ਨਸ਼ਾ ਵਿਰੋਧੀ ਕਾਰਕੁੰਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਸਰਕਾਰ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ

Thursday, Oct 22, 2026 - 09:08 PM (IST)

ਨਸ਼ਾ ਵਿਰੋਧੀ ਕਾਰਕੁੰਨਾਂ ਦੀਆਂ ਮੌਤਾਂ ਦੇ ਮਾਮਲੇ ’ਚ ਸਰਕਾਰ ਕਿਸ ਨੂੰ ਬਚਾਉਣਾ ਚਾਹੁੰਦੀ ਹੈ? : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਪੰਜਾਬ ਸਰਕਾਰ ਨਸ਼ਾ ਵਿਰੋਧੀ ਕਾਰਕੁਨਾਂ ਦੀਆਂ ਮੌਤਾਂ ਦੇ ਮਾਮਲਿਆਂ 'ਚ ਕੀ ਛੁਪਾਉਣਾ ਤੇ ਕਿਸ ਨੂੰ ਬਚਾਉਣਾ ਚਾਹੁੰਦੀ ਹੈ? ਇਹ ਸਵਾਲ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਮਾਮਲੇ ਦੇ ਨਾਲ-ਨਾਲ ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਕੇਸ ਨੂੰ ਸੀਬੀਆਈ ਹਵਾਲੇ ਕਰਨ 'ਚ ਪੰਜਾਬ ਮਾਨ ਸਰਕਾਰ ਡਰ ਕਿਉਂ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕੀਤੇ ਜਾਣ ’ਤੇ ਤਿੱਖਾ ਇਤਰਾਜ਼ ਪ੍ਰਗਟਾਉਂਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵੈਸੇ ਤਾਂ ਚਾਰ ਸਾਲ ਤੋਂ ਇਸ ਸਰਕਾਰ ਨੇ ਪੰਜਾਬ ਦਾ ਬੇੜਾਗਰਕ ਕੀਤਾ ਹੋਇਆ ਹੈ। ਪਰ ਪਿਛਲੇ ਇੱਕ ਮਹੀਨੇ ਦੌਰਾਨ ਪਰਵਿੰਦਰ ਸਿੰਘ ਝੋਟਾ (ਮਾਨਸਾ), ਗੁਲਜ਼ਾਰ ਸਿੰਘ (ਸੰਗਰੂਰ) ਅਤੇ ਬਿਕਰਮਜੀਤ ਸਿੰਘ (ਬਟਾਲਾ) ਦੀਆਂ ਮੌਤਾਂ ਦੀਆਂ ਘਟਨਾਵਾਂ ਨੇ ਸਰਕਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਰਕਾਰ ਜ਼ਮੀਨ ਉੱਤੇ ਆਮ ਲੋਕਾਂ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਵਾਲਾਂ ਤੋਂ ਭੱਜ ਗਈ ਹੈ। ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰਨਾ ਇਸੇ ਜਵਾਬਦੇਹੀ ਤੋਂ ਭੱਜਣ ਦੀ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਅੱਜ ਦਾ ਪੂਰਾ ਏਜੰਡਾ ਪਹਿਲਾਂ ਹੀ ਤੈਅ ਸੀ, ਇਸ ਦੇ ਬਾਵਜੂਦ ਸਪੀਕਰ ਦੇ ਸਦਨ ਵਿੱਚ ਆਉਂਦੇ ਹੀ ਸਿਰਫ਼ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਸੂਬੇ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਆਪਣੇ ਥਾਣਿਆਂ ਨੂੰ ਸੁਰੱਖਿਅਤ ਰੱਖਣ ਵਿੱਚ ਲੱਗੀ ਹੋਈ ਹੈ।
ਅਸ਼ਵਨੀ ਸ਼ਰਮਾ ਨੇ ਮੁਲਾਜ਼ਮਾਂ ਦੇ ਮਸਲਿਆਂ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀਏ) ਦੀ ਪੂਰੀ ਅਦਾਇਗੀ ਨਹੀਂ ਕੀਤੀ ਗਈ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਸਮੇਤ ਹੋਰ ਮੰਗਾਂ ਮੰਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਭਾਰਤੀ ਜਨਤਾ ਪਾਰਟੀ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਪੂਰਾ ਸਮਰਥਨ ਕਰਦੀ ਹੈ ਅਤੇ ਉਨ੍ਹਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਜਨਤਕ ਮੁੱਦਿਆਂ ’ਤੇ ਚਰਚਾ ਤੋਂ ਭੱਜਣ ਦੀ ਬਜਾਏ ਸੱਚਾਈ ਸਾਹਮਣੇ ਲਿਆਵੇ ਅਤੇ ਪੰਜਾਬ ਦੇ ਲੋਕਾਂ ਤੇ ਮੁਲਾਜ਼ਮਾਂ ਪ੍ਰਤੀ ਆਪਣੀ ਜਵਾਬਦੇਹੀ ਨਿਭਾਏ।


author

Shubam Kumar

Content Editor

Related News