28 ਸਤੰਬਰ ਨੂੰ ਕਪੂਰਥਲਾ ਪਹੁੰਚੇਗੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ
Tuesday, Sep 22, 2026 - 08:26 PM (IST)
ਕਪੂਰਥਲਾ (ਮਹਾਜਨ)- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਨਸ਼ਾ ਮੁਕਤ ਪੰਜਾਬ ਯਾਤਰਾ 28 ਸਤੰਬਰ ਨੂੰ ਕਪੂਰਥਲਾ ਸ਼ਹਿਰ ਵਿਖੇ ਪਹੁੰਚੇਗੀ,ਜਿੱਥੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸਾਬਕਾ ਜ਼ਿਲਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਯਾਤਰਾ ਦੀਆਂ ਤਿਆਰੀਆਂ ਸਬੰਧੀ ਆਯੋਜਿਤ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹਲਕਾ ਕਪੂਰਥਲਾ ਚ ਯਾਤਰਾ ਦੇ ਸਵਾਗਤ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਸਵਾਗਤ ਦੀ ਅਗਵਾਈ ਭਾਜਪਾ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਕਰਨਗੇ,ਜਿਸ ਚ ਪਾਰਟੀ ਦੇ ਅਹੁਦੇਦਾਰ,ਮੰਡਲ ਆਗੂ,ਮਹਿਲਾ ਤੇ ਯੂਥ ਵਰਕਰ ਵੱਡੀ ਗਿਣਤੀ ਚ ਸ਼ਾਮਲ ਹੋਣਗੇ।
ਖੋਜੇਵਾਲ ਨੇ ਕਿਹਾ ਕਿ ਨਸ਼ਾ ਪੂਰੇ ਸਮਾਜ ਨਾਲ ਜੁੜਿਆ ਇਕ ਗੰਭੀਰ ਮੁੱਦਾ ਹੈ। ਇਸ ਲਈ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸਮਾਜਿਕ, ਧਾਰਮਿਕ,ਵਪਾਰਕ ਅਤੇ ਵੱਖ-ਵੱਖ ਜਥੇਬੰਦੀਆਂ ਨੂੰ ਵੀ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ,ਨੌਜਵਾਨਾਂ ਅਤੇ ਵਰਕਰਾਂ ਨੂੰ 28 ਸਤੰਬਰ ਨੂੰ ਇਸ ਯਾਤਰਾ ਦੇ ਸਵਾਗਤ ਲਈ ਵੱਧ ਤੋਂ ਵੱਧ ਗਿਣਤੀ ਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਚ ਭਾਜਪਾ ਪਾਰਟੀ ਦਾ ਸਾਥ ਦੇਣ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਇਕੱਠੇ ਹੋ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਭਾਜਪਾ ਪਾਰਟੀ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ, ਸਿੱਖਿਆ ਅਤੇ ਸਿਹਤ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕੇਗੀ।
ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਿਰਫ ਕਾਗਜ਼ੀ ਦਾਅਵਿਆਂ ਤੱਕ ਸੀਮਤ ਨਾ ਰੱਖਿਆ ਜਾਵੇ,ਸਗੋਂ ਜ਼ਮੀਨੀ ਪੱਧਰ ਤੇ ਸਖਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਖਿਲਾਫ ਸਖਤ ਕਾਰਵਾਈ,ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਛੁਡਾਊ ਕੇਂਦਰਾਂ ਦੀ ਮਜ਼ਬੂਤੀ ਹੀ ਇਸ ਸਮੱਸਿਆ ਦਾ ਪੱਕਾ ਹੱਲ ਹੋ ਸਕਦਾ ਹੈ।ਜੇਕਰ ਸਰਕਾਰ ਜਲਦੀ ਪ੍ਰਭਾਵੀ ਕਦਮ ਨਹੀਂ ਚੁੱਕੇ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਬਰਬਾਦ ਹੋ ਜਾਵੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਕਪੂਰ ਚੰਦ ਥਾਪਰ, ਦਫਤਰ ਸਕੱਤਰ ਦਵਿੰਦਰ ਧੀਰ,ਮੰਡਲ ਪ੍ਰਧਾਨ ਕਮਲ ਪ੍ਰਭਾਕਰ,ਮੰਡਲ ਪ੍ਰਧਾਨ ਲੱਕੀ ਸਰਪੰਚ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਮੰਡਲ ਜਰਨਲ ਸਕੱਤਰ ਮੱਸਾ ਸਿੰਘ,ਮਨਰਾਜ ਸਿੰਘ ਦਿਓਲ ਆਦਿ ਹਾਜ਼ਰ ਸਨ।
