ਬੇਅਦਬੀ ਦੀਆਂ ਘਟਨਾਵਾਂ ਲਈ ਅਕਾਲੀ ਦਲ ਜ਼ਿੰਮੇਵਾਰ: ਕੰਵਰਪਾਲ ਸਿੰਘ

07/19/2019 2:31:55 PM

ਜਲੰਧਰ— ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ 'ਚ ਅਕਾਲੀ ਦਲ ਨੂੰ ਕਸੂਰਵਾਰ ਮੰਨਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ 'ਚ ਹੁੰਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ ਹੀ ਇਸ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਸੀ। ਹੁਣ ਸੀ.ਬੀ.ਆਈ. ਵਲੋਂ ਕਲੋਜ਼ਰ ਰਿਪੋਰਟ ਦੇਣ 'ਤੇ ਅਕਾਲੀ ਦਲ ਕਿਹੜੇ ਮੂੰਹ ਨਾਲ ਇਸ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਪੰਥਕ ਮਸਲੇ ਵੀ ਦਿਖਾਈ ਦੇਣ ਲੱਗ ਜਾਂਦੇ ਹਨ ਤੇ ਪੰਥ ਲਈ ਖਤਰਾ ਵੀ ਲੱਗਦਾ ਹੈ। ਸੱਤਾ 'ਚ ਆਉਂਦੇ ਹੀ ਪੰਥਕ ਖਤਰੇ ਖੰਭ ਲਾ ਕੇ ਉੱਡ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਲੋਂ ਬਣਾਈ ਗਈ ਐੱਸ.ਆਈ.ਟੀ. ਜਦੋਂ ਕਸੂਰਵਾਰਾਂ ਖਿਲਾਫ ਕਾਰਵਾਈ ਨਾ ਕਰ ਸਕੀ ਤਾਂ ਉਨ੍ਹਾਂ ਇਹ ਕੇਸ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਸੀ। ਹੁਣ ਜਦੋਂ ਸੀ.ਬੀ.ਆਈ. ਨੇ ਵੀ ਕਲੋਜ਼ਰ ਰਿਪੋਰਟ ਅਦਾਲਤ ਸਾਹਮਣੇ ਪੇਸ਼ ਕਰ ਦਿੱਤੀ ਹੈ ਤਾਂ ਇਹ ਗੱਲ ਸਾਫ ਹੋ ਗਈ ਕਿ ਸਿੱਖਾਂ ਨੂੰ ਇਨਸਾਫ ਦੇਣ 'ਚ ਸਾਰਾ ਹੀ ਨਿਜ਼ਾਮ ਫੇਲ੍ਹ ਸਾਬਤ ਹੋਇਆ ਹੈ। ਕੇਂਦਰ, ਅਕਾਲੀ ਅਤੇ ਅਮਰਿੰਦਰ ਦੀ ਅਗਵਾਈ ਵਾਲੀਆਂ ਸੂਬਾ ਸਰਕਾਰਾਂ ਨੇ ਸਿੱਖਾਂ ਨਾਲ ਇਕ ਵਾਰ ਫਿਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੀ.ਬੀ.ਆਈ. ਕੇਂਦਰ ਦੀ ਭਾਜਪਾ ਸਰਕਾਰ ਦੇ ਅਧੀਨ ਕੰਮ ਕਰਦੀ ਹੈ ਅਤੇ ਅਕਾਲੀ-ਭਾਜਪਾ ਦਾ ਗੱਠਜੋੜ ਹੈ।


Related News