ਖਰੜ-ਮੋਹਾਲੀ ਕੌਮੀ ਮਾਰਗ ਹਾਈਵੇ ਕਿਨਾਰੇ ਮੁੱਖ ਮੰਤਰੀ ਦੇ ਖ਼ਿਲਾਫ਼ ਲੱਗੇ ਪੋਸਟਰ
Thursday, Jun 25, 2026 - 09:31 AM (IST)
ਖਰੜ (ਅਮਰਦੀਪ ਸਿੰਘ ਸੈਣੀ, ਰਣਬੀਰ) : ਪੰਜਾਬ ਦੇ ਮੁੱਖ ਮੰਤਰੀ ਨਾਲ ਜੁੜੀ ਇੱਕ ਵਿਵਾਦਿਤ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਖਰੜ ਬੱਸ ਸਟੈਂਡ ਤੋਂ ਦਸ਼ਮੇਸ਼ ਨਗਰ ਤੱਕ ਹਾਈਵੇ 'ਤੇ ਮੁੱਖ ਮੰਤਰੀ ਨਾਲ ਸਬੰਧਿਤ ਪੋਸਟਰ ਲੱਗੇ ਹੋਣ ਦੀ ਚਰਚਾ ਹੈ, ਜਿਸ ਨੂੰ ਵਿਰੋਧੀ ਆਗੂਆਂ ਵੱਲੋਂ ਲੋਕਾਂ ਦੇ ਰੋਸ ਦਾ ਪ੍ਰਗਟਾਵਾ ਦੱਸਿਆ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਕੈਸ਼ੀਅਰ ਸੁਖਵਿੰਦਰ ਸਿੰਘ ਗੋਲਡੀ, ਅਮਰੀਕ ਸਿੰਘ ਹੈਪੀ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਇਸ ਘਟਨਾ ਨਾਲ ਸਮੂਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਵਿਰੋਧੀ ਆਗੂਆਂ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਆਪ ਨੂੰ ਬੇਕਸੂਰ ਮੰਨਦੇ ਹਨ ਤਾਂ ਉਨ੍ਹਾਂ ਨੂੰ ਇਸ ਮਾਮਲੇ ਦੀ ਨਿਰਪੱਖ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਲੋਕਾਂ ਵਿੱਚ ਪੈਦਾ ਹੋਈਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਵੱਲੋਂ ਸਪੱਸ਼ਟੀਕਰਨ ਦਿੱਤਾ ਜਾਵੇ।
