ਦਿੱਲੀ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਬੱਚਿਆਂ ਨਾਲ ਐੱਲ. ਜੀ. ਦੁਸ਼ਮਣੀ ਕੱਢਣੀ ਬੰਦ ਕਰਨ : ਰਾਘਵ ਚੱਢਾ
01/17/2023 1:04:15 PM

ਜਲੰਧਰ (ਧਵਨ) : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਲੱਖਾਂ ਬੱਚਿਆਂ ਦੇ ਬਿਹਤਰ ਭਵਿੱਖ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਭੇਜਣ ਦਾ ਫ਼ੈਸਲਾ ਕੀਤਾ ਸੀ। ਇਕ ਟਵੀਟ ਵਿਚ ਉਨ੍ਹਾਂ ਕਿਹਾ ਕਿ ਦਿੱਲੀ ਦੇ ਐੱਲ. ਜੀ. ਨੇ ਤਾਨਾਸ਼ਾਹੀ ਫ਼ੈਸਲਾ ਲੈਂਦਿਆਂ ਕੇਜਰੀਵਾਲ ਸਰਕਾਰ ਦੇ ਫ਼ੈਸਲੇ ’ਤੇ ਰੋਕ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੀ ਐੱਲ. ਜੀ. ਸਾਹਿਬ ਦਿੱਲੀ ਦੇ ਬੱਚਿਆਂ ਨਾਲ ਦੁਸ਼ਮਣੀ ਕੱਢ ਰਹੇ ਹਨ।
‘ਆਪ’ ਦੇ ਸੰਸਦ ਮੈਂਬਰ ਨੇ ਕਿਹਾ ਕਿ ਦਿੱਲੀ ਦੀ ਜਨਤਾ ਵੱਲੋਂ ਐੱਲ. ਜੀ. ਦਾ ਤਾਨਾਸ਼ਾਹੀ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦਿੱਲੀ ਨੂੰ ਲੋਕਤੰਤਰੀ ਢੰਗ ਨਾਲ ਚਲਾਇਆ ਜਾਵੇਗਾ ਅਤੇ ਐੱਲ. ਜੀ. ਸਾਹਿਬ ਨੂੰ ਸੰਵਿਧਾਨ ਤੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨੀ ਹੀ ਪਵੇਗੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਐੱਲ. ਜੀ. ਸਾਹਿਬ ਨੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਕੇਜਰੀਵਾਲ ਸਰਕਾਰ ਨੂੰ ਤੰਗ ਕਰਨ ਲਈ ਕਈ ਫ਼ੈਸਲੇ ਲਏ ਹਨ ਪਰ ਜਨਤਾ ਨੇ ਇਨ੍ਹਾਂ ਫ਼ੈਸਲਿਆਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿ ਜੇ ਐੱਲ. ਜੀ. ਨੇ ਸਰਕਾਰ ਵਿਰੋਧੀ ਕਾਰਵਾਈਆਂ ਨਾ ਛੱਡੀਆਂ ਤਾਂ ਉਨ੍ਹਾਂ ਦੀ ਪਾਰਟੀ ਤੇ ਸਰਕਾਰ ਨੂੰ ਕਾਨੂੰਨੀ ਰਸਤਾ ਅਖਤਿਆਰ ਕਰਨਾ ਪੈ ਸਕਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਨਤਾ ਵੀ ਇਸ ਦਾ ਜਵਾਬ ਦੇਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਐੱਲ. ਜੀ. ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਹੁਣ ਉਨ੍ਹਾਂ ਦੇ ਸੰਸਦ ਮੈਂਬਰ ਕੇਜਰੀਵਾਲ ਸਰਕਾਰ ਦੇ ਸਮਰਥਨ ’ਚ ਉਤਰ ਆਏ ਹਨ।