ਸਕੂਲਾਂ ਨੂੰ ਇੰਟਰਨੈੱਟ ਸਹੂਲਤ ਦੇਣ ਬਾਰੇ ਕਹਿਣ ਤੋਂ ਪਹਿਲਾਂ ਕੈਪਟਨ ਬਾਕੀ ਚੱਲ ਰਹੇ ਕੰਮ ਦੇਖਣ

01/03/2016 8:40:14 AM

ਚੰਡੀਗੜ— ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਕਾਂਗਰਸ ਕਮੇਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਇੰਟਰਨੈੱਟ ਸਹੂਲਤ ਪ੍ਰਦਾਨ ਕਰਨ ਦੇ ਕੀਤੇ ਵਾਅਦੇ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਚੰਗਾ ਹੋਵੇਗਾ ਕਿ ਉਹ ਸੂਬੇ ਵਿਚ ਪਹਿਲਾਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦੇਣ ਦੇ ਵਾਅਦੇ ਕਰਨ ਤੋਂ ਪਹਿਲਾਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਤੇ ਬੁਲਾਰੇ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਸਥਿਤੀ ਸਮਝ ਸਕਦੇ ਹਨ, ਜੋ ਜ਼ਿਆਦਾ ਆਪਣੀਆਂ ''ਛੁੱਟੀਆਂ'' ਕਾਰਨ ਪੰਜਾਬ ਵਿਚੋਂ ਬਾਹਰ ਰਹਿਣਾ ਪਸੰਦ ਕਰਦੇ ਹਨ ਅਤੇ ਸੂਬੇ ਵਿਚ ਵਾਪਰਦੀਆਂ ਘਟਨਾਵਾਂ ਵਿਚ ਘੱਟ ਹੀ ਦਿਲਚਸਪੀ ਰੱਖਦੇ ਹਨ। 
ਉਨ੍ਹਾਂ ਕਿਹਾ ਕਿ ਵਾਅਦੇ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਛੇ ਹਜ਼ਾਰ ਸਕੂਲਾਂ ਵਿਚ ਪਹਿਲਾਂ ਹੀ ਇੰਟਰਨੈੱਟ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸਿਰਫ ਸਰਹੱਦੀ ਖੇਤਰ ਦੇ ਕੁਝ ਸਕੂਲਾਂ ''ਚ ਇਹ ਸਹੂਲਤ ਨਹੀਂ ਹੈ। ਡਾ. ਚੀਮਾ ਨੇ ਸੂਬਾ ਕਾਂਗਰਸ ਪ੍ਰਧਾਨ ਨੂੰ ਇਹ ਵੀ ਚੇਤੇ ਕਰਵਾਇਆ ਕਿ ਰਿਲਾਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਹਾਲ ਹੀ ਵਿਚ ਹੋਏ ਉਦਯੋਗ ਸੰਮੇਲਨ ਦੌਰਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸੂਬੇ ਦੇ ਹਰੇਕ ਪਿੰਡ ਤੱਕ 4-ਜੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਵਾਸਤੇ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾ ਕੁਝ ਹੀ ਦਿਨਾਂ ਵਿਚ ਸ਼ੁਰੂ ਹੋਣ ਵਾਲੀ ਹੈ ਤੇ ਇਸਦੇ ਸ਼ੁਰੂ ਹੋਣ ਨਾਲ ਨਾ ਸਿਰਫ ਸਰਕਾਰੀ ਵਿਦਿਅਕ ਅਦਾਰੇ ਸਗੋਂ ਤਕਰੀਬਨ ਸਾਰੇ ਹੀ ਵਿਭਾਗ ਆਪਣੀਆਂ ਸੇਵਾਵਾਂ ਆਨਲਾਈਨ ਪ੍ਰਦਾਨ ਕਰਨ ਲੱਗ ਜਾਣਗੇ।


Related News