ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਪੰਜਾਬ ਸਰਕਾਰ ਵੱਲੋਂ ਸਨਮਾਨਤ

11/12/2019 1:51:23 PM

ਸੁਲਤਾਨਪੁਰ ਲੋਧੀ (ਸੋਢੀ)— ਸਿੱਖ ਜਥੇਬੰਦੀਆਂ ਦੇ ਮੁਖੀ ਅਤੇ ਸੰਤ ਮਹਾ-ਪੁਰਖਾਂ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਪੰਜਾਬ ਸਰਕਾਰ ਵਲੋਂ ਆਈ. ਕੇ. ਗੁਜਰਾਲ ਟੈਕਨੀਕਲ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਅਯੋਜਿਤ ਕੀਤਾ ਗਿਆ। ਜਿਸ ਵਿਚ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਨਿਹੰਗ ਸਿੰਘ ਦਲਾਂ ਦੇ ਮੁਖੀ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਕੜੀ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦਾ ਵਿਸ਼ੇਸ਼ ਤੌਰ 'ਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਮੰਤਰੀ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਪੰਜਾਬ ਸਰਕਾਰ ਨੇ ਸਾਂਝੇ ਤੌਰ 'ਤੇ ਸਨਮਾਨਤ ਕੀਤਾ।

ਸਮਾਗਮ 'ਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਸ਼ੇਸ਼ ਤੌਰ ਪੁੱਜੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਜਥੇ. ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਮੁਖੀ ਬਾਬਾ ਫਤਹਿ ਸਿੰਘ ਤਰਨਾ ਦਲ ਹੁਸ਼ਿਆਰਪੁਰ ਨੂੰ ਸਨਮਾਨਤ ਕੀਤਾ ਗਿਆ।

ਕੈਪਟਨ ਅਮਰਿੰਦਰ ਸਿੰਘ ਨੇ ਬੁੱਢਾ ਦਲ ਦੇ ਮਹਾਨ ਮੁਖੀ ਜਰਨੈਲਾਂ, ਨਵਾਬ ਕਪੂਰ ਸਿੰਘ, ਬਾਬਾ ਜੱਸਾ ਸਿੰਘ ਆਹਲੂਵਾਲੀਆ, ਅਕਾਲੀ ਬਾਬਾ ਫੂਲਾ ਸਿੰਘ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਮਹਾਨ ਜਰਨੈਲ ਹਰੀ ਸਿੰਘ ਨਲੂਆ ਦੇ ਇਤਿਹਾਸ ਤੇ ਯੁੱਧਨੀਤੀ ਦੀ ਵੀ ਚਰਚਾ ਕੀਤੀ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਤੇ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰਨ ਮੂਲਮੰਤਰ ਸੁਨਹਿਰੀ ਅੱਖਰਾਂ 'ਚ ਅੰਕਿਤ ਯਾਦਗਾਰੀ ਮੋਮੈਂਟੋ ਨਾਲ ਸਨਮਾਨਤ ਕੀਤਾ। ਇਹ ਜਾਣਕਾਰੀ ਬਾਬਾ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਿੱਤੀ।

shivani attri

This news is Content Editor shivani attri