ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ : ਲੌਂਗੋਵਾਲ

12/04/2019 7:38:36 PM

ਸੁਲਤਾਨਪੁਰ ਲੋਧੀ,(ਸੋਢੀ): ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਥੇ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਲੋੜਵੰਦਾਂ ਦੀ ਸਹੂਲਤ ਲਈ ਬੇਬੇ ਨਾਨਕੀ ਕਲੀਨੀਕਲ ਲੈਬ ਤੇ ਡਾਇਗਨੋਸਟਿਕ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਜਿਸ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਅਰਦਾਸ ਕੀਤੀ। ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਇਸ ਲੈਬਾਰਟਰੀ 'ਚ ਬਹੁਤ ਘੱਟ ਰੇਟਾਂ 'ਤੇ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਲੈਬਾਰਟਰੀ ਦਾ ਪ੍ਰਬੰਧ ਸਮਾਜ ਸੇਵੀ ਡਾ. ਐੱਸ. ਪੀ. ਐੱਸ. ਓਬਰਾਏ ਦੀ ਅਗਵਾਈ 'ਚ ਮਨੁੱਖਤਾ ਦੇ ਭਲੇ ਲਈ ਕਾਰਜਸ਼ੀਲ 'ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ' ਵੱਲੋਂ ਕੀਤਾ ਗਿਆ ਹੈ। ਇਸ ਕਾਰਜ ਲਈ ਜਗ੍ਹਾ ਸ਼੍ਰੋਮਣੀ ਕਮੇਟੀ ਨੇ ਦਿੱਤੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਸਬੰਧੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਮਸਲਿਆਂ ਦੀ ਪੈਰਵਾਈ ਲਈ ਵਚਨਬੱਧ ਹੈ ਤੇ ਇਸ 'ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੰਦੀ ਰਹੇਗੀ। ਇਸ ਸਮੇਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਐੱਸ. ਪੀ. ਐੱਸ. ਓਬਰਾਏ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਆਰੰਭ ਕੀਤੀ ਗਈ ਇਹ ਲੈਬ ਲੋੜਵੰਦਾਂ ਲਈ ਵਰਦਾਨ ਸਾਬਤ ਹੋਵੇਗੀ। ਉਪਰੰਤ ਭਾਈ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਓਬਰਾਏ ਤੇ ਲੈਬ ਦੇ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਭਾਈ ਲੌਂਗੋਵਾਲ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਤੇ ਇਸੇ ਤਹਿਤ ਸਥਾਪਤ ਕੀਤੀ ਗਈ ਲੈਬਾਰਟਰੀ ਤੋਂ ਲੋੜਵੰਦਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਕਿ ਇਸ ਲੈਬਾਰਟਰੀ 'ਚ ਐਕਸ-ਰੇ ਤੇ ਅਲਟਰਾਸਾਊਂਡ ਦੀ ਸਹੂਲਤ ਲਈ ਵੀ ਸ਼੍ਰੋਮਣੀ ਕਮੇਟੀ ਹੋਰ ਜਗ੍ਹਾ ਦਾ ਪ੍ਰਬੰਧ ਕਰ ਕੇ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਸੰਗਤਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਓਬਰਾਏ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਬਿਆਨਬਾਜ਼ੀ ਸਮੇਂ ਖਿਆਲ ਰੱਖਣਾ ਚਾਹੀਦਾ ਹੈ ਕਿ ਉਸ ਦਾ ਲਾਂਘੇ 'ਤੇ ਕਿਸੇ ਕਿਸਮ ਦਾ ਅਸਰ ਨਾ ਪਵੇ।


Related News