ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਹੜਤਾਲ ਦਾ ਐਲਾਨ

Friday, Nov 25, 2022 - 12:07 PM (IST)

ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਤੱਕ ਹੜਤਾਲ ਦਾ ਐਲਾਨ

ਭੋਗਪੁਰ (ਰਾਜੇਸ਼ ਸੂਰੀ) : ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੇ ਜਾਣ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ।  ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਚੱਲਦਿਆਂ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ 2 ਜ਼ਿਲ੍ਹਾ ਕੰਟਰੋਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਵੱਲੋਂ ਖ਼ਰੀਦ ਏਜੰਸੀਆਂ ਦੇ ਸਟਾਕ ਵਿਚ ਪਏ ਕਰੇਟਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਇਸ ਦੇ ਵਿਰੋਧ ਵਿਚ ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਖ਼ਰੀਦ ਏਜੰਸੀਆਂ ਵੱਲੋਂ ਇਸ ਸਬੰਧੀ ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਦੱਸਿਆ ਗਿਆ ਹੈ ਕਿ ਸਾਲ 2018 ਤੋਂ 2021 ਦੌਰਾਨ ਕਣਕ ਦੀ ਸਾਂਭ-ਸੰਭਾਲ ਲਈ ਖ਼ਰੀਦੇ ਗਏ ਕਰੇਟਾਂ ਦੀ ਪੜਤਾਲ ਦੇ ਨਾਮ 'ਤੇ  ਸਮੂਹ ਮੁਲਾਜ਼ਮਾਂ ਨੂੰ ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤੇ ਜਾਣ ਦੇ ਵਿਰੋਧ ਵਿਚ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ।ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਜੀਲੈਂਸ ਵਿਭਾਗ ਪੰਜਾਬ ਦੀ ਇਸ ਇਕਪਾਸੜ ਕਾਰਵਾਈ ਨਾਲ ਪੂਰੇ ਪੰਜਾਬ ਵਿੱਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਾ ਦਿਤਾ ਗਿਆ ਹੈ। ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਨੂੰ ਟੈਂਡਰ ਪ੍ਰਕਿਰਿਆ ਰਾਹੀਂ ਕਰੇਟ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ। 

ਇਹ ਵੀ ਪੜ੍ਹੋ : ਦੁਬਈ ਦੇ ਸਖ਼ਤ ਕਾਨੂੰਨ ਦੀ ਜਕੜ ’ਚ ਫਸਿਆ ਤਰਨਤਾਰਨ ਦਾ ਨੌਜਵਾਨ, ਪਿੱਛੋਂ ਪਿਓ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ

ਪੱਤਰ ਵਿੱਚ ਕਿਹਾ ਗਿਆ ਹੈ ਕਿ ਪ੍ਰਚੱਲਤ ਹਦਾਇਤਾਂ ਅਤੇ ਪ੍ਰੈਕਟਿਸ ਅਨੁਸਾਰ ਕਰੇਟਾਂ ਦੀ ਸਪਲਾਈ ਅਪ੍ਰੈਲ ਅਤੇ ਮਈ ਮਹੀਨੇ ਦੌਰਾਨ ਚਲਦੇ ਸੀਜਨ ਦੌਰਾਨ ਹੁੰਦੀ ਹੈ। ਇਸ ਸਮੇਂ ਵੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ਸ਼ੋਰਾਂ 'ਤੇ ਹੁੰਦਾ ਹੈ। ਕਣਕ ਦੀ ਸੁਚਾਰੂ ਸਟੋਰੇਜ ਅਤੇ ਸੰਭਾਲ ਯਕੀਨੀ ਬਣਾਉਣ ਹਿੱਤ ਇਹ ਕਰੇਟ ਤੁਰੰਤ ਕਣਕ ਦਾ ਭੰਡਾਰ ਕਰਨ ਲਈ ਵਰਤੋਂ ਵਿੱਚ ਲਿਆਂਦੇ ਜਾਂਦੇ ਹਨ ।ਇੱਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰੀ ਹਦਾਇਤਾਂ ਅਨੁਸਾਰ ਇਨ੍ਹਾਂ ਕਰੇਟਾਂ ਦੀ ਉਮਰ 4 ਸਾਲ ਨਿਰਧਾਰਿਤ ਕੀਤੀ ਗਈ ਹੈ ਅਤੇ ਟੈਂਡਰ ਰਾਹੀਂ ਨਕਾਰਾ ਕਰੇਟ ਦੀ ਨਿਕਾਸੀ ਘੱਟੋ-ਘੱਟ 14 ਕਿਲੋ ਵਜ਼ਨ ਪ੍ਰਤੀ ਕਰੇਟ ਹੇਠ ਦਰਜ ਕਰ ਕੇ ਕਰਵਾਈ ਜਾਂਦੀ ਹੈ ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਕਣਕ ਦੀ ਸਾਂਭ-ਸੰਭਾਲ ਦਾ ਕੰਮ ਬਹੁਤ ਵੱਡੇ ਪੱਧਰ 'ਤੇ ਨੇਪਰੇ ਚਾੜਨ ਕਾਰਨ ਖ਼ਰੀਦ ਏਜੰਸੀਆਂ ਦੇ ਗੁਦਾਮਾਂ ਵਿਚ ਕਰੇਟ ਦੀ ਸਾਲ ਵਾਰ ਖ਼ਰੀਦ ਦੀ ਪਛਾਣ ਨਹੀਂ ਕੀਤੀ ਜਾ ਸਕਦੀ ਹੈ। ਪਿਛਲੇ ਸਾਲਾਂ ਦੌਰਾਨ ਸਮੂਹ ਖ਼ਰੀਦ ਏਜੰਸੀਆਂ ਵੱਲੋਂ ਨਵੇਂ ਕਰੇਟ ਪ੍ਰਾਪਤ ਕਰਨ ਉਪਰੰਤ ਸਹੀ ਵਰਤੋਂ ਕਰ ਕੇ ਖ਼ਰਾਬ ਹੋ ਚੁੱਕੇ ਕਰੇਟਾਂ ਦੀ ਸਰਕਾਰੀ ਹਿਦਾਇਤਾਂ ਅਨੁਸਾਰ ਨਿਲਾਮੀ ਕਰਵਾ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵੀ ਲੇਬਰ ਤੇ ਟਰਾਂਸਪੋਰਟ ਕਾਰਪੋਰੇਸ਼ਨ ਦੇ ਟੈਂਡਰਾਂ ਨੂੰ ਲੈ ਕੇ ਖ਼ਰੀਦ ਏਜੰਸੀਆਂ ਦੇ ਮੁਲਾਜ਼ਮਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਖ਼ਰੀਦ ਏਜੰਸੀਆਂ ਦੀ ਇਸ ਤਰ੍ਹਾਂ ਦੀ ਕੀਤੀ ਜਾ ਰਹੀ ਹੈ ਚੈਕਿੰਗ ਕਾਰਨ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਮੁਲਾਜ਼ਮ ਕੰਮ ਕਰਨ ਤੋਂ ਅਸਮਰੱਥ ਹਨ । ਜਦੋਂ ਤੱਕ ਖ਼ਰੀਦ ਏਜੰਸੀਆਂ ਖ਼ਿਲਾਫ਼ ਵਿਜੀਲੈਂਸ ਵਿਭਾਗ ਪੰਜਾਬ ਵੱਲੋਂ ਸ਼ੁਰੂ ਕੀਤੀ ਜਾ ਰਹੀ ਜਾਂਚ ਬੰਦ ਨਹੀਂ ਕੀਤੀ ਜਾਂਦੀ ਤਦ ਤੱਕ ਪੰਜਾਬ ਦੇ ਸਮੂਹ ਖ਼ਰੀਦ ਏਜੰਸੀਆਂ ਦੇ ਮੁਲਾਜ਼ਮ ਹੜਤਾਲ 'ਤੇ ਰਹਿਣਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News