ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮਗਰੋਂ ਆਰ.ਪੀ. ਸਿੰਘ ਦਾ ਵੱਡਾ ਬਿਆਨ
Monday, Jun 15, 2026 - 07:56 PM (IST)
ਨੈਸ਼ਨਲ ਡੈਸਕ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸੋਸ਼ਲ ਮੀਡੀਆਂ 'ਤੇ ਇਕ ਪੋਸਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਇਹ ਪ੍ਰਤੀਕਿਰਿਆ ਪੰਜ ਸਿੰਘ ਸਾਹਿਬਾਨ ਵੱਲੋਂ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੜ੍ਹ ਕੇ ਸੁਣਾਈ ਗਈ ਰਿਪੋਰਟ ਤੋਂ ਬਾਅਦ ਆਈ ਹੈ। ਆਰ.ਪੀ. ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਉੱਥੋਂ ਜਾਰੀ ਆਦੇਸ਼ ਸਮੁੱਚੀ ਸੰਗਤ ਲਈ ਸਿਰਮੌਰ ਹੁੰਦੇ ਹਨ। ਉਨ੍ਹਾਂ ਦਾ ਤਰਕ ਹੈ ਕਿ ਜਦੋਂ ਕਿਸੇ ਵਿਅਕਤੀ ਨੂੰ ਅਜਿਹੀ ਸਰਵਉੱਚ ਸੰਸਥਾ ਵੱਲੋਂ ਪੰਥ ਵਿਰੋਧੀ ਘੋਸ਼ਿਤ ਕਰ ਦਿੱਤਾ ਜਾਂਦਾ ਹੈ, ਤਾਂ ਉਸ ਦੇ ਜਨਤਕ ਅਤੇ ਨੈਤਿਕ ਆਚਰਣ 'ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਅਜਿਹੇ ਵਿੱਚ ਇੱਕ ਸਿੱਖ ਬਹੁਗਿਣਤੀ ਵਾਲੇ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦਾ ਅਹੁਦੇ 'ਤੇ ਬਣੇ ਰਹਿਣਾ ਉਚਿਤ ਨਹੀਂ ਹੈ।

ਭਾਜਪਾ ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਸਿੱਖ ਸਮਾਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਮੁੱਖ ਮੰਤਰੀ ਤੋਂ ਦੂਰੀ ਬਣਾਉਂਦਾ ਹੈ, ਤਾਂ ਸਰਕਾਰ ਵਿੱਚ ਕੰਮ ਕਰ ਰਹੇ ਸਿੱਖ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਲਈ ਇੱਕ ਵੱਡਾ ਨੈਤਿਕ ਅਤੇ ਧਾਰਮਿਕ ਸੰਕਟ ਪੈਦਾ ਹੋ ਜਾਵੇਗਾ। ਇਸ ਨਾਲ ਪ੍ਰਸ਼ਾਸਨਿਕ ਕੰਮਕਾਜ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਪ੍ਰਵਾਨ ਕਰਦੇ ਹਨ। ਆਰ.ਪੀ. ਸਿੰਘ ਅਨੁਸਾਰ, ਜੇਕਰ ਮੁੱਖ ਮੰਤਰੀ ਇਸ ਹੁਕਮ ਨੂੰ ਮੰਨਦੇ ਹਨ, ਤਾਂ ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ 'ਤੇ ਤੁਰੰਤ ਅਹੁਦਾ ਛੱਡ ਦੇਣਾ ਚਾਹੀਦਾ ਹੈ ਅਤੇ ਆਪਣੇ ਕੀਤੇ ਕੰਮ ਲਈ ਜਨਤਕ ਤੌਰ 'ਤੇ ਮੁਆਫੀ ਮੰਗਣੀ ਚਾਹੀਦੀ ਹੈ।
