ਐਨਕਾਊਂਟਰ ਦੇ ਡਰੋਂ ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ’ਚ ਦਾਇਰ ਪਟੀਸ਼ਨ ਲਈ ਵਾਪਸ

Wednesday, Jun 01, 2022 - 03:14 PM (IST)

ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਸੁਰਖ਼ੀਆਂ ’ਚ ਆਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ’ਚ ਦਾਇਰ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਜੱਜ ਸਵਰਣ ਕਾਂਤਾ ਸ਼ਰਮਾ ਦੀ ਬੈਂਚ ਸਾਹਮਣੇ ਬਿਸ਼ਨੋਈ ਦੀ ਪਟੀਸ਼ਨ ਸੁਣਵਾਈ ਲਈ ਸੂਚੀਬੱਧ ਕੀਤੀ ਗਈ ਸੀ।

ਤਿਹਾੜ ਜੇਲ੍ਹ ’ਚ ਬੰਦ ਬਿਸ਼ਨੋਈ ਨੇ ਪੰਜਾਬ ਪੁਲਸ ਦੀ ਹਿਰਾਸਤ ’ਚ ਫਰਜ਼ੀ ਐਨਕਾਊਂਟਰ ’ਚ ਮਾਰੇ ਜਾਣ ਦਾ ਸ਼ੱਕ ਜਤਾਉਂਦਿਆਂ ਪਟੀਸ਼ਨ ਦਾਇਰ ਕੀਤੀ ਸੀ। ਬਿਸ਼ਨੋਈ ਨੇ ਪੁਲਸ ਹਿਰਾਸਤ ਦੌਰਾਨ ਸੁਰੱਖਿਆ ਦੀ ਗੁਹਾਰ ਲਗਾਉਂਦਿਆਂ ਪਟੀਸ਼ਨ ਦਾਇਰ ਕੀਤੀ ਸੀ ਪਰ ਉਸ ਨੇ ਇਹ ਦਲੀਲ ਦਿੰਦਿਆਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ ਕਿ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਪਟੀਸ਼ਨ ਦਾਇਰ ਕਰੇਗਾ।

ਇਹ ਖ਼ਬਰ ਵੀ ਪੜ੍ਹੋ : ਮੂਸੇ ਵਾਲਾ ਦੇ ਮਾਪਿਆਂ ਦਾ ਦਰਦ, ਕਿਹਾ- ‘ਆਪਣੇ ਬੱਚਿਆਂ ਨੂੰ ਜ਼ਿਆਦਾ ਤਰੱਕੀ ਨਾ ਕਰਨ ਦਿਓ, ਇਹ ਮਰਵਾ ਦਿੰਦੀ ਹੈ’

ਗੈਂਗਸਟਰ ਬਿਸ਼ਨੋਈ ਨੇ ਆਪਣੀ ਪਟੀਸ਼ਨ ’ਚ ਦੋਸ਼ ਲਗਾਇਆ ਸੀ ਕਿ ਪੰਜਾਬ ਪੁਲਸ ਉਸ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ ਤੇ ਹਿਰਾਸਤ ਦੀ ਇਜਾਜ਼ਤ ਮਿਲਣ ਤੋਂ ਬਾਅਦ ਪੁਲਸ ਉਸ ਨੂੰ ਫਰਜ਼ੀ ਐਨਕਾਊਂਟਰ ’ਚ ਮਾਰ ਸਕਦੀ ਹੈ।

ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਐਤਵਾਰ ਨੂੰ ਗੈਂਗਸਟਰਾਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ, ਜਦੋਂ ਉਹ ਆਪਣੀ ਥਾਰ ਗੱਡੀ ਤੋਂ ਕਿਤੇ ਜਾ ਰਿਹਾ ਸੀ। ਪੰਜਾਬ ਪੁਲਸ ਨੇ ਆਪਣੀ ਸ਼ੁਰੂਆਤੀ ਜਾਂਚ ’ਚ ਮੂਸੇ ਵਾਲਾ ਦੇ ਕਤਲ ’ਚ ਬਿਸ਼ਨੋਈ ਗੈਂਗ ਦੇ ਸ਼ਾਮਲ ਹੋਣ ਦਾ ਸ਼ੱਕ ਪ੍ਰਗਟਾਇਆ ਸੀ।

ਨੋਟ– ਇਸ ਖ਼ਬਰ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਦੱਸੋ।


Rahul Singh

Content Editor

Related News