ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ : ਸੁਰਜੀਤ ਸਿੰਘ

Sunday, Jan 19, 2020 - 03:27 PM (IST)

ਜਸਟਿਸ ਢੀਂਗਰਾ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ : ਸੁਰਜੀਤ ਸਿੰਘ

ਜਲੰਧਰ (ਚਾਵਲਾ)— 1984 ਸਿੱਖ ਕਤਲੇਆਮ ਵੈੱਲਫੇਅਰ ਸੋਸਾਇਟੀ ਨੇ ਕਿਹਾ ਕਿ 1984 'ਚ ਦਿੱਲੀ ਵਿਖੇ ਹੋਏ ਸਿੱਖ ਕਤਲੇਆਮ ਦੀ ਜਾਂਚ ਲਈ ਬਣੇ ਦਿੱਲੀ ਹਾਈ ਕੋਰਟ ਦੇ ਸਾਬਕਾ ਜਸਟਿਸ ਐੱਸ. ਐੱਨ. ਢੀਂਗਰਾ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇ ਅਤੇ ਇਸ ਕਤਲੇਆਮ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ 1984 ਸਿੱਖ ਕਤਲੇਆਮ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਇਕ ਗਿਣੀ ਮਿਥੀ ਸਾਜ਼ਿਸ਼ ਅਧੀਨ ਨਵੰਬਰ 1984 'ਚ ਹੋਏ ਸਿੱਖ ਕਤਲੇਆਮ ਨੂੰ ਅੰਜਾਮ ਦਿੱਤਾ ਗਿਆ, ਜਿਸ ਅਗਵਾਈ ਪੁਲਸ ਅਧਿਕਾਰੀ ਕਾਂਗਰਸ ਦੇ ਇਸ਼ਾਰੇ 'ਤੇ ਕਰ ਰਹੇ ਸਨ ਜਦਕਿ ਸਿੱਖ ਇਹ ਸਮਝਦੇ ਰਹੇ ਕਿ ਪੁਲਸ ਸਾਡੀ ਸੁਰੱਖਿਆ ਕਰੇਗੀ। ਇਸ ਦੌਰਾਨ ਪੁਲਸ ਅਧਿਕਾਰੀਆਂ ਨੇ ਘਟਨਾ ਨੂੰ ਅੰਜਾਮ ਤੱਕ ਪਹੁੰਚਣ ਲਈ ਦੰਗਾਕਾਰੀਆਂ ਦੀ ਅਗਵਾਈ ਕੀਤੀ।

ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਲਈ ਸੋਨੀਆ ਗਾਂਧੀ ਵਿਰੁੱਧ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਦਾਅਵਾ ਕੀਤਾ ਕਿ ਜਸਟਿਸ ਢੀਂਗਰਾ ਕਮਿਸ਼ਨ ਨੇ ਪੜਤਾਲ ਕਰਕੇ 186 ਕੇਸਾਂ 'ਚ ਪੁਲਸ ਅਧਿਕਾਰੀਆਂ ਅਤੇ ਕਾਂਗਰਸੀ ਆਗੂਆਂ ਨੂੰ ਜਿਨ੍ਹਾਂ ਨੇ ਸਿੱਖ ਕਤਲੇਆਮ ਕਰਵਾਇਆ ਸੀ, ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਗਰਾਂਟ ਦਿੱਤੀ ਜਾਵੇ ਅਤੇ ਕੇਂਦਰ ਸਰਕਾਰ ਪਾਰਲੀਮੈਂਟ 'ਚ ਮੁਆਫੀ ਮੰਗੇ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਸੂਬਿਆਂ 'ਚ 26 ਹਜ਼ਾਰ ਪੀੜਤ ਪਰਿਵਾਰ ਰਹਿ ਰਹੇ ਹਨ। ਇਸ ਮੌਕੇ ਗੁਰਦੇਵ ਸਿੰਘ, ਜਗੀਰ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ ਕੋਹਲੀ, ਮੁਖਵਿੰਦਰ ਸਿੰਘ, ਬੀਬੀ ਚਰਨਜੀਤ ਕੌਰ ਆਦਿ ਵੀ ਹਾਜ਼ਰ ਸਨ ।


author

shivani attri

Content Editor

Related News