ਭਾਜਪਾ ਦਫਤਰਾਂ 'ਤੇ ਹਮਲਿਆਂ ਦੀ ਤਰੁਣ ਚੁੱਘ ਨੇ ਕੀਤੀ ਸਖ਼ਤ ਨਿੰਦਾ
Monday, May 11, 2026 - 08:47 PM (IST)
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿੱਚ ਭਾਜਪਾ ਦਫ਼ਤਰਾਂ 'ਤੇ ਹੋਏ ਹਮਲਿਆਂ, ਭੰਨਤੋੜ ਅਤੇ ਵਰਕਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਚੁੱਘ ਨੇ ਕਿਹਾ ਕਿ ਲੁਧਿਆਣਾ ਤੋਂ ਲੈ ਕੇ ਬਲਾਚੌਰ (ਨਵਾਂ ਸ਼ਹਿਰ) ਤੱਕ, ਆਮ ਆਦਮੀ ਪਾਰਟੀ ਦੇ ਗੁੰਡਿਆਂ ਨੇ ਪੁਲਸ ਦੀ ਛਤਰ-ਛਾਇਆ ਹੇਠ ਭਾਜਪਾ ਦਫ਼ਤਰਾਂ 'ਤੇ ਹਮਲਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਬਲਾਚੌਰ ਵਿੱਚ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਵਿਧਾਇਕ ਸੁਖਵਿੰਦਰ ਸੁੱਖੀ ਨੇ ਪੁਲਸ ਦੀ ਮੌਜੂਦਗੀ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਾਲ ਕੁੱਟਮਾਰ ਕੀਤੀ ਅਤੇ ਦਫ਼ਤਰ ਵਿੱਚ ਭੰਨਤੋੜ ਕੀਤੀ, ਜੋ ਕਿ ਪੰਜਾਬ ਵਿੱਚ 'ਖਾਕੀ ਅਤੇ ਖਾਦੀ' ਦੇ ਘਿਨਾਉਣੇ ਗਠਜੋੜ ਦਾ ਪ੍ਰਤੱਖ ਪ੍ਰਮਾਣ ਹੈ।
ਤਰੁਣ ਚੁੱਘ ਅਨੁਸਾਰ ਇਹ ਸਾਰਾ ਘਟਨਾਕ੍ਰਮ ਉਦੋਂ ਸ਼ੁਰੂ ਹੋਇਆ ਜਦੋਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਭੇਜ ਕੇ ਆਪਣੇ ਦੋਸ਼ਾਂ ਦੇ ਸਬੂਤ ਮੰਗੇ ਜਾਂ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨੋਟਿਸ ਨੇ ਆਮ ਆਦਮੀ ਪਾਰਟੀ ਦੀ ਨੀਂਹ ਹਿਲਾ ਦਿੱਤੀ ਹੈ ਅਤੇ ਇਸੇ ਸਿਆਸੀ ਪੀੜਾ ਵਿੱਚ ਕੇਜਰੀਵਾਲ ਨੇ ਆਪਣੇ ਵਰਕਰਾਂ ਨੂੰ ਭਾਜਪਾ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਉਕਸਾਇਆ ਹੈ। ਚੁੱਘ ਨੇ ਸਪੱਸ਼ਟ ਕੀਤਾ ਕਿ ਇਹ ਪ੍ਰਦਰਸ਼ਨ ਈਡੀ ਦੀ ਜਾਂਚ ਅਤੇ ਭ੍ਰਿਸ਼ਟਾਚਾਰ ਦੇ ਖੁਲਾਸਿਆਂ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ‘ਆਪ’ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।
ਤਰੁਣ ਚੁੱਘ ਨੇ ਕਿਹਾ, "ਅਰਵਿੰਦ ਕੇਜਰੀਵਾਲ! ਧਿਆਨ ਨਾਲ ਸੁਣੋ, ਪੰਜਾਬ ਨੂੰ ਮਮਤਾ ਦਾ ਬੰਗਾਲ ਨਹੀਂ ਬਣਨ ਦਿੱਤਾ ਜਾਵੇਗਾ।" ਉਨ੍ਹਾਂ ਸਵਾਲ ਚੁੱਕਿਆ ਕਿ ਜਦੋਂ ਪੰਜਾਬ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਗੈਂਗਵਾਰ ਅਤੇ ਫਿਰੌਤੀ ਦਾ ਬਾਜ਼ਾਰ ਗਰਮ ਹੈ ਅਤੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ, ਉਦੋਂ ਭਗਵੰਤ ਮਾਨ ਸਰਕਾਰ ਇਨ੍ਹਾਂ ਮੁੱਦਿਆਂ 'ਤੇ ਕੰਮ ਕਰਨ ਦੀ ਬਜਾਏ ਸਿਆਸੀ ਨੌਟੰਕੀ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਡਰ ਦੇ ਸਾਏ ਹੇਠ ਜੀ ਰਿਹਾ ਹੈ।
ਚੁੱਘ ਨੇ ਕਿਹਾ ਕਿ ਉਹ ਕਿਸੇ ਸਿਆਸੀ ਪਾਰਟੀ ਦੇ ਨਹੀਂ, ਸਗੋਂ ਸੰਵਿਧਾਨ ਅਤੇ ਕਾਨੂੰਨ ਦੇ ਸੇਵਕ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਸ ‘ਆਪ’ ਦੇ ਗੁੰਡਿਆਂ ਨੂੰ ਸੁਰੱਖਿਆ ਦਿੰਦੀ ਰਹੀ ਤਾਂ ਇਹ ਉਨ੍ਹਾਂ ਦੀ ਵਰਦੀ ਅਤੇ ਸਹੁੰ ਦਾ ਅਪਮਾਨ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਲੁਧਿਆਣਾ ਅਤੇ ਬਲਾਚੌਰ ਸਮੇਤ ਹੋਰਨਾਂ ਥਾਵਾਂ 'ਤੇ ਹਮਲੇ ਕਰਨ ਵਾਲੇ ਉਪਦਰੀਆਂ ਖ਼ਿਲਾਫ਼ ਤੁਰੰਤ ਐਫਆਈਆਰ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਪੰਜਾਬ ਦੀ ਜਨਤਾ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਉਹ ਗੁਰੂ ਗੋਬਿੰਦ ਸਿੰਘ ਜੀ ਦੇ ਸਿੰਘਾਂ ਦੀ ਧਰਤੀ ਦੇ ਵਾਰਿਸ ਹਨ ਅਤੇ ‘ਆਪ’ ਦੀਆਂ ਧਮਕੀਆਂ ਤੋਂ ਭਾਜਪਾ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭ੍ਰਿਸ਼ਟ ਲੁਟੇਰਿਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ, ਚਾਹੇ ਉਹ ਸੱਤਾ ਵਿੱਚ ਹੋਣ ਜਾਂ ਪਰਦੇ ਦੇ ਪਿੱਛੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਇਸ ਦਾ ਹਿਸਾਬ ਜ਼ਰੂਰ ਹੋਵੇਗਾ।
