ਪਿੰਡ ਖੁੱਡਾ ਤੋਂ ਦਿੱਲੀ ਵੱਲ ਰਵਾਨਾ ਹੋਇਆ ਕਿਸਾਨਾਂ ਦਾ ਜਥਾ

01/29/2021 2:02:12 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਜ਼ਿਆਦਾ ਮਜ਼ਬੂਤੀ ਦੇਣ ਦੇ ਮੰਤਵ ਨਾਲ ਪਿੰਡ ਖੁੱਡਾ ਤੋਂ ਕਿਸਾਨਾਂ ਦਾ ਇਕ ਵਿਸ਼ਾਲ ਜਥਾ ਦਿੱਲੀ ਲਈ ਰਵਾਨਾ ਹੋਇਆ। ਜਥੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਆਪਣੀ ਖ਼ਰਾਬ ਨੀਅਤ ਤਹਿਤ ਕਿਸਾਨ ਅੰਦੋਲਨ ਨੂੰ ਢਾਹ ਲਾਉਣ ਦੀ ਪੂਰੀ ਵਾਹ ਲਾ ਰਹੀ ਹੈ ਅਤੇ ਲੋਕਤੰਤਰ ਦਾ ਘਾਣ ਕਰਦੇ ਹੋਏ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਜਿਸ ਨੂੰ ਦੇਸ਼ ਦਾ ਅੰਨਦਾਤਾ ਬਰਦਾਸ਼ਤ ਨਹੀਂ ਕਰੇਗਾ।

ਕਿਸਾਨਾਂ ਨੇ ਹੋਰ ਕਿਹਾ ਕਿ ਸਰਕਾਰ ਨੇ ਸਾਜ਼ਿਸ਼ ਤਹਿਤ ਇਸ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਸਰਕਾਰ ਦੀਆਂ ਚਾਲਾਂ ਦੇ ਬਾਵਜੂਦ ਵੀ ਕਿਸਾਨ ਅੰਦੋਲਨ ਪੂਰੀ ਮਜ਼ਬੂਤੀ ਅਤੇ ਦ੍ਰਿੜ੍ਹ ਹੌਸਲੇ ਨਾਲ ਚੱਲ ਰਹੇ ਹਨ। ਜੇਕਰ ਲੋੜ ਪਈ ਤਾਂ ਵੱਧ ਤੋਂ ਵੱਧ ਇਲਾਕੇ ਦੇ ਪਿੰਡਾਂ ਦੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼  ਆਵਾਜ਼ ਬੁਲੰਦ ਕਰਦਿਆਂ ਦਿੱਲੀ ਵੱਲ ਵਹੀਰਾਂ ਘੱਤਣਗੇ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਮੌਕੇ ਜਥੇਦਾਰ ਜਗਜੀਤ ਸਿੰਘ ਖੁੱਡਾ, ਜਸਵੀਰ ਸਿੰਘ ਖੁੱਡਾ, ਸੁਰਜੀਤ ਸਿੰਘ , ਸੁਰਿੰਦਰ ਸਿੰਘ ,ਹਰਜਿੰਦਰ ਸਿੰਘ ,ਸਤਪਾਲ ਸਿੰਘ, ਵਰਿੰਦਰ ਸਿੰਘ, ਹਰਭਜਨ ਸਿੰਘ, ਮਲਕੀਤ ਸਿੰਘ,ਪ੍ਰਿਤਪਾਲ ਸਿੰਘ ਖੁੱਡਾ  ਤੇ ਪਿੰਡ ਦੇ ਹੋਰ ਕਿਸਾਨ ਵੀ ਹਾਜ਼ਰ ਸਨ। 

Aarti dhillon

This news is Content Editor Aarti dhillon