ਲੋਕ ਨਿਰਮਾਣ ਵਿਭਾਗ ਪੰਜਾਬ ਵੱਲੋਂ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਜਾਰੀ

Monday, Nov 20, 2023 - 04:13 PM (IST)

ਲੋਕ ਨਿਰਮਾਣ ਵਿਭਾਗ ਪੰਜਾਬ ਵੱਲੋਂ 2280 ਕਰੋੜ ਰੁਪਏ ਦੇ 206 ਜਨਤਕ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਜਾਰੀ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ 'ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।  ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਇਕ ਕੰਮਾਂ 'ਤੇ 150 ਕਰੋੜ ਰੁਪਏ ਖ਼ਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ 'ਤੇ 43.60 ਕਰੋੜ ਰੁਪਏ ਖ਼ਰਚ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਤਲ 'ਚ ਜੇਲ੍ਹ 'ਚ ਬੈਠੇ ਗੈਂਗਸਟਰ ਤੋਂ ਮਿਲਿਆ ਫੋਨ, ਹੋ ਗਏ ਵੱਡੇ ਖ਼ੁਲਾਸੇ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿੱਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਹੈਰੋਇਨ ਸਣੇ ਗ੍ਰਿਫ਼ਤਾਰ ਨੌਜਵਾਨ ਨੂੰ ਭਤੀਜਾ ਦੱਸਣ 'ਤੇ 'ਆਪ' ਵਿਧਾਇਕ ਦਾ ਪਹਿਲਾ ਬਿਆਨ

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖ਼ਰਚੇ 'ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ 'ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harnek Seechewal

Content Editor

Related News