ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 12 ਵਿਅਕਤੀ ਗ੍ਰਿਫਤਾਰ
Wednesday, May 13, 2020 - 12:16 AM (IST)
ਜਲੰਧਰ, (ਸੁਧੀਰ)— ਕਮਿਸ਼ਨਰੇਟ ਪੁਲਸ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰ ਰਹੀ ਹੈ । ਇਸ ਸਬੰਧੀ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਾਕੇ 'ਤੇ ਤਾਇਨਾਤ ਸਾਰੇ ਪੁਲਸ ਮੁਲਾਜ਼ਮਾਂ ਨੂੰ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ ।
ਉਨ੍ਹਾਂ ਕਿਹਾ ਕਿ ਮੰਗਲਵਾਰ ਵੀ ਕਮਿਸ਼ਨਰੇਟ ਪੁਲਸ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ 12 ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ 'ਚੋਂ 4 ਬਿਨ੍ਹਾਂ ਮਾਸਕ ਵਾਲੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਭਲਾਈ ਨੂੰ ਧਿਆਨ ਵਿਚ ਰੱਖਦੇ ਹੋਏ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ ਅਤੇ ਕਮਿਸ਼ਨਰੇਟ ਪੁਲਸ ਵੱਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਬਿਨ੍ਹਾਂ ਮਾਸਕ ਦੇ ਘੁੰਮਦੇ 226 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਦੇ ਨਾਲ ਹੀ ਸੜਕਾਂ ਦੇ ਬੇਵਜ੍ਹਾ ਘੁੰਮਦੇ 340 ਵਾਹਨ ਚਾਲਕਾਂ ਦਾ ਪੁਲਸ ਨੇ ਚਾਲਾਨ ਕੀਤਾ ਹੈ ਅਤੇ 26 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਅੱਜ ਤੱਕ ਪੁਲਸ ਨੇ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ਵਾਲੇ 905 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦ ਕਿ 16 ਹਜ਼ਾਰ 595 ਵਾਹਨ ਚਾਲਕਾਂ ਦੇ ਚਲਾਨ ਕੱਟਣ ਦੇ ਨਾਲ 1408 ਵਾਹਨ ਜ਼ਬਤ ਕੀਤੇ ਹਨ ।