ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Tuesday, Apr 08, 2025 - 02:55 PM (IST)

ਚੰਡੀਗੜ੍ਹ (ਮਨਪ੍ਰੀਤ) : ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ, ਜਨਰਲ ਸਕੱਤਰ ਤੇ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਜਨਤਕ ਐਲਾਨ ਕੀਤਾ ਹੈ। ਉਹ ਪਹਿਲਾਂ ਹੀ 10 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਤਤਕਾਲੀ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਅਸਤੀਫ਼ਾ ਸੌਂਪ ਚੁੱਕੇ ਹਨ, ਜਿਸ ਨੂੰ ਹੁਣ ਉਨ੍ਹਾਂ ਨੇ ਜਨਤਕ ਕਰ ਦਿੱਤਾ ਹੈ।
ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਦੇ ਹੁਕਮਨਾਮੇ ਦੇ ਉਲਟ ਕੰਮ ਕੀਤਾ ਜਾ ਰਿਹਾ ਹੈ। ਜਿਸ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਦਬਾਅ ਪਾ ਕੇ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਖ਼ਤਮ ਕੀਤੀਆ ਗਈਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਧੀਨ 5 ਮੈਂਬਰੀ ਕਮੇਟੀ ਵੱਲੋਂ ਕੀਤੀ ਜਾ ਰਹੀ ਅਕਾਲੀ ਦਲ ਦੀ ਭਰਤੀ ਨੂੰ ਗ਼ੈਰ ਕਾਨੂੰਨੀ ਕਰਾਰ ਦਿੱਤਾ ਗਿਆ ਹੈ, ਉਸ ਨਾਲ ਮਨ ਨੂੰ ਬਹੁਤ ਦੁੱਖ ਪਹੁੰਚਿਆ ਹੈ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਕਾਬਲ ਕਰਾਰ ਦਿੱਤੀ ਗਈ ਸਿੱਖ ਲੀਡਰਸ਼ਿਪ ਦੀ ਮੁੜ ਚੋਣ ਲਈ 8 ਅਪ੍ਰੈਲ ਨੂੰ ਵਰਕਿੰਗ ਕਮੇਟੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ’ਚ ਮੈਂ ਅਕਾਲੀ ਦਲ ਦੀ ਇਸ ਲੀਡਰਸ਼ਿਪ ਦਾ ਹਿੱਸਾ ਨਹੀਂ ਬਣ ਸਕਦਾ ਕਿਉਂਕਿ ਇਹ ਘਟਨਾਕ੍ਰਮ ਪੰਜਾਬ ਤੇ ਅਕਾਲੀ ਦਲ ਦੇ ਹਿੱਤਾਂ ’ਚ ਨਹੀਂ ਹੈ।