ਪ੍ਰਕਾਸ਼ ਪੁਰਬ ਸਬੰਧੀ ਪਿੰਡ ਝਾਵਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ

Sunday, Feb 08, 2026 - 06:11 PM (IST)

ਪ੍ਰਕਾਸ਼ ਪੁਰਬ ਸਬੰਧੀ ਪਿੰਡ ਝਾਵਾਂ ਵਿਖੇ ਮਹਾਨ ਨਗਰ ਕੀਰਤਨ ਸਜਾਇਆ ਗਿਆ

ਟਾਂਡਾ ਉੜਮੁੜ, (ਪਰਮਜੀਤ ਮੋਮੀ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 649 ਪ੍ਰਕਾਸ਼ ਨੂੰ ਮਨਾਉਂਦੇ ਹੋਏ ਪਿੰਡ ਝਾਵਾਂ ਵਿਖੇ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਤੇ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਰਵਿਦਾਸ ਜੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਮਹਾਨ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਸੁੰਦਰ ਪਾਲਕੀ ਵਿੱਚ ਬੜੇ ਹੀ ਸਤਿਕਾਰ ਤੇ ਸੇਵਾ ਭਾਵਨਾ ਨਾਲ ਸੁਸ਼ੋਭਿਤ ਕੀਤੇ ਗਏ ਸਨ। 

ਨਗਰ ਕੀਰਤਨ ਵਿੱਚ ਭਾਈ ਜਸਵੀਰ ਸਿੰਘ ਮੋਹਲਕੇ ਦੇ ਢਾਡੀ ਜਥੇ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦੁਆਰਾ ਨਿਹਾਲ ਕਰਦੇ ਹੋਏ ਸਮੂਹ ਸੰਗਤ ਨੂੰ ਨਿਹਾਲ ਕੀਤਾ ਜਾ ਰਿਹਾ ਸੀ। ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ ਤੇ ਨਗਰ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ ਜਿੱਥੇ ਸੰਗਤਾਂ ਵੱਲੋਂ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਗਈ। 

PunjabKesari

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਜਸਵਿੰਦਰ ਸਿੰਘ ਤੇ ਹੋਰਨਾਂ ਸੇਵਾਦਾਰਾਂ ਨੇ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ 9 ਫਰਵਰੀ ਨੂੰ ਮਹਾਨ ਸਲਾਨਾ ਸਮਾਗਮ ਕਰਵਾਇਆ ਜਾਵੇਗਾ। ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ  ਢਾਡੀ ਜਥੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕਰਨਗੇ।  

ਇਸ ਮੌਕੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਮਾਸਟਰ ਅਮਰਜੀਤ ਸਿੰਘ, ਡਾ. ਪ੍ਰਸ਼ੋਤਮ ਸਿੰਘ, ਉਜਾਗਰ ਸਿੰਘ, ਮਨਵੀਰ ਸਿੰਘ ਝਾਵਰ, ਪ੍ਰਿੰਸੀਪਲ ਹਰਭਜਨ ਸਿੰਘ, ਮੋਹਨ ਲਾਲ, ਮੇਜਰ ਸਿੰਘ, ਜੋਗਿੰਦਰ ਸਿੰਘ, ਹਰਜੀਤ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਰਮਨਦੀਪ ਸਿੰਘ, ਗੁਰਦੀਪ ਸਿੰਘ, ਹਰਵਿੰਦਰ ਸਿੰਘ, ਮੁਨੀਸ਼, ਸੁਨੀਲ  ਝਾਵਾਂ, ਰਵਿੰਦਰ ਸਿੰਘ ਅਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


author

Rakesh

Content Editor

Related News