ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ ''ਚ : ਆਸ਼ੂ

10/09/2019 1:19:36 PM

ਹੁਸ਼ਿਆਰਪੁਰ (ਘੁੰਮਣ)— ਝੋਨਾ ਮਿੱਲ ਮਾਲਕਾਂ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਨੂੰ ਸਿਆਸਤ ਤੋਂ ਪ੍ਰੇਰਿਤ ਪਾਖੰਡ ਦੱਸਦਿਆਂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਕੁਝ ਲੋਕ ਆਪਣੇ ਨਿੱਜੀ ਮੁਫਾਦਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਦੀ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ ਅਤੇ ਸੂਬੇ ਵਿਚ ਸੁਚਾਰੂ ਢੰਗ ਨਾਲ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਵਿਚ ਵਿਘਨ ਪਾਉਣ ਦਾ ਯਤਨ ਕਰ ਰਹੇ ਹਨ।

ਆਸ਼ੂ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੀ ਬੌਖਲਾਹਟ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੂੰ ਸਾਲ 2017 'ਚ ਸੱਤਾ ਸੰਭਾਲਣ ਵਾਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਸੂਬੇ 'ਚ ਨਿਰਵਿਘਨ ਅਤੇ ਸੁਚਾਰੂ ਰੂਪ ਵਿਚ ਕੀਤੀ ਜਾ ਰਹੀ ਝੋਨੇ ਦੀ ਮਿਸਾਲੀ ਖ਼ਰੀਦ ਹਜ਼ਮ ਨਹੀਂ ਹੋ ਰਹੀ ਅਤੇ ਉਹ ਲੋਕ ਝੋਨੇ ਦੀ ਖ਼ਰੀਦ ਪ੍ਰਕਿਰਿਆ 'ਚ ਸ਼ਾਮਲ ਵੱਖ-ਵੱਖ ਭਾਈਵਾਲਾਂ ਨੂੰ ਭੜਕਾ ਕੇ ਖਰੀਦ ਪ੍ਰਕਿਰਿਆ ਵਿਚ ਅੜਿੱਕਾ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਸੂਬੇ 'ਚ ਝੋਨੇ ਦੀ ਨਿਰਵਿਘਨ ਖਰੀਦ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਸਹੀ ਮਿੱਲ ਮਾਲਕਾਂ ਦੇ ਪੱਖ 'ਚ ਹੈ। 10 ਅਕਤੂਬਰ ਜਾਂ ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਅਲਾਟਮੈਂਟ ਲਈ ਅਪਲਾਈ ਕਰਨ ਵਾਲੇ ਸਾਰੇ ਮਿੱਲ ਮਾਲਕਾਂ ਨੂੰ ਪਹਿਲ ਦੇ ਆਧਾਰ 'ਤੇ ਅਲਾਟਮੈਂਟ ਕੀਤੀ ਜਾਵੇਗੀ ਅਤੇ ਇਨ੍ਹਾਂ ਸਾਰੇ ਮਿੱਲਰਾਂ ਨੂੰ ਅਲਾਟਮੈਂਟ 'ਚ ਵਾਧਾ ਦਿੱਤਾ ਜਾਵੇਗਾ।

shivani attri

This news is Content Editor shivani attri