ਪੰਥਕ ਏਕਤਾ ਦੇ ਨਾਂ 'ਤੇ SGPC 'ਚ ਸ਼ਰਨ ਬਣਾਉਣ ਦੀ ਕੋਸ਼ਿਸ਼ 'ਚ ਸਰਨਾ ਭਰਾ : ਕਾਹਲੋਂ

10/06/2022 7:38:33 PM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਅਤੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਸਰਨਾ ਭਰਾਵਾਂ ਅਤੇ ਬਾਦਲਾਂ ਵਿਚਕਾਰ 10 ਕਰੋੜ ਰੁਪਏ ਖਰਚ ਕਰਕੇ ਸਿੱਖਾਂ ਦੀ ਸਰਉੱਤਮ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਚ ਵੱਡੀ ਜ਼ਿੰਮੇਵਾਰੀ ਦੇਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਇਹ ਸੌਦੇਬਾਜ਼ੀ ਸੰਗਤ ਦੇ ਸਾਹਮਣੇ ਆ ਸਕੇ।

ਕਾਹਲੋਂ ਨੇ ਕਿਹਾ ਕਿ ਸਰਨਾ ਭਰਾਵਾਂ ਵੱਲੋਂ ਆਪਣੇ ਪਰਿਵਾਰ ਨੂੰ ਕਥਿਤ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਨਾਲ ਪੰਥਕ ਏਕਤਾ ਦੇ ਨਾਂ ’ਤੇ ਕਰੋੜਾਂ ਰੁਪਏ ਦਾ ਸੌਦਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਵਾਂ ਘਰ ਬਣਾਉਣ ਦੀ ਕੋਸ਼ਿਸ਼ ਸਿੱਖਾਂ ਦੀ ਪਿੱਠ 'ਚ ਛੁਰਾ ਮਾਰਨ ਵਾਂਗ ਹੈ। ਸ. ਕਾਹਲੋਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸਿੱਖਾਂ ਦੇ ਕਾਤਲ ਕਾਂਗਰਸ 'ਚ ਸ਼ਾਮਲ ਹੋਏ ਸਰਨਾ ਭਰਾਵਾਂ ਅਤੇ ਬਾਦਲਾਂ ਵਿਚਕਾਰ ਹੋਏ ਇਸ ਸੌਦੇ ਦਾ ਤੁਰੰਤ ਨੋਟਿਸ ਲੈਣ।ਕਾਹਲੋਂ ਨੇ ਕਿਹਾ ਕਿ 1984 'ਚ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਸਰਕਾਰ ਦੇ ਸਮਰਥਕ ਰਹੇ ਸਰਨਾ ਭਰਾਵਾਂ ਦਾ ਸ਼੍ਰੋਮਣੀ ਕਮੇਟੀ 'ਚ ਦਖ਼ਲ ਭਵਿੱਖ 'ਚ ਸਿੱਖ ਪੰਥ ਦੀਆਂ ਜੜ੍ਹਾਂ 'ਚ ਮਿੱਟੀ ਦਾ ਤੇਲ ਪਾਉਣ ਦਾ ਕੰਮ ਕਰੇਗਾ।

ਇਸ ਲਈ ਸ਼੍ਰੋਮਣੀ ਕਮੇਟੀ ਨੂੰ ਵੀ ਸਮੇਂ ਸਿਰ ਸੋਚਣਾ ਚਾਹੀਦਾ ਹੈ ਕਿ ਅਜਿਹੇ ਲੋਕਾਂ ਨੂੰ ਕਿਵੇਂ ਪਾਸੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਜਦੋਂ ਕੇਂਦਰ ਅਤੇ ਹਰਿਆਣਾ 'ਚ ਕਾਂਗਰਸ ਦੀ ਸਰਕਾਰ ਸੀ ਤਾਂ ਸਰਨਾ ਭਰਾਵਾਂ ਨੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨੇੜਤਾ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਵਿਧਾਨ ਸਭਾ 'ਚ ਪਾਸ ਕਰਵਾ ਦਿੱਤੀ ਸੀ ਤਾਂ ਕਿ ਸ਼੍ਰੋਮਣੀ ਕਮੇਟੀ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਅੱਜ ਇਹ ਸਰਨਾ ਭਰਾ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ, ਇਹਨਾਂ ਸਿੰਘਾਂ ਨੂੰ ਕਾਂਗਰਸ ਸਰਕਾਰ ਵੇਲੇ ਹੀ ਜੇਲ੍ਹਾਂ 'ਚ ਡੱਕ ਦਿੱਤਾ ਗਿਆ ਸੀ। ਸਿੰਘਾਂ ਨੂੰ ਬੰਦੀ ਬਣਾ ਕੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਪਾਰਟੀ ਦੇ ਸਮਰਥਕ ਸਰਨਾ ਭਰਾ ਅੱਜ ਪੰਥਕ ਏਕਤਾ ਦੀ ਗੱਲ ਕਿਵੇਂ ਕਰ ਸਕਦੇ ਹਨ।

ਕਾਹਲੋਂ ਨੇ ਦੋਸ਼ ਲਾਇਆ ਕਿ ਸਰਨਾ ਪਰਿਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ 'ਚ ਭਾਰੀ ਸ਼ਮੂਲੀਅਤ ਕਾਰਨ ਈਡੀ/ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਖ਼ਤਰਾ ਹੈ। ਇਸੇ ਲਈ ਉਹ ਪੈਸੇ ਦੇ ਆਧਾਰ 'ਤੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਟਿਕਾਣਾ ਬਣਾ ਰਹੇ ਹਨ ਤਾਂ ਜੋ ਜੇਕਰ ਉਨ੍ਹਾਂ ਦੇ ਪਰਿਵਾਰ ਨੂੰ ਕਿਸੇ ਕਾਰਨ ਗ੍ਰਿਫਤਾਰ ਕੀਤਾ ਜਾਂਦਾ ਹੈ ਤਾਂ ਪੰਥਕ ਏਕਤਾ ਦੇ ਨਾਂ ਦੀ ਵੱਡੀ ਜਥੇਬੰਦੀ ਉਨ੍ਹਾਂ ਦੇ ਪਿੱਛੇ ਖੜ੍ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਜਾਣਦੇ ਹਨ ਕਿ ਸਰਨਾ ਅਤੇ ਬਾਦਲ ਦੀ ਪਾਰਟੀ ਵੱਖੋ-ਵੱਖਰੀ ਵਿਚਾਰਧਾਰਾ ਵਾਲੀ ਹੈ। ਦੋਵਾਂ ਧਿਰਾਂ ਦੇ ਆਗੂਆਂ ਵਿਚਾਲੇ ਕਾਫੀ ਸਮੇਂ ਤੋਂ ਅਣਬਣ ਚੱਲ ਰਹੀ ਸੀ ਪਰ ਰਿਸ਼ਤਿਆਂ 'ਚ ਅਚਾਨਕ ਆਈ ਮਿਠਾਸ ਇਹ ਸਾਬਤ ਕਰਦੀ ਹੈ ਕਿ ਦੋਵਾਂ ਵਿਚਾਲੇ ਕਰੋੜਾਂ ਰੁਪਏ ਦਾ ਵੱਡਾ ਸੌਦਾ ਹੋ ਚੁੱਕਾ ਹੈ।


Mandeep Singh

Content Editor

Related News