ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਮਾਮਲੇ 'ਚ ਮੁਅੱਤਲ SHO ਨਵਦੀਪ ਸਿੰਘ ਨੂੰ ਅਦਾਲਤ ਵੱਲੋਂ ਵੱਡਾ ਝਟਕਾ
Friday, Sep 22, 2023 - 10:16 AM (IST)

ਸੁਲਤਾਨਪੁਰ ਲੋਧੀ (ਧੀਰ)- ਮਾਨਵਜੀਤ ਸਿੰਘ ਢਿੱਲੋਂ ਤੇ ਜਸ਼ਨਬੀਰ ਸਿੰਘ ਢਿੱਲੋਂ ਦੇ ਖੁਦਕੁਸ਼ੀ ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਵੱਲੋਂ ਲਾਈ ਅਗਾਊਂ ਜ਼ਮਾਨਤ ਅਰਜ਼ੀ ਮਾਣਯੋਗ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਢਿੱਲੋਂ ਬ੍ਰਦਰਜ਼ ਦੇ ਐਡਵੋਕੇਟ ਸਰਬਜੀਤ ਸਿੰਘ ਤੇ ਗੁਰਜੀਤ ਸਿੰਘ ਔਜਲਾ ਨੇ ਗੱਲਬਾਤ ਦੌਰਾਨ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਵੱਲੋਂ ਵੱਖ-ਵੱਖ ਤਰੀਕਾਂ ਨੂੰ ਅਦਾਲਤ ’ਚ ਅਗਾਊਂ ਜ਼ਮਾਨਤ ਅਰਜ਼ੀ ਲਾਈ ਗਈ ਸੀ। ਇਸ ਤੋਂ ਮਾਣਯੋਗ ਵਧੀਕ ਸੈਸ਼ਨ ਜੱਜ ਆਜਾਇਬ ਸਿੰਘ ਵੱਲੋਂ ਉਕਤ ਤਿੰਨਾ ਦੀ ਤਰੀਕ 19 ਸਤੰਬਰ ਰੱਖੀ ਸੀ। 19 ਸਤੰਬਰ ਨੂੰ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਵਕੀਲ ਭਾਰਤ ਪੁਰੀ ਤੇ ਬਲਵਿੰਦਰ ਕੁਮਾਰ ਵੱਲੋਂ ਮਨਦੀਪ ਸਿੰਘ ਸਚਦੇਵਾ ਅਤੇ ਢਿੱਲੋਂ ਬ੍ਰਦਰਜ਼ ਵੱਲੋਂ ਡਵੋਕੇਟ ਸਰਬਜੀਤ ਸਿੰਘ ਤੇ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੇ-ਆਪਣੇ ਪੱਖ ਰੱਖੇ। ਜਿਸ ਉਪਰੰਤ ਮਾਣਯੋਗ ਵਧੀਕ ਸੈਸ਼ਨ ਜੱਜ ਆਜਾਇਬ ਸਿੰਘ ਵੱਲੋਂ ਦੋਵਾਂ ਧਿਰਾਂ ਦੀ ਦਲੀਲਾਂ ਸੁਣਨ ਤੋਂ ਬਾਅਦ 21 ਸਤੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ।
ਅੱਜ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਵੱਲੋਂ ਲਾਈ ਅਗਾਊਂ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ 16 ਅਗਸਤ ਨੂੰ ਪਤੀ-ਪਤਨੀ ਦੇ ਘਰੇਲੂ ਝਗੜੇ ਨੂੰ ਹੱਲ ਕਰਨ ਲਈ ਦੋਵੇਂ ਧਿਰਾਂ ਜਲੰਧਰ ਦੇ ਥਾਣਾ ਨੰ. 1 ’ਚ ਇਕੱਠੀਆਂ ਹੋਈਆਂ ਸਨ। ਇਸ ਦੌਰਾਨ ਥਾਣੇ ’ਚ ਲੜਕੀ ਧਿਰ ਵੱਲੋਂ ਆਏ ਇਕ ਵਿਅਕਤੀ ਮਾਨਵਜੀਤ ਸਿੰਘ ਢਿੱਲੋਂ ’ਤੇ ਪੁਲਸ ਨੇ 107/51 ਦਾ ਕੇਸ ਦਰਜ ਕਰ ਦਿੱਤਾ। ਮਾਨਵਜੀਤ ਸਿੰਘ ਢਿੱਲੋਂ ਨੂੰ ਕਥਿਤ ਤੌਰ ’ਤੇ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਨੇ ਕਾਫੀ ਜ਼ਲੀਲ ਕੀਤਾ ਤੇ ਕੁੱਟਮਾਰ ਕਰਦੇ ਹੋਈ ਉਸ ਦੀ ਪੱਗ ਵੀ ਉਤਾਰ ਦਿੱਤੀ ਸੀ। ਇਸ ਬਾਰੇ ਜਦੋਂ ਮਾਨਵਜੀਤ ਸਿੰਘ ਢਿੱਲੋਂ ਦੇ ਭਰਾ ਜਸ਼ਨਬੀਰ ਸਿੰਘ ਢਿੱਲੋਂ ਨੂੰ ਪਤਾ ਚੱਲਦਾ ਹੈ ਤਾਂ ਉਹ ਇਹ ਸਭ ਕੁੱਝ ਨਾ ਸਹਾਰ ਸਕਿਆ ਤੇ ਉਸੇ ਗੋਇੰਦਵਾਲ ਸਾਹਿਬ ਪੁਲ ਤੋਂ ਦਰਿਆ ਬਿਆਸ ’ਚ ਛਾਲ ਮਾਰ ਦਿੱਤੀ, ਜਿਸ ਦੇ ਮਗਰ ਹੀ ਮਾਨਵਜੀਤ ਸਿੰਘ ਢਿੱਲੋਂ ਨੇ ਛਾਲ ਮਾਰ ਦਿੱਤੀ ਸੀ। ਪੁਲਸ ਨੇ ਕਾਫੀ ਦਿਨਾਂ ਬਾਅਦ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਬਰਾਮਦ ਕੀਤੀ।
ਇਸ ਦੌਰਾਨ ਜਸ਼ਨਬੀਰ ਸਿੰਘ ਢਿੱਲੋਂ ਦੀ ਲਾਸ਼ ਮਿਲਣ ਉਪਰੰਤ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਨੇ ਐੱਸ. ਐੱਚ. ਓ. ਨਵਦੀਪ ਸਿੰਘ, ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਵਿਰੁੱਧ ਧਾਰਾ ਆਈ. ਪੀ. ਸੀ. 306, 506 ਤੇ 343 ਤਹਿਤ ਮਾਮਲਾ ਦਰਜ ਕਰ ਦਿੱਤਾ। ਜਿਸ ਤੋਂ ਬਾਅਦ ਮਾਮਲਾ ਸ਼ਾਂਤ ਨਾ ਹੁੰਦਾ ਹੋਇਆ ਦੇਖ ਕੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਐੱਸ. ਐੱਚ. ਓ. ਨਵਦੀਪ ਸਿੰਘ ਮੁਅੱਤਲ ਕਰ ਦਿੱਤਾ ਸੀ। ਜਿਸ ਉਪਰੰਤ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਗਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਵੱਲੋਂ ਮਾਣਯੋਗ ਅਦਾਲਤ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਗਈ ਸੀ।
ਪੰਜਾਬ ਪੁਲਸ ਦੀ ਕਾਰਗੁਜ਼ਾਰੀ ਢਿੱਲੀ ਕਾਰਨ ਮੁਲਜ਼ਮ ਗ੍ਰਿਫਤ ਤੋਂ ਹਨ ਬਾਹਰ
ਲੋਕਾਂ ਦੀ ਸੁਰੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਪੁਲਸ ਦੀ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਕਾਰਗੁਜ਼ਾਰੀ ਕਾਫੀ ਢਿੱਲੀ ਹੈ। ਇੰਨੇ ਦਿਨ ਬੀਤ ਚੁੱਕੇ ਹਨ ਪਰ ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ ਤੇ ਨਾਮਜ਼ਦ ਮਹਿਲਾ ਕਾਂਸਟੇਬਲ ਜਸਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਨੂੰ ਅਜੇ ਤਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਸੂਤਰਾਂ ਦੇ ਅਨੁਸਾਰ ਜਿਹੜਾ ਮੌਜੂਦਾ ਸਰਕਾਰ ਦੇ ਇਕ ਲੀਡਰ ਮੁਅੱਤਲ ਐੱਸ. ਐੱਚ. ਓ. ਨੂੰ ਬਚਾਉਣ ’ਚ ਲੱਗਾ ਹੋਇਆ ਹੈ, ਦੇ ਕਹਿਣ ’ਤੇ ਹੀ ਜਲੰਧਰ ਪੁਲਸ ਦੇ ਵੱਡੇ ਅਧਿਕਾਰੀਆਂ ਮਾਮਲੇ ਨੂੰ ਦਿਲਚਸਪੀ ਨਾਲ ਨਹੀਂ ਲੈ ਰਹੇ। ਇਹ ਵੀ ਪਤਾ ਲੱਗਾ ਹੈ ਜਲੰਧਰ ਪੁਲਸ ਦੇ ਹੀ ਵੱਡੇ ਅਧਿਕਾਰੀਆਂ ਵੱਲੋਂ ਕਪੂਰਥਲਾ ਪੁਲਸ ’ਤੇ ਵੀ ਦਬਾਅ ਪਾਇਆ ਜਾ ਰਿਹਾ ਹੈ, ਜਿਸ ਕਾਰਨ ਮੁਲਜ਼ਮ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹਨ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨਾਲ ਆਪਣੇ ਗੂੜ੍ਹੇ ਸਬੰਧਾਂ ’ਤੇ ਪਰਦਾ ਪਾਉਣ ਲਈ ਟਰੂਡੋ ਨੇ ਭਾਰਤ ਨਾਲ ਖਰਾਬ ਕੀਤੇ ਰਿਸ਼ਤੇ!
ਜੇਕਰ ਮੁਲਜ਼ਮ ਗ੍ਰਿਫਤਾਰ ਨਹੀਂ ਹੁੰਦੇ ਤਾਂ ਅਦਾਲਤ ਕਰ ਸਕਦੀ ਹੈ ਭਗੌੜੇ ਕਰਾਰ
ਸੁਲਤਾਨਪੁਰ ਲੋਧੀ ਦੀ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ’ਚ ਮੁਅੱਤਲ ਐੱਸ. ਐੱਚ. ਓ. ਨਵਦੀਪ ਸਿੰਘ, ਨਾਮਜ਼ਦ ਮਹਿਲਾ ਕਾਂਸਟੇਬਲ ਜਸਜੀਤ ਕੌਰ ਤੇ ਮੁਨਸ਼ੀ ਬਲਵਿੰਦਰ ਕੁਮਾਰ ਜੇਕਰ ਗ੍ਰਿਫਤਾਰ ਨਹੀਂ ਹੁੰਦੇ ਤਾਂ ਅਦਾਲਤ ਇਨ੍ਹਾਂ ਨੂੰ ਭਗੌੜੇ ਕਰਾਰ ਕਰ ਸਕਦੀ ਹੈ।
ਇਨਸਾਫ ਮਿਲਣ ਤਕ ਜਾਰੀ ਰਹੇਗਾ ਸੰਘਰਸ਼ : ਪਰਿਵਾਰਕ ਮੈਂਬਰ
ਮੁੱਖ ਮੰਤਰੀ ਭਗਵੰਤ ਮਾਨ ਤੇ ਡੀ. ਜੀ. ਪੀ. ਪੰਜਾਬ ਨੂੰ ਮਾਮਲੇ ’ਚ ਖੁਦ ਦਖਲ ਦੇਣ ਦੀ ਕੀਤੀ ਮੰਗ
ਮਾਨਵਜੀਤ ਸਿੰਘ ਢਿੱਲੋਂ ਤੇ ਜਸ਼ਨਬੀਰ ਸਿੰਘ ਢਿੱਲੋਂ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਿੰਨਾ ਚਿਰ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਓਨਾ ਚਿਰ ਉਹ ਸ਼ਾਂਤ ਨਹੀਂ ਬੈਠਣਗੇ। ਉਨ੍ਹਾਂ ਪੁਲਸ ਦੀ ਕਾਰਵਾਈ ’ਤੇ ਕਈ ਸਵਾਲੀਆ ਨਿਸ਼ਾਨ ਚੁੱਕੇ ਹਨ ਉਨ੍ਹਾਂ ਕਿਹਾ ਕਿ ਇੰਨੇ ਦਿਨ ਬੀਤ ਚੁੱਕੇ ਹਨ ਪਰ ਮੁਲਜ਼ਮਾਂ ਨੂੰ ਪੁਲਸ ਗ੍ਰਿਫਤਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਦਾ ਹੋਕਾ ਦੇ ਕੇ ਸੱਤਾ ਦੇ ਵਿਚ ਆਈ ‘ਆਪ’ ਸਰਕਾਰ ਦੇ ਰਾਜ ਵਿਚ ਹੁਣ ਆਮ ਲੋਕਾਂ ਦੀ ਥਾਣਿਆਂ ’ਚ ਕੋਈ ਸੁਣਵਾਲੀ ਨਹੀਂ ਹੋ ਰਹੀ, ਸਗੋੋੋਂ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨਸਫ ਮਿਲਣ ਤੱਕ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਪੀੜਤ ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੂੰ ਅਪੀਲ ਕੀਤੀ ਹੈ ਕਿ ਉਹ ਖੁਦ ਮਾਮਲੇ ’ਚ ਦਖਲ ਦੇਣ ਤਾਂ ਜੋ ਆਮ ਲੋਕਾਂ ਦਾ ਪੰਜਾਬ ਪੁਲਸ ’ਤੇ ਭਰੋਸਾ ਬਣਿਆ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਸੰਬੰਧੀ ਪੁਲਸ ਨੂੰ ਸਖਤ ਹਦਾਇਤਾਂ ਦਿੱਤੀਆਂ ਜਾਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।