ ਪੀੜਤ ਮੁਲਾਜ਼ਮਾਂ ਦੀ ਸੁਣਵਾਈ ਕਰਕੇ ਇੱਕ ਸਮਰਪਿਤ ਨੀਤੀ ਤਿਆਰ ਕਰੇਗੀ।
ਸਾਂਝਾ ਮੁਲਾਜ਼ਮ ਮੰਚ ਤੇ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਸੰਗਰੂਰ ਵਿੱਚ ਸ਼ੁਰੂ ਕੀਤੇ ਗਏ ਅੰਦੋਲਨ ਨੂੰ ਭਾਜਪਾ ਦਾ ਪੂਰਨ ਸਮਰਥਨ ਦਿੰਦਿਆਂ ਢਿੱਲੋਂ ਨੇ ਕਿਹਾ ਕਿ ਮੁਲਾਜ਼ਮ, ਕਿਸਾਨ, ਮਜ਼ਦੂਰ, ਵਪਾਰੀ ਅਤੇ ਉਦਯੋਗਪਤੀ ਸਭ ਮਾਨ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਹਰ ਪਾਸੇ ਰੋਸ ਪ੍ਰਦਰਸ਼ਨ ਭੜਕ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਹਰੇਕ ਵਰਗ ਦੀਆਂ ਸ਼ਿਕਾਇਤਾਂ ਦਾ ਬਾਰੀਕੀ ਨਾਲ ਅਧਿਐਨ ਕਰ ਰਹੀ ਹੈ ਅਤੇ ਸਾਰਿਆਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਏਗੀ।
