ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ ਮੰਤਰੀ ਨੇ ਕੀਤਾ ਇਹ ਐਲਾਨ
Friday, Feb 17, 2023 - 09:14 PM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦਾਖ਼ਲਾ ਮੁਹਿੰਮ 2023 ਦਾ ਆਗਾਜ ਕੀਤਾ। ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣਾ ਹੈ।ਇਸ ਸਬੰਧੀ ਕਰਵਾਈ ਗਈ ਸਿੱਖਿਆ ਅਧਿਕਾਰੀਆਂ ਦੀ ਇਕ ਦਿਨਾਂ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।
ਇਹ ਵੀ ਪੜ੍ਹੋ : ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਪੁਲਸ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ
ਬੈਂਸ ਨੇ ਕਿਹਾ ਕਿ ਸਾਡਾ ਮਕਸਦ ਸਿਰਫ਼ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣਾ ਹੀ ਨਹੀਂ ਸਗੋਂ ਹਰੇਕ ਵਿਦਿਆਰਥੀ ਦਾ ਅਗਲੀ ਜਮਾਤ ਵਿਚ ਦਾਖ਼ਲਾ ਯਕੀਨੀ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਲੰਮੀ ਗ਼ੈਰ-ਹਾਜ਼ਰੀ ਕਾਰਨ ਸਕੂਲ ਛੱਡਣ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵਾਸਤੇ ਵਿਭਾਗੀ ਅਧਿਕਾਰੀ ਵਿਸ਼ੇਸ਼ ਉਪਰਾਲੇ ਕਰਨ।‘ਬਿਹਤਰ ਅਨੁਭਵ ਵਿੱਦਿਆ ਮਿਆਰੀ, ਮਾਣ ਪੰਜਾਬ ਦਾ ਸਕੂਲ ਸਰਕਾਰੀ’ ਦੇ ਨਾਅਰੇ ਨੂੰ ਸਾਕਾਰ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਾਸਤੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ 31 ਮਾਰਚ ਤੱਕ ਹਰ ਸਕੂਲ ਵਿਚ ਵਿਦਿਆਰਥੀਆਂ ਦੇ ਬੈਠਣ ਵਾਸਤੇ ਬੈਂਚ ਮੁਹੱਈਆ ਕਰਵਾਏ ਜਾਣਗੇ ਅਤੇ ਧਾਰਮਿਕ ਸਥਾਨਾਂ ਵਿਚ ਚੱਲਦੇ ਸਕੂਲਾਂ ਨੂੰ ਵੱਖਰੀਆਂ ਇਮਾਰਤਾਂ ਵਿਚ ਤਬਦੀਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ 'ਚ ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮੌਤ ਦੀ ਖ਼ਬਰ ਨੇ ਘਰ 'ਚ ਪੁਆਏ ਵੈਣ
ਸਿੱਖਿਆ ਮੰਤਰੀ ਬੈਂਸ ਨੇ ਸਿੱਖਿਆ ਵਿਭਾਗ ਵਿਚੋਂ ਰਿਸ਼ਵਤਖੋਰੀ ਦੇ ਕਲੰਕ ਨੂੰ ਸਦਾ ਵਾਸਤੇ ਖ਼ਤਮ ਕਰਨ ਬਾਰੇ ਬੋਲਦਿਆਂ ਕਿਹਾ ਕਿ ਵਿਭਾਗ ਵਿੱਚ ਜੇਕਰ ਕੋਈ ਮੁਲਾਜ਼ਮ ਅਜਿਹਾ ਕਰੇਗਾ ਉਸ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਜ਼ਿਲ੍ਹਾ ਅਤੇ ਬਲਾਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਆਉਣ ਵਾਲੇ ਅਮਲੇ 'ਤੇ ਤਿੱਖੀ ਨਜ਼ਰ ਰੱਖਣ। ਬੈਂਸ ਨੇ ਕਿਹਾ ਕਿ ਵਿਭਾਗ ਵਿਚ ਕੰਮ ਸੱਭਿਆਚਾਰ ਦਾ ਵਿਕਾਸ ਹੋਵੇਗਾ ਜਿਸ ਵਿਚ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ 'ਚ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ, 4 ਅਧਿਕਾਰੀ ਕੀਤੇ ਬਰਖ਼ਾਸਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।