ਸੁਖਬੀਰ ਬਾਦਲ ਦੀ ਖਰੜ ''ਚ ਵੱਡੀ ਰੈਲੀ, ਪੰਜਾਬੀਆਂ ਲਈ ਕੀਤੇ ਅਹਿਮ ਐਲਾਨ
Saturday, Sep 12, 2026 - 11:03 AM (IST)
ਮੋਹਾਲੀ (ਰਣਬੀਰ) : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਬੀਤੇ ਦਿਨੀਂ ਪਿੰਡ ਪਲਹੇੜੀ, ਨਿਊ ਚੰਡੀਗੜ੍ਹ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਿਸਾਨੀ, ਬਿਜਲੀ, ਵਿਕਾਸ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਮੌਜੂਦਾ ਸਰਕਾਰ ਅਤੇ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇੜਾ ਪਰਿਵਾਰ ਨਾਲ ਉਨ੍ਹਾਂ ਦੇ ਪਰਿਵਾਰ ਦੀ ਬਹੁਤ ਪੁਰਾਣੀ ਸਾਂਝ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਸ ਵਿੱਚ ਮਿਹਨਤ ਕਰਨ ਵਾਲਾ ਵਰਕਰ ਹੌਲੀ-ਹੌਲੀ ਅੱਗੇ ਵੱਧਦਾ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਵੀ ਸਿੱਧੇ ਮੁੱਖ ਮੰਤਰੀ ਨਹੀਂ ਬਣੇ ਸਨ ਅਤੇ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਅਕਾਲੀ ਦਲ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕਰਦਿਆਂ ਬਿਤਾਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਪੰਜਾਬ ਦੇ ਹਰ ਘਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਰਾਣੀ ਪੀੜ੍ਹੀ ਦੇ ਲੋਕ ਅਕਾਲੀ ਦਲ ਦੀ ਤਕੜੀ ਨੂੰ ਪੰਥ ਅਤੇ ਕੌਮ ਦੀ ਨਿਸ਼ਾਨੀ ਮੰਨ ਕੇ ਸਤਿਕਾਰ ਦਿੰਦੇ ਸਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਵੱਲੋਂ ਕੀਤੇ ਗਏ ਕਥਿਤ ਝੂਠੇ ਪ੍ਰਚਾਰ ਕਾਰਨ ਪੰਜਾਬ ਦੇ ਲੋਕਾਂ ਨੂੰ ਅਕਾਲੀ ਦਲ ਤੋਂ ਦੂਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਨੁਕਸਾਨ ਪੰਜਾਬ ਨੂੰ ਹੋਇਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ 'ਚ ਸੜਕਾਂ, ਨਹਿਰਾਂ, ਬਿਜਲੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਖੇਤਰ 'ਚ ਵੱਡਾ ਵਿਕਾਸ ਹੋਇਆ। ਉਨ੍ਹਾਂ ਕਿਹਾ ਕਿ ਮੋਹਾਲੀ, ਖਰੜ ਅਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਅਕਾਲੀ ਸਰਕਾਰਾਂ ਦੇ ਸਮੇਂ ਕਈ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਆਪਣੇ ਪੁਰਾਣੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜਦੋਂ ਉਹ ਇਲਾਕੇ 'ਚ ਆਉਂਦੇ ਸਨ ਤਾਂ ਇੱਥੇ ਵੱਡੇ ਪੱਧਰ ’ਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਹੁੰਦਾ ਸੀ, ਜਦੋਂ ਕਿ ਅੱਜ ਜ਼ਮੀਨਾਂ ਦੀਆਂ ਕੀਮਤਾਂ ਕਈ ਗੁਣਾ ਵੱਧ ਚੁੱਕੀਆਂ ਹਨ। ਉਨ੍ਹਾਂ ਨਿਊ ਚੰਡੀਗੜ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਮੀਨਾਂ ਵੇਚਣ ਤੋਂ ਪਹਿਲਾਂ ਸੋਚ-ਵਿਚਾਰ ਕਰਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਇਸ ਇਲਾਕੇ 'ਚ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਅਤੇ ਜ਼ਮੀਨਾਂ ਦੇ ਭਾਅ 'ਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ 'ਚ ਕਨਵੈਨਸ਼ਨ ਸੈਂਟਰ, ਹਾਈਡਰੋਜਨ ਬੇਸਡ ਰੋਡ, ਸੂਚਨਾ ਤਕਨਾਲੋਜੀ ਖੇਤਰ, ਵੱਡਾ ਘੋੜਸਵਾਰੀ ਸਟੇਡੀਅਮ ਅਤੇ ਸੀਸਵਾਂ ਫੋਰੈਸਟ ਇਲਾਕੇ 'ਚ ਵਿਸ਼ਾਲ ਵਾਈਲਡ ਲਾਈਫ ਸਫਾਰੀ ਵਰਗੇ ਪ੍ਰਾਜੈਕਟ ਲਿਆਉਣ ਦੀ ਯੋਜਨਾ ਹੈ। ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਲੰਬਾ ਸਮਾਂ ਪੰਜਾਬ ’ਤੇ ਰਾਜ ਕੀਤਾ, ਪਰ ਉਹ ਇੱਕ ਵੀ ਅਜਿਹਾ ਵੱਡਾ ਵਿਕਾਸ ਪ੍ਰਾਜੈਕਟ ਨਹੀਂ ਗਿਣਵਾ ਸਕਦੀਆਂ, ਜਿਸ ਨੂੰ ਪੰਜਾਬ ਦੀ ਤਰੱਕੀ ਦੀ ਨਿਸ਼ਾਨੀ ਕਿਹਾ ਜਾ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਕਰਨਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ 'ਚ ਬਿਜਲੀ ਕੱਟ, ਨਸ਼ਾ, ਅਪਰਾਧ ਅਤੇ ਲੋਕਾਂ ਦੀਆਂ ਹੋਰ ਸਮੱਸਿਆਵਾਂ ਵਧੀਆਂ ਹਨ। ਉਨ੍ਹਾਂ ਕੁਝ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਅਤੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਥਕ ਮੁੱਦਿਆਂ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦ ਮੁਖਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਪੰਜਾਬ ਅਤੇ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ, ਕਿਸਾਨਾਂ, ਮਜ਼ਦੂਰਾਂ ਅਤੇ ਗਰੀਬ ਵਰਗ ਦੇ ਹਿੱਤਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਕੁੱਝ ਹੋਰ ਨਜ਼ਰ ਆ ਰਹੀ ਹੈ। ਉਨ੍ਹਾਂ ਸਰਕਾਰ ’ਤੇ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਸਿਆਸੀ ਲਾਭ ਲਈ ਵਰਤਣ ਦੇ ਦੋਸ਼ ਵੀ ਲਗਾਏ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ, ਮੁਫ਼ਤ ਬਿਜਲੀ, ਨਹਿਰਾਂ, ਪੱਕੇ ਖਾਲੇ, ਆਟਾ-ਦਾਲ ਸਕੀਮ, ਸ਼ਗਨ ਅਤੇ ਪੈਨਸ਼ਨ ਵਰਗੀਆਂ ਸਹੂਲਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਨੂੰ ਨਵੇਂ ਟਿਊਬਵੈੱਲ ਕੁਨੈਕਸ਼ਨ ਲਈ ਵੱਡੀ ਰਕਮ ਖਰਚ ਕਰਨੀ ਪੈ ਰਹੀ ਹੈ।
ਉਨ੍ਹਾਂ ਐਲਾਨ ਕੀਤਾ ਕਿ ਜੇ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਕਿਸਾਨਾਂ ਕੋਲ ਟਿਊਬਵੈੱਲ ਕੁਨੈਕਸ਼ਨ ਨਹੀਂ ਹਨ, ਉਨ੍ਹਾਂ ਨੂੰ ਸਰਕਾਰ ਬਣਨ ਦੇ ਪਹਿਲੇ ਮਹੀਨੇ ਹੀ ਕੁਨੈਕਸ਼ਨ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਆਟਾ-ਦਾਲ ਸਕੀਮ ਮੁੜ ਸ਼ੁਰੂ ਕਰਕੇ 50 ਕਿਲੋ ਕਣਕ ਪ੍ਰਤੀ ਪਰਿਵਾਰ 4 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਅਤੇ 20 ਰੁਪਏ ਦੀ ਦਾਲ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰ੍ਹਾਂ ਕੁੜੀਆਂ ਦੇ ਵਿਆਹ ਲਈ ਸ਼ਗਨ ਦੀ ਰਕਮ ਵਧਾ ਕੇ ਇਕ ਲੱਖ ਰੁਪਏ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ‘ਲਾਲ ਡੋਰੇ’ ਅੰਦਰ ਆਉਂਦੀਆਂ ਜ਼ਮੀਨਾਂ ਦੀ ਮਾਲਕੀ ਲੋਕਾਂ ਦੇ ਨਾਮ ਕਰਨ ਲਈ ਵਿਸ਼ੇਸ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਅਜਿਹੀਆਂ ਜ਼ਮੀਨਾਂ ਦੀ ਮਾਲਕੀ ਅਤੇ ਰਜਿਸਟਰੀ ਸਬੰਧੀ ਪ੍ਰਕਿਰਿਆ ਮੁਕੰਮਲ ਕਰਨ ਦਾ ਯਤਨ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਆਪਣੀ ਜ਼ਮੀਨ ਦੀ ਕਾਨੂੰਨੀ ਮਾਲਕੀ ਮਿਲ ਸਕੇ।
ਬਿਜਲੀ ਸੰਕਟ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪਿਛਲੇ ਲਗਭਗ 10 ਸਾਲਾਂ ਵਿੱਚ ਕੋਈ ਨਵਾਂ ਵੱਡਾ ਥਰਮਲ ਪਲਾਂਟ ਨਹੀਂ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰਾਂ ਦੇ ਸਮੇਂ ਪੰਜਾਬ ਨੂੰ ਬਿਜਲੀ ਦੇ ਮਾਮਲੇ 'ਚ ਸਰਪਲੱਸ ਬਣਾਇਆ ਗਿਆ ਸੀ, ਪਰ ਹੁਣ ਬਿਜਲੀ ਦੀ ਮੰਗ ਵੱਧਣ ਕਾਰਨ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਮੁੜ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਲਿਜਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਤੋਂ ਪਹਿਲਾਂ ਉਨ੍ਹਾਂ ਦੇ ਪਿਛੋਕੜ, ਸਿਆਸੀ ਸੋਚ ਅਤੇ ਲੋਕ ਸੇਵਾ ਦੇ ਕੰਮਾਂ ਨੂੰ ਜ਼ਰੂਰ ਵੇਖਣ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਨਹੀਂ, ਸਗੋਂ ਪੰਜਾਬ, ਪੰਜਾਬੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸਿੱਖ ਪੰਥ ਦੇ ਹਿੱਤਾਂ ਨਾਲ ਜੁੜੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਪੰਜਾਬ ਦੇ ਹਿੱਤਾਂ ਦੀ ਆਵਾਜ਼ ਨੂੰ ਮਜ਼ਬੂਤ ਕਰਨਾ ਹੈ।
