'ਸੰਗਰੂਰ ਜ਼ਿਮਨੀ ਚੋਣ 'ਚ ਕਿਸੇ ਬੰਦੀ ਸਿੰਘ ਜਾਂ ਪਰਿਵਾਰਕ ਮੈਂਬਰ ਨੂੰ ਬਣਾਇਆ ਜਾਵੇ ਪੰਥ ਦਾ ਸਾਂਝਾ ਉਮੀਦਵਾਰ'

Wednesday, Jun 01, 2022 - 09:25 PM (IST)

ਮੋਹਾਲੀ (ਬਿਊਰੋ) : ਅੱਜ ਇੱਥੋਂ  ਲਿਖਤੀ ਬਿਆਨ ਜਾਰੀ ਕਰਦਿਆਂ ਬੰਦੀ ਸਿੰਘ ਰਿਹਾਈ ਮੋਰਚਾ ਨੇ ਕਿਹਾ ਕਿ ਪੰਥ ਅੰਦਰ ਇਹ ਮੰਗ ਉੱਠੀ ਹੈ ਕਿ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ਕਿਸੇ ਬੰਦੀ ਸਿੰਘ ਜਾਂ ਉਸ ਦੇ ਪਰਿਵਾਰ ਵਿੱਚੋਂ ਕਿਸੇ ਮੈਂਬਰ ਨੂੰ ਪੰਥ ਦਾ ਸਾਂਝਾ ਉਮੀਦਵਾਰ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਉਹਨਾਂ ਕਿਹਾ ਕਿ ਅੱਜ ਹਰ ਸਿੱਖ ਚਾਹੁੰਦਾ ਹੈ ਕਿ ਦੋ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘ ਜਲਦੀ ਤੋਂ ਜਲਦੀ ਰਿਹਾਅ ਹੋਣ।

ਇਹ ਵੀ ਪੜ੍ਹੋ :  ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

 ਉਹਨਾਂ ਕਿਹਾ ਕਿ ਇਹ ਇਤਿਹਾਸਕ ਸੱਚ ਹੈ ਕਿ ਜਦੋਂ ਜਦੋਂ ਵੀ ਸਿੱਖ ਜਗਤ ਨੇ ਇੱਕ ਹੋ ਕੇ ਪੰਥਕ ਮਸਲਿਆਂ ਲਈ ਲੜਾਈ ਲੜੀ ਹੈ, ਉਦੋਂ ਉਦੋਂ ਹੀ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਇਹ ਸਾਡੇ ਕੋਲ ਪ੍ਰਤੱਖ ਮਿਸਾਲ ਹੈ ਕਿ 1989 ਦੀਆਂ ਲੋਕ ਸਭਾ ਚੋਣਾਂ ਸਮੇਂ ਜੇਲ੍ਹ ਵਿੱਚ ਬੰਦ ਸਿਮਰਨਜੀਤ ਸਿੰਘ ਮਾਨ ਨੂੰ ਕੌਮ ਨੇ ਵੱਡੀ ਜਿੱਤ ਦਿਵਾ ਕੇ ਜੇਲ੍ਹ 'ਚੋਂ ਰਿਹਾ ਕਰਵਾਇਆ ਸੀ। ਉਹਨਾਂ ਕਿਹਾ ਕਿ ਪੰਥ ਖ਼ਾਤਿਰ ਕੁਰਬਾਨੀ ਕਰਨ ਵਾਲੇ ਸਿੱਖਾਂ ਜਾਂ ਉਹਨਾਂ ਦੇ ਪਰਿਵਾਰਾਂ ਨੂੰ ਪੰਥ ਅਤੇ ਖ਼ਾਸ ਕਰਕੇ ਅਕਾਲੀ ਦਲ ਨੂੰ 2024 ਦੀਆਂ ਲੋਕ ਸਭਾ ਅਤੇ ਉਸ ਤੋਂ ਬਾਅਦ ਦੀਆਂ ਚੋਣਾਂ ਵਿੱਚ ਵੀ ਰਾਜਨੀਤਿਕ ਤੌਰ 'ਤੇ ਸਨਮਾਨ ਦੇਣਾ ਚਾਹੀਦਾ ਹੈ।  

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਪੰਜਾਬ ਪੁਲਸ ਦਾ ਵੱਡਾ ਫੇਲੀਅਰ, ਇਕ ਮਹੀਨੇ ਪਹਿਲਾਂ ਦਿੱਲੀ ਪੁਲਸ ਨੇ ਦਿੱਤੀ ਸੀ ਚਿਤਾਵਨੀ

ਬੰਦੀ ਸਿੰਘ ਰਿਹਾਈ ਮੋਰਚਾ ਦੇ ਪ੍ਰਧਾਨ ਭਾਈ ਜੰਗ ਸਿੰਘ ਲੁਧਿਆਣਾ ਅਤੇ ਜਨਰਲ ਸਕੱਤਰ ਭਾਈ ਭਵਨਦੀਪ ਸਿੰਘ ਨੇ ਸਮੂਹ ਪੰਥਕ ਜੱਥੇਬੰਦੀਆਂ, ਪੰਥਕ ਧਿਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਸਾਰਿਆਂ ਨੂੰ ਮਤਭੇਦ ਭੁਲਾ ਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇਸ ਸੰਬੰਧੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸੰਬੰਧੀ ਕੌਮ ਦੀ ਯੋਗ ਅਗਵਾਈ ਕਰਨ। 

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ


Harnek Seechewal

Content Editor

Related News