ਲੁੱਟ-ਖੋਹ ਮਾਮਲੇ ''ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ

10/04/2019 9:07:21 PM

ਹੁਸ਼ਿਆਰਪੁਰ (ਅਮਰਿੰਦਰ)-ਜ਼ਿਲਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਸੂਰਜ ਸਿੰਘ ਪੁੱਤਰ ਰਘਬੀਰ ਸਿੰਘ ਅਤੇ ਹਰਮਿੰਦਰ ਸਿੰਘ ਪੁੱਤਰ ਮੰਗਲ ਸਿੰਘ ਦੋਵੇਂ ਵਾਸੀ ਪੰਡੋਰੀ ਨੂੰ ਲੁੱਟ-ਖੋਹ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 5-5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਸੂਰਜ ਸਿੰਘ ਨੂੰ 15,000 ਰੁਪਏ ਅਤੇ ਹਰਮਿੰਦਰ ਸਿੰਘ ਨੂੰ 10,000 ਰੁਪਏ ਨਕਦ ਜੁਰਮਾਨੇ ਦੀ ਸਜ਼ਾ ਵੀ ਸੁਣਾਈ ਹੈ। ਨਕਦ ਜੁਰਮਾਨਾ ਅਦਾ ਨਾ ਕਰਨ 'ਤੇ ਇਕ-ਇਕ ਮਹੀਨੇ ਦੀ ਕੈਦ ਹੋਰ ਕੱਟਣੀ ਪਵੇਗੀ। ਇਥੇ ਇਹ ਵੀ ਵਰਣਨਯੋਗ ਹੈ ਕਿ ਉਕਤ ਅਦਾਲਤ ਨੇ ਦੋਸ਼ੀ ਹਰਮਿੰਦਰ ਸਿੰਘ ਨੂੰ ਇਕ ਹੋਰ ਝਗੜੇ ਦੇ ਮਾਮਲੇ ਵਿਚ 10,000 ਰੁਪਏ ਜੁਰਮਾਨਾ ਅਦਾ ਕਰਨ ਅਤੇ 5 ਸਾਲ ਕੈਦ ਦੀ ਸਜ਼ਾ ਵੀ ਸੁਣਾਈ ਹੈ।

ਇਹ ਸੀ ਮਾਮਲਾ
ਟਾਂਡਾ ਪੁਲਸ ਨੂੰ 5 ਸਤੰਬਰ 2017 ਨੂੰ ਦਿੱਤੀ ਸ਼ਿਕਾਇਤ ਵਿਚ ਸਵਰਨਾ ਕੌਰ ਨੇ ਦੱਸਿਆ ਕਿ ਜਦੋਂ ਉਹ 3 ਸਤੰਬਰ ਨੂੰ ਗੁਰਦੁਆਰਾ ਸਾਹਿਬ ਵੱਲ ਜਾ ਰਹੀ ਸੀ ਤਾਂ ਇਕ ਮੋਟਰਸਾਈਕਲ ਸਵਾਰ 2 ਨੌਜਵਾਨ ਉਸ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਸ ਨੇ ਪੰਡੋਰੀ ਪਿੰਡ ਵਿਚ ਰਹਿੰਦੇ ਦੋਵਾਂ ਮੁਲਜ਼ਮਾਂ ਸੂਰਜ ਸਿੰਘ ਅਤੇ ਹਰਮਿੰਦਰ ਸਿੰਘ ਖਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।

Karan Kumar

This news is Content Editor Karan Kumar