ਅਗਲੇ 36 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

Thursday, May 14, 2026 - 06:37 PM (IST)

ਅਗਲੇ 36 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

ਨੈਸ਼ਨਲ ਡੈਸਕ : ਦੇਸ਼ ਦੇ ਕਈ ਹਿੱਸਿਆਂ 'ਚ ਵਧਦੇ ਤਾਪਮਾਨ ਦੇ ਵਿਚਕਾਰ ਮੌਸਮ ਵਿਭਾਗ ਨੇ ਰਾਹਤ ਦੀ ਖ਼ਬਰ ਦਿੱਤੀ ਹੈ। ਅਗਲੇ 36 ਘੰਟਿਆਂ ਦੌਰਾਨ ਦੇਸ਼ ਦੇ 15 ਸੂਬਿਆਂ 'ਚ ਤੇਜ਼ ਹਨ੍ਹੇਰੀ, ਮੀਂਹ ਤੇ ਕੁਝ ਥਾਵਾਂ 'ਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ 'ਚ ਆਉਣ ਵਾਲੇ ਇਸ ਬਦਲਾਅ ਨਾਲ ਲੋਕਾਂ ਨੂੰ ਚੱਲ ਰਹੀ ਲੂ ਤੇ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੇਗੀ,।

ਪੰਜਾਬ ਤੇ ਗੁਆਂਢੀ ਸੂਬਿਆਂ 'ਚ ਮੌਸਮ ਦਾ ਹਾਲ
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਅੰਮ੍ਰਿਤਸਰ, ਲੁਧਿਆਣਾ, ਜਲੰਧਰ ਅਤੇ ਮੋਹਾਲੀ 'ਚ ਗਰਜ-ਚਮਕ ਦੇ ਨਾਲ ਤੇਜ਼ ਹਨ੍ਹੇਰੀ ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ। ਇਸੇ ਤਰ੍ਹਾਂ ਹਰਿਆਣਾ ਦੇ 6 ਜ਼ਿਲ੍ਹਿਆਂ 'ਚ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ-ਐਨਸੀਆਰ 'ਚ ਵੀ ਬੱਦਲਵਾਈ ਰਹਿਣ ਅਤੇ ਹਲਕੀ ਬਾਰਿਸ਼ ਹੋਣ ਨਾਲ ਮੌਸਮ ਸੁਹਾਵਣਾ ਬਣਿਆ ਰਹੇਗਾ।

ਪਹਾੜਾਂ 'ਤੇ ਬਰਫ਼ਬਾਰੀ ਤੇ ਮੈਦਾਨਾਂ 'ਚ ਹਨ੍ਹੇਰੀ 
ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਉੱਚੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਹੈ,। ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਵੀ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਨੇਰੀ ਚੱਲ ਸਕਦੀ ਹੈ, ਜਿਸ ਲਈ ਬਿਹਾਰ 'ਚ 'ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ।

ਦੱਖਣ ਤੇ ਪੂਰਬੀ ਭਾਰਤ 'ਚ ਭਾਰੀ ਮੀਂਹ
ਬੰਗਾਲ ਦੀ ਖਾੜੀ 'ਚ ਘੱਟ ਦਬਾਅ ਦਾ ਖੇਤਰ ਬਣਨ ਕਾਰਨ ਦੱਖਣੀ ਭਾਰਤ ਦੇ ਸੂਬਿਆਂ ਜਿਵੇਂ ਕੇਰਲ, ਤਾਮਿਲਨਾਡੂ ਅਤੇ ਕਰਨਾਟਕ 'ਚ ਭਾਰੀ ਬਾਰਿਸ਼ ਤੇ ਤੂਫ਼ਾਨੀ ਹਵਾਵਾਂ ਚੱਲਣ ਦੇ ਆਸਾਰ ਹਨ। ਇਸ ਦੇ ਨਾਲ ਹੀ ਪੂਰਬੀ ਭਾਰਤ ਦੇ ਰਾਜਾਂ ਜਿਵੇਂ ਅਸਾਮ ਅਤੇ ਓਡੀਸ਼ਾ ਵਿੱਚ ਪ੍ਰੀ-ਮਾਨਸੂਨ ਗਤੀਵਿਧੀਆਂ ਜਾਰੀ ਰਹਿਣਗੀਆਂ।

ਇਨ੍ਹਾਂ ਸੂਬਿਆਂ 'ਚ ਜਾਰੀ ਰਹੇਗੀ ਲੂ 
ਹਾਲਾਂਕਿ ਕਈ ਸੂਬਿਆਂ 'ਚ ਮੀਂਹ ਨਾਲ ਰਾਹਤ ਮਿਲੇਗੀ ਪਰ ਗੁਜਰਾਤ, ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਅਜੇ ਵੀ ਲੂ ਦਾ ਅਸਰ ਬਣਿਆ ਰਹਿ ਸਕਦਾ ਹੈ। ਰਾਜਸਥਾਨ ਦੇ ਬਾੜਮੇਰ 'ਚ ਪਾਰਾ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਉੱਥੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News