ਸਿੱਖ ਪੰਥ ’ਤੇ ਹੋ ਰਹੇ ਹਮਲਿਆਂ ਲਈ ਕੌਮ ਨੂੰ ਇੱਕਜੁਟ ਹੋਣ ਦੀ ਲੋੜ : ਪ੍ਰਧਾਨ ਧਾਮੀ
Wednesday, Dec 24, 2025 - 12:48 PM (IST)
ਮਾਛੀਵਾੜਾ ਸਾਹਿਬ (ਟੱਕਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਿੱਖ ਪੰਥ ’ਤੇ ਵੱਡੇ ਹਮਲੇ ਹੋ ਰਹੇ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਕੌਮ ਨੂੰ ਇੱਕਜੁਟ ਹੋਣ ਦੀ ਲੋੜ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਰਕਾਰ ਵੱਡਾ ਬਣਨ ਦੀ ਕੋਸ਼ਿਸ਼ ਨਾ ਕਰੇ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਧਾਮੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਬੜਾ ਲੰਮਾ ਅਰਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦਾ ਰੌਲਾ ਪਾਉਂਦੀ ਰਹੀ ਅਤੇ ਹੁਣ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਲਈ ਜੋ ਸਿੱਟ ਬਣਾਈ ਗਈ ਹੈ, ਹੁਣ ਸਰਕਾਰ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੱਡਾ ਬਣਨ ਦੀ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦੇ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਅਧਿਕਾਰ ਖੇਤਰ ਵਿਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੜੇ ਲੰਬੇ ਅਰਸੇ ਤੋਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧ ਬੜੇ ਸੁਚੱਜੇ ਢੰਗ ਨਾਲ ਚਲਾ ਰਹੀ ਹੈ, ਕੀ ਹੁਣ ਪੁਲਸ ਚਲਾਏਗੀ। ਪ੍ਰਧਾਨ ਧਾਮੀ ਨੇ ਕਿਹਾ ਕਿ ਇਹ 328 ਸਰੂਪ ਕਿਧਰੇ ਗੁੰਮ ਨਹੀਂ ਹੋਏ, ਜਿਸ ਨੂੰ ਡਾ. ਈਸ਼ਰ ਦੀ ਰਿਪੋਰਟ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਕੋਈ ਨਿੱਜੀ ਲੜਾਈ ਨਹੀਂ ਲੜੀ, ਸਗੋਂ ਦੱਬੇ, ਕੁਚਲੇ, ਗਰੀਬਾਂ ਅਤੇ ਧਰਮ ਖ਼ਾਤਰ ਲੜਾਈ ਲੜੀ ਸੀ ਅਤੇ ਹੁਣ ਸਿੱਖ ਪੰਥ ਨੂੰ ਵੀ ਤਕੜੇ ਹੋ ਕੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ।
