ਦਿੱਲੀ ਦੀ ਅਦਾਲਤ ਨੇ ''ਆਪ'' ਵਿਧਾਇਕ ਅਮਾਨਤੁੱਲਾ ਖਾਨ ਦੀ ਈਡੀ ਹਿਰਾਸਤ 3 ਦਿਨਾਂ ਲਈ ਵਧਾਈ
Friday, Sep 06, 2024 - 10:42 PM (IST)
ਨਵੀਂ ਦਿੱਲੀ (ਭਾਸ਼ਾ) : ਦਿੱਲੀ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਹਿਰਾਸਤ ਵਿਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਹਿ-ਦੋਸ਼ੀਆਂ ਤੇ ਗਵਾਹਾਂ ਨਾਲ ਸਾਹਮਣਾ ਕਰਵਾਏ ਜਾਣ ਦੀ ਲੋੜ ਪੈ ਸਕਦੀ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਕੇਂਦਰੀ ਜਾਂਚ ਏਜੰਸੀ ਦੀ ਅਰਜ਼ੀ 'ਤੇ ਇਹ ਹੁਕਮ ਦਿੱਤਾ ਹੈ।
ਈਡੀ ਨੇ ਅਦਾਲਤ ਤੋਂ ਖਾਨ ਦੀ 10 ਹੋਰ ਦਿਨਾਂ ਦੀ ਹਿਰਾਸਤ ਮੰਗੀ ਸੀ। ਜੱਜ ਨੇ ਕਿਹਾ ਕਿ ਅਦਾਲਤ ਵੱਲੋਂ ਕੇਸ ਡਾਇਰੀਆਂ ਦੀ ਪੜਚੋਲ ਕਰਨ ਤੋਂ ਬਾਅਦ ਇਹ ਸੰਭਾਵਨਾ ਪੈਦਾ ਹੋ ਗਈ ਹੈ ਕਿ ਦੋਸ਼ੀ ਨੂੰ ਕਰੀਬ 48 ਗਵਾਹਾਂ ਜਾਂ ਤਫਤੀਸ਼ ਨਾਲ ਜੁੜੇ ਹੋਰ ਵਿਅਕਤੀਆਂ ਦੇ ਬਿਆਨਾਂ ਜਾਂ ਸਬੂਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੱਜ ਨੇ ਕਿਹਾ, "ਇਸ ਲਈ ਅਦਾਲਤ ਹੁਣ ਤੱਕ ਦੀ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਦੋਸ਼ੀ ਦੀ ਈਡੀ ਹਿਰਾਸਤ ਵਧਾਉਣ ਦੀ ਬੇਨਤੀ ਨੂੰ ਉੱਚਿਤ ਸਮਝਦੀ ਹੈ।" ਜੱਜ ਨੇ ਕਿਹਾ, "ਹਿਰਾਸਤ ਤਿੰਨ ਦਿਨਾਂ ਲਈ ਵਧਾ ਦਿੱਤੀ ਗਈ ਹੈ। ਉਸ ਨੂੰ 9 ਸਤੰਬਰ ਨੂੰ ਪੇਸ਼ ਕੀਤਾ ਜਾਣਾ ਚਾਹੀਦਾ ਹੈ।" ਈਡੀ ਨੇ ਖਾਨ ਨੂੰ ਚਾਰ ਦਿਨ ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਸੀ।
ਏਜੰਸੀ ਨੇ 2 ਸਤੰਬਰ ਨੂੰ ਰਾਸ਼ਟਰੀ ਰਾਜਧਾਨੀ ਦੇ ਓਖਲਾ ਇਲਾਕੇ 'ਚ ਉਸ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਅਮਾਨਤੁੱਲਾ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ 'ਚ ਲਿਆ ਸੀ। ਈਡੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਤਲਾਸ਼ੀ ਦੌਰਾਨ ਖਾਨ ਤੋਂ ਕੁਝ ਸਵਾਲ ਪੁੱਛੇ ਗਏ ਸਨ ਪਰ ਉਹ ਜਵਾਬ ਦੇਣ ਤੋਂ ਬਚ ਰਿਹਾ ਸੀ, ਜਿਸ ਕਾਰਨ ਉਸ ਨੂੰ ਗ੍ਰਿਫਤਾਰ ਕਰਨਾ ਪਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8