ਅਰੁਣਾ ਚੌਧਰੀ ਵਲੋਂ ਅਨਾਜ ਮੰਡੀ ਦਾ ਦੌਰਾ, ਖਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

10/13/2020 1:24:34 AM

ਹੁਸ਼ਿਆਰਪੁਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਸੋਮਵਾਰ ਨੂੰ ਸਥਾਨਕ ਨਵੀਂ ਦਾਣਾ ਮੰਡੀ, ਰਹੀਮਪੁਰ ਦਾ ਦੌਰਾ ਕਰਦਿਆਂ ਪਿੰਡ ਖੜ੍ਹਕਾਂ ਦੇ ਕਿਸਾਨ ਅਮਰਜੀਤ ਸਿੰਘ ਦੀ ਢੇਰੀ ਦੀ ਬਲੀ ਲਗਵਾਈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖਰੀਦ ਪ੍ਰਬੰਧਾਂ, ਪ੍ਰਕਿਰਿਆ ਅਤੇ ਸਹੂਲਤਾਂ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਮੰਡੀਆਂ ਵਿਚੋਂ ਬਿਨ੍ਹਾਂ ਕਿਸੇ ਦੇਰੀ ਅਤੇ ਪ੍ਰੇਸ਼ਾਨੀ ਤੋਂ ਚੁੱਕਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਸਮੇਤ ਮੰਤਰੀ ਨੇ ਮੰਡੀ ਵਿੱਚ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦੀਆਂ ਢੇਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ ਉਤੇ ਤਸੱਲੀ ਪ੍ਰਗਟਾਈ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਆਮਦ ਸਬੰਧੀ ਮੰਤਰੀ ਨੇ ਦੱਸਿਆ ਕਿ ਐਤਵਾਰ ਸ਼ਾਮ ਤੱਕ ਜ਼ਿਲ੍ਹੇ ਵਿਚਲੇ ਕੁੱਲ 108 ਖਰੀਦ ਕੇਂਦਰਾਂ ਵਿੱਚ 139880 ਮੀਟ੍ਰਕ ਝੋਨੇ ਦੀ ਆਮਦ ਹੋ ਚੁੱਕੀ ਸੀ ਜਿਸ ਵਿਚੋਂ 138896 ਮੀਟ੍ਰਕ ਟਨ ਖਰੀਦ ਦੇ ਨਾਲ-ਨਾਲ 75069, ਕੁੱਲ ਖਰੀਦ ਦਾ 80 ਫੀਸਦੀ, ਲਿਫਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 4.41 ਲੱਖ ਮੀਟ੍ਰਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਆਦਿ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ ਤਾਂ ਜੋ ਫ਼ਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਕੋਵਿਡ ਦੇ ਮੌਜੂਦਾ ਸੰਕਟ ਵਿੱਚ ਇਹ ਅੱਗ ਹੋਰ ਵੀ ਘਾਤਕ ਸਾਬਤ ਹੋਵੇਗੀ ਅਤੇ ਲੋਕ ਹਿੱਤ ਦੇ ਮੱਦੇਨਜ਼ਰ ਕਿਸਾਨਾਂ ਨੂੰ ਇਸ ਮਾਰੂ ਰੁਝਾਨ ਤੋਂ ਗੁਰੇਜ ਕਰਨਾ ਚਾਹੀਦਾ ਹੈ।

 


Deepak Kumar

Content Editor

Related News